ਪੰਜਾਬ ਸਰਕਾਰ ਡੰਡੇ ਦੇ ਜ਼ੋਰ ’ਤੇ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਅਵਤਾਰ ਮਾਨ ਪੰਜਾਬ ਸਰਕਾਰ ਡੰਡੇ ਦੇ ਜ਼ੋਰ ’ਤੇ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਅਵਤਾਰ ਮਾਨ
Publish Date: Mon, 07 Sep 2026 04:27 PM (IST)
Updated Date: Mon, 07 Sep 2026 04:28 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਮੁੱਖ ਸੇਵਾਦਾਰ ਅਵਤਾਰ ਸਿੰਘ ਮਾਨ ਨੇ ਨੌਜਵਾਨ ਮੋਹਨਜੀਤ ਸਿੰਘ ’ਤੇ ਕਥਿਤ ਪੁਲਿਸ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀਆਂ ਕਥਿਤ ਗਲਤ ਨੀਤੀਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਨਾਲ ਤਸ਼ੱਦਦ ਕਰਕੇ ਉਸ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਮਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਹਰੇਕ ਨਾਗਰਿਕ ਨੂੰ ਆਪਣੀ ਗੱਲ ਰੱਖਣ ਅਤੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕਰਨ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਜਾਂ ਆਮ ਨਾਗਰਿਕ ਸਰਕਾਰ ਦੇ ਕਿਸੇ ਫੈਸਲੇ ਜਾਂ ਨੀਤੀ ਨਾਲ ਸਹਿਮਤ ਨਹੀਂ ਹੈ ਤਾਂ ਉਹ ਆਪਣਾ ਵਿਰੋਧ ਦਰਜ ਕਰਵਾ ਸਕਦਾ ਹੈ, ਪਰ ਉਸ ਦੀ ਆਵਾਜ਼ ਨੂੰ ਕਥਿਤ ਤੌਰ ’ਤੇ ਤਾਕਤ ਦੇ ਜ਼ੋਰ ’ਤੇ ਦਬਾਉਣਾ ਲੋਕਤੰਤਰ ਦੀਆਂ ਮੂਲ ਭਾਵਨਾਵਾਂ ਦੇ ਉਲਟ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੋਹਨਜੀਤ ਸਿੰਘ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕਰ ਰਿਹਾ ਸੀ। ਇਸ ਦੌਰਾਨ ਉਸ ਨਾਲ ਕਥਿਤ ਤੌਰ ’ਤੇ ਤਸ਼ੱਦਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਜਾਂ ਪੁਲਿਸ ਪ੍ਰਸ਼ਾਸਨ ਨੂੰ ਕਾਨੂੰਨ ਤੋਂ ਉੱਪਰ ਹੋ ਕੇ ਕਾਰਵਾਈ ਕਰਨ ਦਾ ਅਧਿਕਾਰ ਨਹੀਂ ਹੈ। ਜੇਕਰ ਕਿਸੇ ਵਿਅਕਤੀ ਵੱਲੋਂ ਕਾਨੂੰਨ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਪ੍ਰਕਿਰਿਆ ਤਹਿਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੇ ਸਰਕਾਰ ਨੂੰ ਆਪਣੇ ਹੱਕਾਂ ਦੀ ਰਾਖੀ ਅਤੇ ਇਨਸਾਫ਼ ਲਈ ਚੁਣਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਫਰਜ਼ ਹੈ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣੇ ਅਤੇ ਵਿਰੋਧ ਕਰਨ ਵਾਲਿਆਂ ਨਾਲ ਸੰਵਾਦ ਰਾਹੀਂ ਮਸਲੇ ਹੱਲ ਕਰੇ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਤਾਕਤ ਦੀ ਵਰਤੋਂ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਨਾ ਸਿਰਫ਼ ਲੋਕਤੰਤਰ ਦਾ ਘਾਣ ਹੈ, ਸਗੋਂ ਬੋਲਣ ਦੀ ਆਜ਼ਾਦੀ ’ਤੇ ਵੀ ਹਮਲਾ ਹੈ। ਅਵਤਾਰ ਸਿੰਘ ਮਾਨ ਨੇ ਮੰਗ ਕੀਤੀ ਕਿ ਕਥਿਤ ਤਸ਼ੱਦਦ ਦੀ ਨਿਰਪੱਖ ਜਾਂਚ ਕਰਵਾ ਕੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇ।