ਇਨਸਾਫ਼ ਦਿਵਾਉਣ ਲਈ ਜਨਤਕ ਜਥੇਬੰਦੀ ਨੇ ਵਿਧਾਇਕ ਗਿੱਲ ਦੇ ਘਰ ਅੱਗੇ ਲਾਇਆ ਧਰਨਾ ਇਨਸਾਫ਼ ਦਿਵਾਉਣ ਲਈ ਜਨਤਕ ਜਥੇਬੰਦੀ ਨੇ ਵਿਧਾਇਕ ਗਿੱਲ ਦੇ ਘਰ ਅੱਗੇ ਲਾਇਆ ਧਰਨਾ
Publish Date: Mon, 19 Oct 2026 04:14 PM (IST)
Updated Date: Mon, 19 Oct 2026 04:15 PM (IST)
ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦਾ ਮਾਮਲਾ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਵਾਰਿਸ ਪੰਜਾਬ ਜਥੇਬੰਦੀ ਵੱਲੋਂ ਬਠਿੰਡਾ ਵਿਖੇ ਵਿਸ਼ਾਲ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਐਕਸ਼ਨ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਨੂੰ ਲਾਗੂ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਬਠਿੰਡਾ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਅੱਗੇ ਧਰਨਾ ਲਾਇਆ। ਇਸ ਦੌਰਾਨ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਜਨਤਕ ਜਥੇਬੰਦੀਆਂ ਵੱਲੋਂ ਸਰਕਾਰ ਦੇ ਨਾਂ ਲਾਹਨਤੀ ਪੱਤਰ ਵੀ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਬੇਹੱਦ ਗੰਭੀਰ ਅਤੇ ਚਿੰਤਾਜਨਕ ਹੈ। ਆਗੂਆਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ ਅਤੇ ਹੱਤਿਆ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵਿਰੁੱਧ ਪਹਿਲਾਂ ਮਾਮਲੇ ਦਰਜ ਹੋਣ ਦੇ ਬਾਵਜੂਦ ਉਸ ਨੂੰ ਰਿਵਾਲਵਰ ਦਾ ਲਾਇਸੈਂਸ ਜਾਰੀ ਕੀਤਾ ਗਿਆ। ਉਨ੍ਹਾਂ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਹਥਿਆਰਾਂ ਦੇ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀ ਆਗੂਆਂ ਨੇ ਪੰਜਾਬ ਸਰਕਾਰ ’ਤੇ ਨਸ਼ਿਆਂ ਦੇ ਮੁੱਦੇ ’ਤੇ ਨਾਕਾਮ ਰਹਿਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ, ਪਰਿਵਾਰ ਨੂੰ ਦੋ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਵਿੰਦਰ ਸਿੰਘ ਝੋਟੇ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਤੋਂ ਅਸਤੀਫ਼ਿਆਂ ਦੀ ਮੰਗ ਵੀ ਕੀਤੀ।