ਵਿਧਾਇਕ ਸਿੱਧੂ ਵੱਲੋਂ 4 ਕਰੋੜ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ
ਮਹਿਰਾਜ ਵਿਚ 4 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
Publish Date: Wed, 18 Feb 2026 06:04 PM (IST)
Updated Date: Thu, 19 Feb 2026 04:06 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਹਲਕਾ ਰਾਮਪੁਰਾ ਫੂਲ ਵਿਚ ਵਿਕਾਸ ਦੀ ਲਹਿਰ ਨੂੰ ਹੋਰ ਤੇਜ਼ ਕਰਦਿਆਂ ਵਿਧਾਇਕ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਨਗਰ ਪੰਚਾਇਤ ਮਹਿਰਾਜ ਵਿਖੇ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸਥਾਨਕ ਅਧਿਕਾਰੀ, ਨਗਰ ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ। ਵਿਧਾਇਕ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਕਾਰ ਵੱਲੋਂ ਸ਼ਹਿਰਾਂ ਅਤੇ ਕਸਬਿਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਪਹਿਲੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਨਗਰ ਦੀਆਂ ਮੁੱਖ ਅਤੇ ਅੰਦਰੂਨੀ ਸੜਕਾਂ ਦੀ ਮੁਰੰਮਤ ਤੇ ਨਵੀਨੀਕਰਨ, ਗਲੀਆਂ ਵਿੱਚ ਇੰਟਰਲਾਕਿੰਗ ਟਾਇਲਾਂ ਦੀ ਵਿਛਾਈ, ਨਿਕਾਸੀ ਪ੍ਰਣਾਲੀ ਵਿੱਚ ਸੁਧਾਰ, ਸਫਾਈ ਪ੍ਰਬੰਧ ਨੂੰ ਆਧੁਨਿਕ ਬਣਾਉਣਾ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹੋਰ ਜਨਹਿਤ ਸਹੂਲਤਾਂ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ ਤਾਂ ਜੋ ਨਗਰ ਵਾਸੀਆਂ ਨੂੰ ਰੋਜ਼ਾਨਾ ਦੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਨਗਰ ਦੀ ਸੁੰਦਰਤਾ ਵਿੱਚ ਵਾਧਾ ਕਰਨਗੇ ਬਿਹਤਰ ਸੜਕਾਂ ਅਤੇ ਸਹੂਲਤਾਂ ਨਾਲ ਵਪਾਰ ਅਤੇ ਆਵਾਜਾਈ ਨੂੰ ਵੀ ਲਾਭ ਹੋਵੇਗਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਨਿਰਧਾਰਿਤ ਸਮੇਂ ਅੰਦਰ ਪ੍ਰੋਜੈਕਟ ਪੂਰੇ ਕੀਤੇ ਜਾਣਗੇ। ਇਲਾਕਾ ਵਾਸੀਆਂ ਨੇ ਇਸ ਮੌਕੇ ਖੁਸ਼ੀ ਜਤਾਉਂਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਬਕਾਇਆ ਰਹੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਨਾਲ ਨਗਰ ਨੂੰ ਨਵਾਂ ਰੂਪ ਮਿਲੇਗਾ। ਲੋਕਾਂ ਨੇ ਉਮੀਦ ਜਤਾਈ ਕਿ ਇਹ ਉਪਰਾਲੇ ਮਹਿਰਾਜ ਦੇ ਸਮੁੱਚੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਣਗੇ।