ਖੇਤ ਮਜ਼ਦੂਰ ਯੂਨੀਅਨ ਵੱਲੋਂ 12 ਫਰਵਰੀ ਨੂੰ ਹੜਤਾਲ ਦਾ ਐਲਾਨ
ਖੇਤ ਮਜ਼ਦੂਰ ਯੂਨੀਅਨ ਵੱਲੋਂ 12 ਫਰਵਰੀ ਹੜਤਾਲ ਦਾ ਐਲਾਨ
Publish Date: Sun, 08 Feb 2026 04:53 PM (IST)
Updated Date: Mon, 09 Feb 2026 04:03 AM (IST)
-22 ਨੂੰ ਆਪ ਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨਿਆਂ ਲਈ ਕੀਤੀ ਵਿਉਂਤਬੰਦੀ
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਦੌਰਾਨ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 12 ਫਰਵਰੀ ਨੂੰ ਨਿੱਜੀਕਰਨ ਅਤੇ ਮਜ਼ਦੂਰ ਵਿਰੋਧੀ ਕਿਰਤ ਕਾਨੂੰਨਾਂ ਦੇ ਖ਼ਿਲਾਫ਼ ਦਿੱਤੀ ਜਾ ਰਹੀ ਦੇਸ਼ਵਿਆਪੀ ਹੜਤਾਲ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ ਗਿਆ। ਇਹ ਜਾਣਕਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਵੱਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਅਤੇ ਵੱਖ-ਵੱਖ ਮਜ਼ਦੂਰ, ਠੇਕਾ ਕਾਮਿਆਂ, ਨੌਜਵਾਨ ਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ 22 ਫਰਵਰੀ ਨੂੰ ਬਿਜਲੀ ਸੋਧ ਬਿੱਲ 2025, ਮਨਰੇਗਾ ਦੀ ਥਾਂ ਲਿਆਂਦੇ ਮਜ਼ਦੂਰ ਵਿਰੋਧੀ ਜੀ ਰਾਮ ਜੀ ਕਾਨੂੰਨ, ਨਿੱਜੀਕਰਨ ਅਤੇ ਪੰਚਾਇਤੀਕਰਨ ਦੀਆਂ ਨੀਤੀਆਂ, ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਅਤੇ ਜਨਤਕ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ ਦੇ ਫੈਸਲਿਆਂ ਖ਼ਿਲਾਫ਼ ਆਪ ਅਤੇ ਬੀਜੇਪੀ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਪ੍ਰਮੁੱਖ ਆਗੂਆਂ ਦੇ ਘਰਾਂ ਅੱਗੇ ਲਗਣ ਵਾਲੇ ਸਾਂਝੇ ਧਰਨਿਆਂ ਦੀ ਸਫਲਤਾ ਲਈ ਵਿਸਥਾਰਪੂਰਕ ਵਿਉਂਤਬੰਦੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਇਨ੍ਹਾਂ ਧਰਨਿਆਂ ਵਿਚ ਖੇਤ ਮਜ਼ਦੂਰਾਂ ਦੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਲਈ ਪਿੰਡ-ਪਿੰਡ ਮੀਟਿੰਗਾਂ, ਰੈਲੀਆਂ ਕਰਨ ਦੇ ਨਾਲ ਨਾਲ 13 ਤੋਂ 20 ਫਰਵਰੀ ਤੱਕ ਸਥਾਨਕ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਵੀ ਕੀਤੇ ਜਾਣਗੇ। ਮੀਟਿੰਗ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਲਹਿਰਾ ਸੌਂਧਾ ਵਿਖੇ ਇੱਕ ਨੌਜਵਾਨ ਮਜ਼ਦੂਰ ਦੀ ਉੱਚ ਜਾਤੀ ਹੰਕਾਰ ਨਾਲ ਗਰੱਸੇ ਅਨਸਰਾਂ ਵੱਲੋਂ ਕੁੱਟ-ਕੁੱਟ ਕੇ ਕੀਤੀ ਹੱਤਿਆ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਤੇ ਪੀੜਤ ਪਰਿਵਾਰ ਨੂੰ ਐਸਸੀ/ਐਸਟੀ ਐਕਟ ਤਹਿਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ।
ਇਸ ਤੋਂ ਇਲਾਵਾ ਇੱਕ ਵਿਸ਼ੇਸ਼ ਮਤੇ ਰਾਹੀਂ ਭਗਵੰਤ ਮਾਨ ਸਰਕਾਰ ਦੇ ਹੁਕਮਾਂ ‘ਤੇ ਪੁਲਿਸ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਦਰਸ਼ਨ ਨੂੰ ਸਾਬੋਤਾਜ ਕਰਨ ਲਈ ਕੀਤੇ ਗਏ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਦਾਗਣ, ਸੈਂਕੜੇ ਕਿਸਾਨਾਂ ਦੀ ਗ੍ਰਿਫ਼ਤਾਰੀ, ਕੇਸ ਦਰਜ ਕਰਨ ਅਤੇ ਸੜਕਾਂ ‘ਤੇ ਰੋਕਾਂ ਲਗਾਉਣ ਦੀ ਸਖ਼ਤ ਨਿੰਦਾ ਕਰਦਿਆਂ ਇਸ ਕਾਰਵਾਈ ਨੂੰ ਗੈਰ-ਜਮਹੂਰੀ ਕਰਾਰ ਦਿੱਤਾ ਗਿਆ। ਮੀਟਿੰਗ ਵਿਚ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੋਂ ਇਲਾਵਾ ਸੂਬਾ ਕਮੇਟੀ ਮੈਂਬਰ ਮੇਜ਼ਰ ਸਿੰਘ ਕਾਲੇਕੇ, ਗੁਰਪਾਲ ਸਿੰਘ ਨੰਗਲ ਅਤੇ ਹਰਭਗਵਾਨ ਸਿੰਘ ਮੂਣਕ ਵੀ ਹਾਜ਼ਰ ਸਨ।