- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
6 ਮਾਰਚ ਨੂੰ ਡੀਸੀ ਦਫ਼ਤਰ ਅੱਗੇ ਕਿਸਾਨਾਂ ਦਾ ਵੱਡਾ ਇਕੱਠ ਕਰਨ ਦਾ ਐਲਾਨ

-ਦੋ ਵਾਰ ਪੁਲਿਸ ਨੇ ਸਖਤੀ ਨਾਲ ਘਿਰਾਓ ਕਰ ਕੇ ਕੀਤਾ ਸੀ ਫੇਲ੍ਹ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਜ਼ਿਲ੍ਹਾ ਬਠਿੰਡਾ ਵਿੱਚ 6 ਮਾਰਚ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਵੱਡਾ ਇਕੱਠ ਕਰਨ ਦਾ ਐਲਾਨ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ ਹੈ। ਆਗੂਆਂ ਦਾ ਕਹਿਣਾ ਹੈ ਕਿ ਇਹ ਇਕੱਠ ਲੋਕਤਾਂਤ੍ਰਿਕ ਹੱਕਾਂ ਦੀ ਰੱਖਿਆ ਅਤੇ ਪੁਲਿਸ ਕਾਰਵਾਈਆਂ ਦੇ ਵਿਰੋਧ ਵਜੋਂ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਜ਼ਬਰਦਸਤੀ ਦੀ ਨੀਤੀ ਅਪਣਾਈ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਯੂਨੀਅਨ ਵੱਲੋਂ ਦੋ ਵਾਰ ਡੀਸੀ ਦਫ਼ਤਰ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਸੀ, ਪਰ ਪੁਲਿਸ ਨੇ ਵੱਡੇ ਪੱਧਰ ‘ਤੇ ਨਾਕਾਬੰਦੀ ਕਰਕੇ ਅਤੇ ਕਿਸਾਨਾਂ ਨੂੰ ਰਸਤੇ ਵਿੱਚ ਹੀ ਰੋਕ ਕੇ ਉਹ ਪ੍ਰੋਗਰਾਮ ਫੇਲ ਕਰ ਦਿੱਤੇ ਸਨ।
ਆਗੂਆਂ ਨੇ ਦੋਸ਼ ਲਗਾਇਆ ਕਿ ਪਿੰਡ ਜਿਉਂਦ ਵਿੱਚ ਪੁਲਿਸ ਵੱਲੋਂ ਕਿਸਾਨਾਂ ‘ਤੇ ਹੰਝੂ ਗੈਸ ਦੇ ਗੋਲੇ ਦਾਗੇ ਗਏ ਅਤੇ ਲਾਠੀਚਾਰਜ ਕੀਤਾ ਗਿਆ। ਇਸ ਕਾਰਵਾਈ ਦੌਰਾਨ ਇੱਕ ਕਿਸਾਨ ਦੀਆਂ ਲੱਤਾਂ ਤੋੜੇ ਜਾਣ ਦੀ ਘਟਨਾ ਵੀ ਸਾਹਮਣੇ ਆਈ, ਜਿਸ ਨਾਲ ਕਿਸਾਨਾਂ ਵਿੱਚ ਭਾਰੀ ਰੋਸ ਪੈਦਾ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਆਗੂਆਂ ਨੇ ਸਖ਼ਤ ਨਿੰਦਾ ਕੀਤੀ ਹੈ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਬਠਿੰਡਾ ਦੀ ਐਸਐਸਪੀ ਜਯੋਤੀ ਯਾਦਵ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਵਿੱਚ ਹਿੰਮਤ ਹੈ ਤਾਂ 6 ਮਾਰਚ ਦੇ ਸ਼ਾਂਤਮਈ ਇਕੱਠ ਨੂੰ ਰੋਕ ਕੇ ਵੇਖੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣਾ ਸੰਵਿਧਾਨਕ ਹੱਕ ਵਰਤ ਰਹੇ ਹਨ ਅਤੇ ਉਨ੍ਹਾਂ ਨੂੰ ਰੋਕਣਾ ਲੋਕਤੰਤਰ ਦੀ ਆਤਮਾ ਦੇ ਖ਼ਿਲਾਫ਼ ਹੈ। ਉਨ੍ਹਾਂ ਦੱਸਿਆ ਕਿ 6 ਮਾਰਚ ਨੂੰ ਹੋਣ ਵਾਲੇ ਇਕੱਠ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰ, ਮੁਲਾਜ਼ਮ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਿਰਕਤ ਕਰਨਗੇ। ਇਕੱਠ ਦੌਰਾਨ ਪੁਲਿਸ ਕਾਰਵਾਈਆਂ, ਗ੍ਰਿਫ਼ਤਾਰੀਆਂ ਅਤੇ ਕਿਸਾਨਾਂ ‘ਤੇ ਦਰਜ ਕੀਤੇ ਮਾਮਲਿਆਂ ਖ਼ਿਲਾਫ਼ ਰੋਸ ਪ੍ਰਗਟ ਕੀਤਾ ਜਾਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਵੀ ਉਹ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦੇ ਹਨ, ਉਨ੍ਹਾਂ ਨੂੰ ਰੋਕਣ ਲਈ ਜ਼ਬਰਦਸਤੀ ਦੇ ਹਥਕੰਡੇ ਵਰਤੇ ਜਾਂਦੇ ਹਨ।
ਉਨ੍ਹਾਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਸੰਵਾਦ ਦੀ ਬਜਾਏ ਦਬਾਅ ਦੀ ਨੀਤੀ ਅਪਣਾ ਰਿਹਾ ਹੈ, ਜੋ ਕਤਈ ਕਬੂਲਯੋਗ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ 6 ਮਾਰਚ ਦੇ ਇਕੱਠ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸਦਾ ਜ਼ਿੰਮੇਵਾਰ ਪ੍ਰਸ਼ਾਸਨ ਹੋਵੇਗਾ। ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਉਹ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨਗੇ ਅਤੇ ਕਿਸੇ ਵੀ ਤਰ੍ਹਾਂ ਦੀ ਉਕਸਾਵੇਬਾਜ਼ੀ ਤੋਂ ਦੂਰ ਰਹਿਣਗੇ, ਪਰ ਜੇ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਅੰਤ ਵਿੱਚ ਆਗੂਆਂ ਨੇ ਸਮੂਹ ਕਿਸਾਨਾਂ ਅਤੇ ਹਮਦਰਦ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ 6 ਮਾਰਚ ਨੂੰ ਵੱਡੀ ਗਿਣਤੀ ਵਿੱਚ ਬਠਿੰਡਾ ਪਹੁੰਚ ਕੇ ਇਕੱਠ ਨੂੰ ਕਾਮਯਾਬ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ, ਸਗੋਂ ਹਰ ਉਸ ਵਰਗ ਦੀ ਹੈ ਜੋ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦਾ ਹੈ।