ਦੀਪਕ ਸ਼ਰਮਾ, ਬਠਿੰਡਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿਲਾਂ ਦੇ ਵਿਰੋਧ ਵਿਚ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਸੰਘਰਸ਼ ਦੀ ਹਮਾਇਤ ਕਰਦਿਆਂ ਹੋਇਆਂ ਪੀਸੀਐੱਮਐੱਸ ਐਸੋਸੀਏਸਨ ਜ਼ਿਲ੍ਹਾ ਬਠਿੰਡਾ ਦੀ ਇਕਾਈ ਨੇ ਕਿਸਾਨਾਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦਾ ਸਮਰਥਨ ਕੀਤਾ ਹੈ। ਇਸ ਮੌਕੇ ਸਰਕਾਰੀ ਹਸਪਤਾਲ ਬਠਿੰਡਾ 'ਚ ਡਾਕਟਰਾਂ ਅਤੇ ਸਿਹਤ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਾ ਕੇ ਰੋਸ ਮੁਜ਼ਾਹਰਾ ਕੀਤਾ ਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਐਲਾਨ ਕੀਤਾ ਕਿ ਸ਼ੁੱਕਰਵਾਰ ਨੂੰ ਪੰਜਾਬ ਬੰਦ ਦੀ ਹਮਾਇਤ ਕਰਦਿਆਂ ਹੋਇਆਂ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਖੇਤੀ ਬਿੱਲਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ ਸੰਘਰਸ਼ ਵਿਚ ਡਾਕਟਰਾਂ ਦੀ ਜਥੇਬੰਦੀ ਵੀ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਦੇ ਮੈਦਾਨ ਵਿਚ ਉਤਰ ਗਈ। ਉਨ੍ਹਾਂ ਕਿਹਾ ਸਰਮਾਏਦਾਰੀ ਅਤੇ ਸਾਮਰਾਜੀ ਤਾਕਤਾਂ ਨੇ ਕੋਝੀ ਚਾਲ ਚੱਲਦਿਆਂ ਹੋਇਆਂ ਪੰਜਾਬੀਆਂ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ, ਜਿਸ ਦਾ ਅਸੀਂ ਡਟ ਕੇ ਵਿਰੋਧ ਕਰਦੇ ਹਾਂ। ਉਨ੍ਹਾਂ ਐਲਾਨ ਕੀਤਾ ਕਿ ਆਪਣੇ ਹੱਕਾਂ ਦੀ ਬਹਾਲੀ ਤੱਕ ਇਹ ਲੜਾਈ ਜਾਰੀ ਰਹੇਗੀ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਡਾ. ਗੁਰਮੇਲ ਸਿੰਘ ਤੋਂ ਇਲਾਵਾ ਡਾ. ਅਰੁਣ ਬਾਂਸਲ, ਡਾ. ਖੁਸਦੀਪ ਸਿੰਘ, ਡਾ. ਧੀਰਜ ਗੋਇਲ, ਡਾ. ਬਰਾਜੇਸਵਰ ਚਾਵਲਾ, ਡਾ. ਹਰਮੀਤ ਸਿੰਘ ਅਤੇ ਐਮਰਜੈਂਸੀ ਵਿਭਾਗ ਦਾ ਸਟਾਫ ਹਾਜ਼ਰ ਸਨ।