ਆਜ਼ਾਦ ਕਿਸਾਨ ਮੋਰਚਾ ਵੱਲੋਂ ਨਾਇਬ ਤਹਿਸੀਲਦਾਰ ਰਾਹੀਂ ਰਾਸ਼ਟਰਪਤੀ ਨੂੰ ਮੰਗ-ਪੱਤਰ
ਆਜ਼ਾਦ ਕਿਸਾਨ ਮੋਰਚਾ ਪੰਜਾਬ ਵੱਲੋਂ ਧਰਨਾ, ਨਾਇਬ ਤਹਿਸੀਲਦਾਰ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ
Publish Date: Sat, 11 Apr 2026 05:02 PM (IST)
Updated Date: Sun, 12 Apr 2026 04:03 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਆਜ਼ਾਦ ਕਿਸਾਨ ਮੋਰਚਾ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਵੱਲੋਂ ਨਾਇਬ ਤਹਿਸੀਲਦਾਰ ਨੂੰ ਪੰਜਾਬ ਦੇ ਖੇਤੀਬਾੜੀ ਮੰਤਰੀ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਿਆ। ਮੰਗ ਪੱਤਰ ’ਚ ਕਿਸਾਨਾਂ ਦੀ ਮੌਜੂਦਾ ਦੁਰਵਿਵਸਥਾ ਬਾਰੇ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਪੰਜਾਬ ਦਾ ਕਿਸਾਨ ਫਸਲਾਂ ਦੇ ਵਾਜਬ ਭਾਅ ਨਾ ਮਿਲਣ ਤੇ ਕੁਦਰਤੀ ਆਫ਼ਤਾਂ ਕਾਰਨ ਭਾਰੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਪਿਛਲੇ ਸਾਲ ਹੜ੍ਹਾਂ ਕਾਰਨ ਝੋਨੇ ਦੀ ਫ਼ਸਲ ਬਰਬਾਦ ਹੋ ਗਈ ਸੀ, ਜਦਕਿ ਇਸ ਵਾਰ ਭਾਰੀ ਮੀਂਹ ਤੇ ਗੜੇਮਾਰੀ ਨਾਲ ਤਕਰੀਬਨ ਡੇਢ ਲੱਖ ਏਕੜ ਕਣਕ ਤੇ ਸਬਜ਼ੀਆਂ ਨੂੰ ਨੁਕਸਾਨ ਪਹੁੰਚਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਲਗਾਤਾਰ ਕੁਦਰਤੀ ਮਾਰ ਕਾਰਨ ਕਿਸਾਨ ਕਰਜ਼ੇ ਹੇਠ ਦੱਬਦੇ ਜਾ ਰਹੇ ਹਨ, ਇਸ ਲਈ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਪੰਜਾਬ ’ਚ ਖਸ-ਖਸ ਦੀ ਖੇਤੀ ਨੂੰ ਮਨਜ਼ੂਰੀ ਦਿੱਤੀ ਜਾਵੇ ਤਾਂ ਜੋ ਖੇਤੀ ਨੂੰ ਲਾਭਕਾਰੀ ਬਣਾਇਆ ਜਾ ਸਕੇ। ਨਸ਼ਿਆਂ ’ਤੇ ਰੋਕ ਲਗਾਉਣ ਲਈ ਭੁੱਕੀ-ਅਫੀਮ ਦੇ ਲਾਇਸੈਂਸੀ ਠੇਕੇ ਖੋਲ੍ਹਣ ਦੀ ਇਜਾਜ਼ਤ ਦੇਣ, ਹੜ੍ਹ ਪੀੜਤਾਂ ਨੂੰ ਬਕਾਇਆ ਰਾਸ਼ੀ ਜਲਦ ਜਾਰੀ ਕਰਨ ਅਤੇ ਕੁਦਰਤੀ ਆਫ਼ਤਾਂ ਲਈ ਕੇਂਦਰ ਸਰਕਾਰ ਵੱਲੋਂ ਵਿਸ਼ੇਸ਼ ਪੈਕੇਜ ਦੇਣ ਦੀ ਵੀ ਮੰਗ ਕੀਤੀ। ਮੰਗ ਪੱਤਰ ’ਚ ਕਿਸਾਨਾਂ ਨੂੰ ਨਵੀਆਂ ਨਕਦੀ ਫਸਲਾਂ ਵੱਲ ਮੋੜਨ ਲਈ ਵਿਕਲਪ ਮੁਹੱਈਆ ਕਰਵਾਉਣ, ਫਸਲਾਂ ਅਤੇ ਸਬਜ਼ੀਆਂ ਦਾ 100 ਫੀਸਦੀ ਬੀਮਾ ਕਰਨ ਅਤੇ ਖੇਤੀਬਾੜੀ ਲਈ ਪਾਰਦਰਸ਼ੀ ਤੇ ਕਿਸਾਨ-ਹਿਤੈਸ਼ੀ ਨੀਤੀਆਂ ਬਣਾਉਣ ਦੀ ਗੱਲ ਵੀ ਕੀਤੀ। ਕਿਸਾਨ ਆਗੂਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ, ਸਰਕਾਰੀ ਤੇ ਪ੍ਰਾਈਵੇਟ ਬੈਂਕਾਂ ਨੂੰ ਸੈਟਲਮੈਂਟ ਸਕੀਮਾਂ ਚਲਾਉਣ ਦੇ ਹੁਕਮ ਜਾਰੀ ਕਰਨ ਦੀ ਮੰਗ ਵੀ ਕੀਤੀ। ਵਾਤਾਵਰਣ ਨਾਲ ਜੁੜੇ ਮੁੱਦਿਆਂ ’ਤੇ ਧਿਆਨ ਦਿੰਦਿਆਂ ਸਤਲੁਜ ਦਰਿਆ ਵਿੱਚ ਪੈ ਰਹੇ ਪ੍ਰਦੂਸ਼ਣ ਨੂੰ ਰੋਕਣ, ਲੁਧਿਆਣਾ ਦੇ ਬੁੱਢਾ ਨਾਲੇ ਅਤੇ ਫੈਕਟਰੀਆਂ ਵੱਲੋਂ ਛੱਡੇ ਜਾ ਰਹੇ ਗੰਦੇ ਪਾਣੀ ’ਤੇ ਸਖ਼ਤ ਕਾਰਵਾਈ ਕਰਨ ਤੇ ਟ੍ਰੀਟਮੈਂਟ ਪਲਾਂਟ ਲਗਾਉਣ ਦੀ ਮੰਗ ਵੀ ਰੱਖੀ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪ੍ਰਦੂਸ਼ਣ ਕਾਰਨ ਜਨਤਾ ਦੀ ਸਿਹਤ ਪ੍ਰਭਾਵਿਤ ਹੋ ਰਹੀ ਹੈ। ਪੰਜਾਬ ਦੀਆਂ 23 ਫਸਲਾਂ ‘ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ, ਬੰਦੀ ਸਿੰਘਾਂ ਦੀ ਰਿਹਾਈ ਤੇ ਧਾਰਮਿਕ ਗ੍ਰੰਥਾਂ ਦੇ ਸਤਿਕਾਰ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਵੀ ਕੀਤੀ। ਅੰਤ ’ਚ ਕਿਸਾਨਾਂ ਨੇ ਆਸ ਪ੍ਰਗਟਾਈ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦੇ ਹੋਏ ਜਲਦੀ ਢੁੱਕਵੇਂ ਕਦਮ ਚੁੱਕੇਗੀ।