ਹਰਕ੍ਰਿਸ਼ਨ ਸ਼ਰਮਾ, ਬਠਿੰਡਾ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਉਲੀਕੇ ਸੰਘਰਸ਼ਾਂ ਤਹਿਤ ਅੱਜ ਜ਼ੋਨ ਬਠਿੰਡਾ ਦੇ ਠੇਕਾ ਮੁਲਾਜ਼ਮਾਂ ਵੱਲੋਂ ਰੋਜ਼ ਗਾਰਡਨ ਤੋਂ ਚੱਲ ਕੇ ਸ਼ਹਿਰ ਵਿਚ ਕਾਲੀਆਂ ਝੰਡੀਆਂ ਨਾਲ ਕਾਲੇ ਚੋਲੇ ਪਾ ਕੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਵਿੱਤ ਮੰਤਰੀ ਮਨਪ੍ਰਰੀਤ ਸਿੰਘ ਬਾਦਲ ਦੇ ਨਵੇਂ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਧਰਨੇ ਦੌਰਾਨ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ, ਜਗਸੀਰ ਸਿੰਘ ਭੰਗੂ, ਖੁਸ਼ਦੀਪ ਸਿੰਘ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਇਕ ਲੱਗ ਨੌਕਰੀਆਂ ਦੇਣ ਦੀਆਂ ਗੱਲਾਂ ਕਰ ਰਹੀ ਹੈ, ਉਥੇ ਹੀ ਦੂਜੇ ਪਾਸੇ ਸਮੂਹ ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਤਹਿਤ ਸਮੂਹ ਵਿਭਾਗਾਂ ਵਿਚੋਂ ਅਸਾਮੀਆਂ ਦਾ ਵੱਡੀ ਪੱਧਰ 'ਤੇ ਖ਼ਾਤਮਾ ਕੀਤਾ ਜਾ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਲੰਘੇ ਚਾਰ ਸਾਲਾਂ ਵਿਚ ਕਿਸੇ ਵੀ ਅਦਾਰੇ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ, ਸਗੋਂ ਸਰਕਾਰ ਸਮੂਹ ਅਦਾਰਿਆਂ ਵਿਚੋਂ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਵਾਲੇ ਪਾਸੇ ਤੁਰੀ ਹੋਈ ਹੈ। ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਵੈਲਫ਼ੇਅਰ ਐਕਟ 2016 ਨੂੰ ਲਾਗੂ ਕਰਨ ਤੋਂ ਟਾਲਾ ਵੱਟਣ ਦੇ ਨਾਲ ਨਾਲ ਐਕਟ ਨੂੰ ਤੋੜਕੇ ਐਕਟ ਵਿਚ ਸ਼ਾਮਲ ਕੈਟਾਗਿਰੀਆਂ, ਆਊਟਸੋਰਸਿੰਗ, ਠੇਕਾ ਪ੍ਰਣਾਲੀ ਤੇ ਇਨਲਿਸਟਮੈਂਟ ਆਦਿ ਨੂੰ ਐਕਟ ਵਿਚੋਂ ਬਾਹਰ ਕਰਕੇ ਨਵਾਂ “ਵੈੱਲਫੇਅਰ ਐਕਟ 2020'' ਲਿਆਉਣ ਵਾਲੇ ਪਾਸੇ ਤੁਰੀ ਹੋਈ ਹੈ, ਜਦੋਂ ਕਿ ਸਰਕਾਰੀ ਥਰਮਲ ਪਲਾਂਟਾਂ, ਜਲ ਸਪਲਾਈ ਤੇ ਸੈਨੀਟੇਸ਼ਨ, ਪਾਵਰਕਾਮ ਜ਼ੋਨ ਬਠਿੰਡਾ, ਪਾਵਰਕਾਮ ਅਤੇ ਟ੍ਾਂਸਕੋ, ਪਨਬਸ ਰੋਡਵੇਜ਼, ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ, ਮਗਨਰੇਗਾ, ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸਨ ਵਰਕਰਜ਼ ਵੈੱਲਫੇਅਰ ਬੋਰਡ, 108 ਐਂਬੂਲੈਂਸ, ਪੀਐੱਚਐੱਸਸੀ ਤੇ ਸਿੱਖਿਆ ਵਿਭਾਗ ਆਦਿ ਵਿਭਾਗਾਂ ਵਿੱਚ ਆਊਟ ਸੋਰਸਿੰਗ ਅਤੇ ਠੇਕਾ ਪ੍ਰਣਾਲੀ ਤਹਿਤ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ ਅਤੇ ਆਪਣੇ-ਆਪਣੇ ਵਿਭਾਗਾਂ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਪਰ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਪ੍ਰਤੀ ਬੇਰੁਖ਼ੀ ਵਾਲਾ ਵਤੀਰਾ ਅਪਣਾਇਆ ਜਾ ਰਿਹਾ ਹੈ।

ਸੂਬਾਈ ਆਗੂਆਂ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵੈੱਲਫੇਅਰ ਐਕਟ 2016 ਅਧੀਨ ਲਿਆਕੇ ਰੈਗੂਲਰ ਕੀਤਾ ਜਾਵੇ ਅਤੇ ਐਕਟ ਤੋਂ ਬਾਹਰ ਰੱਖੀਆਂ ਕੈਟਾਗਿਰੀਆਂ ਨੂੰ ਐਕਟ ਵਿੱਚ ਸ਼ਾਮਿਲ ਕੀਤਾ ਜਾਵੇ, ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਰੱਦ ਕੀਤੀਆਂ ਜਾਣ ਅਤੇ ਛਾਂਟੀ ਕੀਤੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ, ਨਵੇਂ ਕਿਰਤ ਕਾਨੂੰਨਾਂ ਨੂੰ ਰੱਦ ਕਰਕੇ ਲੇਬਰ ਵੇਜ਼ ਕੋਡ 1948 ਲਾਗੂ ਕੀਤਾ ਜਾਵੇ। ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕਰਨ ਕੀਤੀ ਜਾਵੇ ਤੇ ਸਮੂਹ ਵਿਭਾਗਾਂ ਦਾ ਸਰਕਾਰੀਕਰਨ ਕੀਤਾ ਜਾਵੇ, ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਰੱਦ ਕੀਤਾ ਜਾਵੇ ਤੇ ਕਮੇਟੀ ਭੰਗ ਕੀਤੀ ਜਾਵੇ, ਮੋਰਚੇ ਦੇ ਸੂਬਾਈ ਆਗੂਆਂ ਨੇ ਆਪਣੀਆਂ ਇਨ੍ਹਾਂ ਮੰਗਾਂ ਨੂੰ ਲੈ ਕੇ ਕੀਤੇ ਜਾਣ ਵਾਲੇ ਅਗਲੇ ਸੰਘਰਸ਼ਾਂ ਬਾਰੇ ਕਿਹਾ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਮੋਰਚੇ ਦੇ ਬੈਨਰ ਹੇਠ ਸਮੂਹ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿਚ ਝੰਡਾ ਮਾਰਚ ਕੀਤਾ ਜਾਵੇਗਾ। ਸਬ-ਕਮੇਟੀ ਕੈਬਨਿਟ ਮੰਤਰੀਆਂ ਅਤੇ ਮੁੱਖ ਮੰਤਰੀ (ਪੰਜਾਬ) ਨੂੰ ਫੀਲਡ ਵਿੱਚ ਆਉਣ ਤੇ ਕਾਲੀਆਂ ਝੰਡੀਆਂ ਵਿਖਾਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 26 ਨਵੰਬਰ ਨੂੰ ਦੇਸ਼ ਵਿਆਪੀ ਹੜਤਾਲ ਮੌਕੇ ਠੇਕਾ ਮੁਲਾਜ਼ਮਾਂ ਵੱਲੋਂ ਜਨਤਕ ਜਥੇਬੰਦੀਆਂ ਨਾਲ ਸਾਂਝੇ ਤੌਰ 'ਤੇ ਡੀ.ਸੀ.ਦਫ਼ਤਰ ਬਠਿੰਡਾ ਸਾਹਮਣੇ ਰੈਲੀ ਅਤੇ ਮੁਜ਼ਾਹਰਾ ਕੀਤਾ ਜਾਵੇਗਾ। ਇਸ ਸਮੇਂ ਟੀ.ਐੱਸ.ਯੂ.ਤੋਂ ਰੰਗ ਸਿੰਘ ਅਤੇ ਰੇਸ਼ਮ ਸਿੰਘ, ਸੀ.ਐੱਚ.ਬੀ.ਤੋਂ ਹਰਜਿੰਦਰ ਬਰਾੜ, ਕਿ੍ਸ਼ਨ ਕੁਮਾਰ, ਰਾਮ ਲਾਲ, ਬਲਜਿੰਦਰ ਕੋਟਸਮੀਰ, ਜਗਜੀਤ ਬਰਾੜ, ਲਵਪ੍ਰਰੀਤ ਬੇਗਾ, ਬਲਵਿੰਦਰ ਕੋਟੜਾ, ਭਗਤ ਸਿੰਘ ਭੱਟੀ, ਯਾਦਵਿੰਦਰ ਮਹਿਰਾਜ਼ ਆਦਿ ਆਗੂ ਹਾਜ਼ਰ ਸ਼ਨ।