ਹਰਕ੍ਰਿਸ਼ਨ ਸ਼ਰਮਾ, ਬਠਿੰਡਾ : 6ਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਸਟੇਟ ਮਨਿਸਟ੍ਰੀਅਲ ਯੂਨੀਅਨ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਾ ਕਰਨ ਦੇ ਰੋਸ 'ਚ ਮੰਗਲਵਾਰ ਨੂੰ ਪ੍ਰਬੰਧਕੀ ਕੰਪਲੈਕਸ ਸਾਹਮਣੇ ਗੇਟ ਰੈਲੀ ਕੀਤੀ ਗਈ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ। ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੇਵਲ ਬਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਤੋਂ ਇਨਕਾਰ ਕਰ ਰਹੀ ਹੈ। ਕਈ ਵਾਰ ਯੂਨੀਅਨ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੇ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਮਾਧਿਅਮ ਨਾਲ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ, ਪਰ ਅਜੇ ਤਕ ਮੰਗਾਂ 'ਤੇ ਧਿਆਨ ਨਹੀਂ ਦਿੱਤਾ ਗਿਆ। ਇਸ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਉਹ ਆਉਣ ਵਾਲੇ ਸਮੇਂ 'ਚ ਸੰਘਰਸ਼ ਦੀ ਤਿਆਰੀ ਕਰਨਗੇ। ਦੂਜੇ ਪਾਸੇ ਪੰਜਾਬ ਪ੍ਰਧਾਨ ਮੇਘ ਸਿੰਘ ਸਿੱਧੂ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਹਰ ਵਾਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੰਦੀ ਹੈ, ਪਰ ਅਜੇ ਤਕ ਕਿਸੇ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।