- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੰਦੀ ਸਿੰਘਾਂ ਦੀ ਰਿਹਾਈ ਲਈ ਜ਼ਿਲ੍ਹੇ ਦੇ ਟੋਲ ਪਲਾਜ਼ੇ ਫਰੀ, ਕਿਸਾਨਾਂ ਤੇ ਪੰਥਕ ਜਥੇਬੰਦੀਆਂ ਵੱਲੋਂ ਧਰਨੇ,

-ਕਿਸਾਨਾਂ ਤੇ ਪੰਥਕ ਜਥੇਬੰਦੀਆਂ ਵੱਲੋਂ ਧਰਨਾ, ਭਾਈ ਗੁਰਦੀਪ ਸਿੰਘ ਸਣੇ 24 ਆਗੂ ਹਿਰਾਸਤ ’ਚ ਲਏ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਸਮੋਵਾਰ ਨੂੰ ਜ਼ਿਲ੍ਹਾ ਬਠਿੰਡਾ ਸਮੇਤ ਸੂਬੇ ਭਰ ਵਿੱਚ ਰੋਸ ਮੁਜ਼ਾਹਰੇ ਹੋਏ। ਇਸ ਦੌਰਾਨ ਕਿਸਾਨ ਜਥੇਬੰਦੀਆਂ ਅਤੇ ਪੰਥਕ ਸੰਗਠਨਾਂ ਵੱਲੋਂ ਜ਼ਿਲ੍ਹੇ ਦੇ ਮੁੱਖ ਟੋਲ ਪਲਾਜ਼ਿਆਂ ਨੂੰ ਫਰੀ ਕਰਵਾ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ। ਪ੍ਰਦਰਸ਼ਨਾਂ ਦੌਰਾਨ ਪੁਲਿਸ ਵੱਲੋਂ ਸਖ਼ਤੀ ਵਰਤਦਿਆਂ ਭਾਈ ਗੁਰਦੀਪ ਸਿੰਘ ਬਠਿੰਡਾ ਸਮੇਤ ਲਗਭਗ ਦੋ ਦਰਜਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ (ਡਕੌਦਾ), ਯੁਨਾਈਟਿਡ ਅਕਾਲੀ ਦਲ ਤੇ ਹੋਰ ਪੰਥਕ ਜਥੇਬੰਦੀਆਂ ਵੱਲੋਂ ਸਵੇਰੇ ਹੀ ਟੋਲ ਪਲਾਜ਼ਿਆਂ ’ਤੇ ਇਕੱਠੇ ਹੋ ਕੇ ਧਰਨੇ ਲਗਾਏ ਗਏ। ਪ੍ਰਦਰਸ਼ਨਕਾਰੀਆਂ ਨੇ ਆਵਾਜਾਈ ਨੂੰ ਬਿਨਾਂ ਕਿਸੇ ਟੋਲ ਟੈਕਸ ਦੇ ਲੰਘਣ ਦੀ ਆਗਿਆ ਦਿੰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਫਿਰ ਵੀ ਉਨ੍ਹਾਂ ਨੂੰ ਰਿਹਾਅ ਨਾ ਕਰਨਾ ਸਾਫ਼ ਤੌਰ ’ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿਰਫ਼ ਕਿਸੇ ਇੱਕ ਧਰਮ ਜਾਂ ਜਥੇਬੰਦੀ ਦਾ ਨਹੀਂ, ਸਗੋਂ ਇਨਸਾਫ਼ ਨਾਲ ਜੁੜਿਆ ਹੋਇਆ ਮੁੱਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਸਾਲਾਂ ਤੋਂ ਇਸ ਸੰਵੇਦਨਸ਼ੀਲ ਮਸਲੇ ’ਤੇ ਸਿਰਫ਼ ਰਾਜਨੀਤੀ ਕਰ ਰਹੀ ਹੈ ਪਰ ਜ਼ਮੀਨੀ ਪੱਧਰ ’ਤੇ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਪ੍ਰਦਰਸ਼ਨ ਵਧਦਾ ਦੇਖ ਕੇ ਪੁਲਿਸ ਪ੍ਰਸ਼ਾਸਨ ਨੇ ਮੌਕੇ ’ਤੇ ਪਹੁੰਚ ਕੇ ਧਰਨੇਕਾਰੀਆਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਭਾਈ ਗੁਰਦੀਪ ਸਿੰਘ ਬਠਿੰਡਾ ਸਮੇਤ ਲਗਭਗ ਦੋ ਦਰਜਨ ਕਿਸਾਨ ਅਤੇ ਪੰਥਕ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ। ਹਿਰਾਸਤ ’ਚ ਲਏ ਜਾਣ ਦੀ ਖ਼ਬਰ ਮਿਲਦੇ ਹੀ ਹੋਰ ਪ੍ਰਦਰਸ਼ਨਕਾਰੀਆਂ ਵਿੱਚ ਰੋਸ ਵਧ ਗਿਆ ਅਤੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਤੇਜ਼ ਹੋ ਗਈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸਪੱਸ਼ਟ ਫੈਸਲਾ ਨਾ ਲਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਮੋਹਾਲੀ ਵਿੱਚ ਚੱਲ ਰਿਹਾ ਮੋਰਚਾ ਲਗਾਤਾਰ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਇਸਨੂੰ ਸੂਬਾ ਪੱਧਰੀ ਰੂਪ ਦਿੱਤਾ ਜਾਵੇਗਾ। ਇੱਥੇ ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਲੰਮੇ ਸਮੇਂ ਤੋਂ ਪੰਜਾਬ ਦੀ ਰਾਜਨੀਤੀ ਅਤੇ ਸਮਾਜਕ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ। ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਭਾਈ ਗੁਰਦੀਪ ਸਿੰਘ ਬਠਿੰਡਾ ਪ੍ਰਧਾਨ ਯੂਨਾਈਟਿਡ ਅਕਾਲੀ ਦਲ ਅਤੇ ਪਾਰਟੀ ਆਗੂ ਸੀਤਾ ਰਾਮ ਦੀਪਕ, ਸੁਖਜੀਤ ਸਿੰਘ ਡਾਲਾ, ਹਾਕਮ ਸਿੰਘ ਖਾਲਸਾ, ਸੱਜਣ ਸਿੰਘ, ਰਾਜੀਵ ਸਿੰਘ, ਰਮਨਦੀਪ ਸਿੰਘ, ਚੰਦਨ ਕੁਮਾਰ, ਦੁਰਗਾ ਪ੍ਰਸ਼ਾਦ, ਗੁਰਮੇਲ ਸਿੰਘ ਤੇ ਕਈ ਹੋਰਨਾਂ ਆਗੂਆਂ ਨੂੰ ਹਿਰਾਸਤ ਲੈਕੇ ਭੁੱਚੋ ਪੁਲਿਸ ਚੌਂਕੀ ਅਤੇ ਭਾਈ ਪ੍ਰਭਦੀਪ ਸਿੰਘ ਪ੍ਰਧਾਨ ਕਿਸਾਨ ਯੂਨੀਅਨ ਫਤਿਹ ਨੂੰ ਕਈ ਸਾਥੀਆ ਸਮੇਤ ਫੂਲ ਥਾਣੇ ’ਚ ਰੱਖਿਆ ਗਿਆ।