ਪੀਆਰਟੀਸੀ ਦਾ ਕੰਡਕਟਰ ਰਿਸ਼ਵਤ ਲੈਂਦਾ ਰੰਗੇ ਹੱਥੀ ਗ੍ਰਿਫ਼ਤਾਰ, ਵਿਜੀਲੈਂਸ ਵੱਲੋਂ ਟ੍ਰੈਪ ਲਗਾ ਕੇ ਕੀਤਾ ਕਾਬੂ
ਬਠਿੰਡਾ ਦੇ ਪੀਆਰਟੀਸੀ ਡਿਪੂ ਵਿੱਚ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਇਕ ਕੰਡਕਟਰ ਨੂੰ ਰੰਗੇ ਹੱਥ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ, ਜਿਹੜਾ ਡਿਪੂ ਵਿੱਚ ਠੇਕਾ ਅਧਾਰ ‘ਤੇ ਕੰਮ ਕਰ ਰਿਹਾ ਸੀ
Publish Date: Tue, 07 Apr 2026 06:47 PM (IST)
Updated Date: Tue, 07 Apr 2026 06:51 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਬਠਿੰਡਾ ਦੇ ਪੀਆਰਟੀਸੀ ਡਿਪੂ ਵਿੱਚ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਇਕ ਕੰਡਕਟਰ ਨੂੰ ਰੰਗੇ ਹੱਥ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ, ਜਿਹੜਾ ਡਿਪੂ ਵਿੱਚ ਠੇਕਾ ਅਧਾਰ ‘ਤੇ ਕੰਮ ਕਰ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ, ਪੀਆਰਟੀਸੀ ਦੇ ਡਰਾਈਵਰ ਸੁਖਰਾਜ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਡਿਪੂ ਦੇ ਕੁਝ ਕਰਮਚਾਰੀ ਉਨ੍ਹਾਂ ਨੂੰ ਤੰਗ ਕਰਦੇ ਹਨ ਅਤੇ ਮਨਪਸੰਦ ਰੂਟ ਦੇਣ ਦੇ ਬਦਲੇ ਪੈਸਿਆਂ ਦੀ ਮੰਗ ਕਰਦੇ ਹਨ। ਦੋਸ਼ ਲਗਾਇਆ ਗਿਆ ਕਿ ਕੰਡਕਟਰ ਨਰਿੰਦਰ ਸਿੰਘ ਨੇ ਉਨ੍ਹਾਂ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ।
ਸ਼ਿਕਾਇਤ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ ਯੋਜਨਾ ਬਣਾ ਕੇ ਟ੍ਰੈਪ ਲਗਾਇਆ। ਜਿਵੇਂ ਹੀ ਦੋਸ਼ੀ ਕੰਡਕਟਰ ਨੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਟੀਮ ਨੇ ਉਸ ਨੂੰ ਮੌਕੇ ‘ਤੇ ਹੀ ਰੰਗੇ ਹੱਥ ਕਾਬੂ ਕਰ ਲਿਆ। ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਵਿੱਚ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਅਧਿਕਾਰੀਆਂ ਦੇ ਮੁਤਾਬਕ ਜਾਂਚ ਦੌਰਾਨ ਇਸ ਮਾਮਲੇ ਵਿੱਚ ਹੋਰ ਕੁਝ ਕਰਮਚਾਰੀਆਂ ਦੇ ਨਾਮ ਵੀ ਸਾਹਮਣੇ ਆਏ ਹਨ। ਅਧਿਕਾਰੀਆਂ ਨੇ ਕਿਹਾ ਹੈ ਕਿ ਸਬੰਧਤ ਕਰਮਚਾਰੀਆਂ ਖ਼ਿਲਾਫ਼ ਜਾਂਚ ਜਾਰੀ ਹੈ ਅਤੇ ਪੱਕੇ ਸਬੂਤ ਮਿਲਣ ‘ਤੇ ਉਨ੍ਹਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰਕੇ ਕੇਸ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਕਾਰਵਾਈ ਤੋਂ ਬਾਅਦ ਡਿਪੂ ਵਿੱਚ ਹੜਕੰਪ ਮਚ ਗਿਆ ਹੈ ਅਤੇ ਕਰਮਚਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।