ਪੰਜਾਬ ਸਰਕਾਰ ਅਮਨ-ਕਾਨੂੰਨ ਤੇ ਨਸ਼ਿਆਂ ’ਤੇ ਕਾਬੂ ਪਾਉਣ ’ਚ ਪੂਰੀ ਤਰ੍ਹਾਂ ਫੇਲ੍ਹ: ਅਵਤਾਰ ਸਿੰਘ ਮਾਨ ਪੰਜਾਬ ਸਰਕਾਰ ਅਮਨ-ਕਾਨੂੰਨ ਅਤੇ ਨਸ਼ਿਆਂ ’ਤੇ ਕਾਬੂ ਪਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ: ਅਵਤਾਰ ਸਿੰਘ ਮਾਨ
Publish Date: Mon, 23 Nov 2026 03:58 PM (IST)
Updated Date: Mon, 23 Nov 2026 04:01 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਸੂਬੇ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਵਿਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋ ਰਹੀ ਹੈ। ਸੂਬੇ ਵਿਚ ਹਰ ਰੋਜ਼ ਨਸ਼ਿਆਂ ਕਾਰਨ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ, ਜਦਕਿ ਦੂਜੇ ਪਾਸੇ ਕਤਲ, ਲੁੱਟ-ਖੋਹ ਅਤੇ ਫਿਰੌਤੀਆਂ ਮੰਗਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਅਜਿਹੇ ਹਾਲਾਤ ਵਿਚ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਅਵਤਾਰ ਸਿੰਘ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਦਿਨੋਂ-ਦਿਨ ਚਿੰਤਾਜਨਕ ਬਣਦੇ ਜਾ ਰਹੇ ਹਨ। ਨਸ਼ਿਆਂ ਦਾ ਕਹਿਰ ਪੰਜਾਬ ਦੀ ਜਵਾਨੀ ਨੂੰ ਬੁਰੀ ਤਰ੍ਹਾਂ ਆਪਣੀ ਲਪੇਟ ਵਿਚ ਲੈ ਰਿਹਾ ਹੈ। ਮਾਪਿਆਂ ਦੇ ਸਾਹਮਣੇ ਉਨ੍ਹਾਂ ਦੇ ਜਵਾਨ ਪੁੱਤਰ ਨਸ਼ਿਆਂ ਕਾਰਨ ਆਪਣੀਆਂ ਜ਼ਿੰਦਗੀਆਂ ਗੁਆ ਰਹੇ ਹਨ, ਪਰ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਕੋਈ ਠੋਸ ਸਫ਼ਲਤਾ ਹਾਸਲ ਨਹੀਂ ਕਰ ਸਕੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਿਆਂ ਤੇ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ। ਪੰਜਾਬ ਸੜ ਰਿਹਾ ਹੈ, ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਤੇ ਲੋਕ ਡਰ ਦੇ ਮਾਹੌਲ ਵਿਚ ਜੀਅ ਰਹੇ ਹਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਖੁਸ਼ਹਾਲੀ ਰੈਲੀਆਂ ਕਰਨ ਵਿੱਚ ਰੁੱਝੀ ਹੋਈ ਹੈ।