1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫਰੰਟ ਨੇ ਫੂਕਿਆ ਸਰਕਾਰ ਦਾ ਪੁਤਲਾ
1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫਰੰਟ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ
Publish Date: Wed, 11 Mar 2026 05:25 PM (IST)
Updated Date: Thu, 12 Mar 2026 04:04 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫਰੰਟ ਦੇ ਸੱਦੇ ‘ਤੇ ਅੱਜ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਤੇ ਬਾਬਾ ਸ਼੍ਰੀ ਚੰਦ ਸਰਕਾਰੀ ਕਾਲਜ ਸਰਦਾਰਗੜ੍ਹ ਦੇ ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਵੱਲੋਂ ਡੀਸੀ ਦਫ਼ਤਰ ਅੱਗੇ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਪੁਤਲਾ ਫੂਕਿਆ। ਮੁਜ਼ਾਹਰਾਕਾਰੀਆਂ ਨੇ ਕਾਲਜ ਗੇਟ ਤੋਂ ਮਾਰਚ ਦੀ ਸ਼ੁਰੂਆਤ ਕੀਤੀ, ਜੋ ਬੱਸ ਅੱਡੇ ਰਾਹੀਂ ਹੁੰਦਾ ਹੋਇਆ ਡੀਸੀ ਦਫ਼ਤਰ ਚੌਕ ਤਕ ਪਹੁੰਚਿਆ, ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਗਟਾਇਆ। ਪ੍ਰੋ. ਰਾਜਵੀਰ ਕੌਰ ਨੇ ਕਿਹਾ ਕਿ ਬੀਤੇ ਸ਼ਨਿੱਚਰਵਾਰ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਗਲਤ ਵਿਆਖਿਆ ਕਰਦਿਆਂ 1158 ਅਸਾਮੀਆਂ ’ਤੇ ਨਵੀਂ ਭਰਤੀ ਕਰਨ ਦਾ ਬਿਆਨ ਦਿੱਤਾ ਹੈ। ਪਾਰਦਰਸ਼ੀ ਢੰਗ ਨਾਲ ਭਰਤੀ ਹੋਏ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੇ ਸਥਾਈ ਰੁਜ਼ਗਾਰ ਦੀ ਸੁਰੱਖਿਆ ਲਈ ਸਰਕਾਰ ਨੇ ਨਾ ਤਾਂ ਇਮਾਨਦਾਰੀ ਨਾਲ ਰੀਵਿਊ ਪਟੀਸ਼ਨ ਦਾਇਰ ਕੀਤੀ ਤੇ ਨਾ ਹੀ ਕੋਈ ਢੁੱਕਵਾਂ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਸੀ ਕਿ ਭਰਤੀ ਨੂੰ ਬਚਾਉਣ ਲਈ ਯਤਨ ਨਾ ਕਰਨਾ ਸਰਕਾਰ ਦੀ ਨੀਅਤ ’ਤੇ ਸਵਾਲ ਖੜ੍ਹੇ ਕਰਦਾ ਹੈ। ਪ੍ਰੋ. ਜਗਮੀਤ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਨੌਕਰੀ ਨੂੰ ਸੰਕੇਤਕ ਤੌਰ ’ਤੇ 17 ਫਰਵਰੀ 2026 ਤਕ ਸੀਮਤ ਕਰਨ ਤੇ ਪ੍ਰਸੂਤਾ ਛੁੱਟੀਆਂ ਸਮੇਤ ਹੱਕਾਂ ’ਤੇ ਪਾਬੰਦੀ ਲਾਉਣ ਨਾਲ ਸਰਕਾਰ ਦਾ ਲੋਕ ਵਿਰੋਧੀ ਰਵੱਈਆ ਸਾਹਮਣੇ ਆ ਚੁੱਕਾ ਹੈ। ਪ੍ਰੋ. ਦੀਪਕ ਅਜ਼ੀਜ਼ ਨੇ ਕਿਹਾ ਕਿ 1158 ਭਰਤੀ ਉਨ੍ਹਾਂ ਲਈ ਜ਼ਿੰਦਗੀ ਤੇ ਰੁਜ਼ਗਾਰ ਦਾ ਸਵਾਲ ਬਣ ਚੁੱਕੀ ਹੈ। ਜੇਕਰ ਸਰਕਾਰ ਵੱਲੋਂ ਸਥਾਈ ਰੁਜ਼ਗਾਰ ਨੂੰ ਬਚਾਉਣ ਲਈ ਕੋਈ ਢੁੱਕਵੇਂ ਕਦਮ ਨਾ ਚੁੱਕੇ, ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਤੁਰੰਤ ਮੀਟਿੰਗ ਕਰਕੇ ਹੱਕਾਂ ਦੀ ਰਾਖੀ ਲਈ ਕਾਰਵਾਈ ਨਹੀਂ ਕਰਦੀ ਤਾਂ 15 ਮਾਰਚ 2026 ਨੂੰ ਗੰਭੀਰਪੁਰ ਵਿਖੇ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਦੌਰਾਨ ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਤੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੇ ਵਿਦਿਆਰਥੀ ਕਾਰਕੁਨ ਵੀ ਸ਼ਾਮਲ ਰਹੇ।