‘ਆਪ’ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਪੁਤਲਾ ਫੂਕਿਆ
ਆਮ ਆਦਮੀ ਪਾਰਟੀ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਪੁਤਲਾ ਸਾੜਿਆ
Publish Date: Fri, 13 Feb 2026 04:46 PM (IST)
Updated Date: Sat, 14 Feb 2026 04:03 AM (IST)

-‘ਆਪ’ ਆਗੂਆਂ ਤੇ ਵਲੰਟੀਅਰਾਂ ਵੱਲੋਂ ਰੋਸ ਮੁਜ਼ਾਹਰਾ, ਭਲਾ ਨੇ ਕਿਹਾ ਕਿ ਪ੍ਰਤਾਪ ਬਾਜਵਾ ਤੁਰੰਤ ਮਾਫ਼ੀ ਮੰਗਣ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ. ਬਠਿੰਡਾ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਖ਼ਿਲਾਫ ਵਰਤੀ ਗਈ ਮਾੜੀ ਸ਼ਬਦਾਵਲੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਤਿੱਖ਼ਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਆਪ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਲੰਟੀਅਰਾਂ ਅਤੇ ਸਮਰਥਕਾਂ ਨੇ ਹਿੱਸਾ ਲਿਆ। ਪ੍ਰਦਰਸ਼ਨ ਦੌਰਾਨ ਕਾਰਕੁਨਾਂ ਨੇ ਕਾਂਗਰਸ ਪਾਰਟੀ ਅਤੇ ਪ੍ਰਤਾਪ ਸਿੰਘ ਬਾਜਵਾ ਦਾ ਪੁਤਲਾ ਫੂਕਦਿਆਂ ਉਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੰਤਰੀ ਹਰਭਜਨ ਸਿੰਘ ਈਟੀਓ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਵਲੰਟੀਅਰਾਂ ਨੇ ਕਿਹਾ ਕਿ ਰਾਜਨੀਤਕ ਅਸਹਿਮਤੀ ਆਪਣੀ ਜਗ੍ਹਾ ਹੈ, ਪਰ ਕਿਸੇ ਵੀ ਜਨਤਕ ਪਦਵੀ ’ਤੇ ਬੈਠੇ ਵਿਅਕਤੀ ਲਈ ਅਪਮਾਨਜਨਕ ਭਾਸ਼ਾ ਵਰਤਣਾ ਲੋਕਤੰਤਰਕ ਮਰਿਆਦਾਵਾਂ ਦੇ ਖ਼ਿਲਾਫ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਵਰਤੀ ਜਾ ਰਹੀ ਭਾਸ਼ਾ ਉਸਦੀ ਸੋਚ ਅਤੇ ਮਨੋਵਿਰਤੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਗਰੀਬ, ਮਜ਼ਦੂਰ ਅਤੇ ਮਿਹਨਤਕਸ਼ ਵਰਗ ਨਾਲ ਸਬੰਧਤ ਮੰਤਰੀ ਬਾਰੇ ਇਸ ਤਰ੍ਹਾਂ ਦੀ ਟਿੱਪਣੀ ਕਰਨਾ ਦਰਅਸਲ ਉਨ੍ਹਾਂ ਵਰਗਾਂ ਦਾ ਮਜ਼ਾਕ ਉਡਾਉਣ ਦੇ ਬਰਾਬਰ ਹੈ। ਭੱਲਾ ਨੇ ਦੋਸ਼ ਲਗਾਇਆ ਕਿ ਕਾਂਗਰਸ ਪਾਰਟੀ ਹਮੇਸ਼ਾਂ ਤੋਂ ਆਮ ਲੋਕਾਂ ਦੇ ਮੁੱਦਿਆਂ ਤੋਂ ਕੱਟੀ ਰਹੀ ਹੈ ਅਤੇ ਅਜਿਹੀਆਂ ਟਿੱਪਣੀਆਂ ਉਸਦੀ ਘਟੀਆ ਰਾਜਨੀਤੀ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਹੀ ਸਮਾਜ ਦੇ ਹਰੇਕ ਵਰਗ ਨੂੰ ਸਨਮਾਨ ਦੇਣ ਦੀ ਵਕਾਲਤ ਕਰਦੀ ਹੈ ਅਤੇ ਕਿਸੇ ਵੀ ਨੇਤਾ ਜਾਂ ਵਰਕਰ ਵਿਰੁੱਧ ਅਪਮਾਨਜਨਕ ਭਾਸ਼ਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭੱਲਾ ਨੇ ਮੰਗ ਕੀਤੀ ਕਿ ਪ੍ਰਤਾਪ ਸਿੰਘ ਬਾਜਵਾ ਆਪਣੇ ਬਿਆਨ ਲਈ ਜਨਤਕ ਤੌਰ ‘ਤੇ ਮਾਫ਼ੀ ਮੰਗਣ ਤਾਂ ਜੋ ਰਾਜਨੀਤਕ ਮਾਹੌਲ ਵਿੱਚ ਸਿਹਤਮੰਦ ਚਰਚਾ ਦੀ ਪਰੰਪਰਾ ਕਾਇਮ ਰਹੇ। ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ਼ ਅਤੇ ਸ਼ੂਗਰਫੈਡ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਵਿਕਾਸ, ਰੋਜ਼ਗਾਰ ਅਤੇ ਸੁਵਿਧਾਵਾਂ ਬਾਰੇ ਗੱਲ ਸੁਣਨਾ ਚਾਹੁੰਦੀ ਹੈ, ਨਾ ਕਿ ਨਿੱਜੀ ਟਿੱਪਣੀਆਂ ਅਤੇ ਦੂਸ਼ਣਾਂ ਵਾਲੀ ਰਾਜਨੀਤੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਅੰਦਰੂਨੀ ਸੰਕਟਾਂ ਨੂੰ ਲੁਕਾਉਣ ਲਈ ਬੇਬੁਨਿਆਦ ਬਿਆਨਬਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਅਜਿਹਾ ਬਿਆਨ ਦੇ ਕੇ ਮਿਹਨਤਕਸ਼ ਲੋਕਾਂ ਦਾ ਮਜ਼ਾਕ ਉਡਾਇਆ ਹੈ। ਜੰਗਲਾਤ ਕਾਰਪੋਰੇਸ਼ਨ ਦੇ ਚੇਅਰਮੈਨ ਰਾਕੇਸ਼ ਪੁਰੀ ਨੇ ਕਿਹਾ ਕਿ ਪ੍ਰਤਾਪ ਬਾਜਵਾਂ ਨੂੰ ਤਰੁੰਤ ਇਸ ਅਵੱਗਿਆ ਦੀ ਮਾਫ਼ੀ ਮੰਗ ਲੈਣੀ ਚਾਹੀਦੀ ਹੈ। ਇਸ ਪ੍ਰਦਰਸ਼ਨ ਵਿਚ ਚੇਅਰਮੈਨ ਰਾਜਨ ਅਮਰਦੀਪ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਬਲਜੀਤ ਸਿੰਘ ਬੱਲੀ, ਮਨਜੀਤ ਸਿੰਘ ਲਹਿਰਾ ਸਮੇਤ ਵੱਡੀ ਗਿਣਤੀ ਆਗੂ ਤੇ ਵਲੰਟੀਅਰ ਹਾਜ਼ਰ ਸਨ।