ਬਜਟ ਤੋਂ ਪੰਜਾਬ ਵਾਸੀ ਨਿਰਾਸ਼, ਕਿਸਾਨਾਂ ਨੂੰ ਵੀ ਵਿਸਾਰਿਆ
ਕੇਂਦਰੀ ਬਜਟ 2026 ਤੋਂ ਪੰਜਾਬ ਦੇ ਲੋਕ ਨਿਰਾਸ਼, ਕਿਸਾਨਾਂ ਬਜਟ ’ਚ ਵਿਸਾਰਿਆ
Publish Date: Mon, 02 Feb 2026 06:13 PM (IST)
Updated Date: Tue, 03 Feb 2026 04:08 AM (IST)

ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ : ਕੇਂਦਰੀ ਖ਼ਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ 2026-27 ਨੂੰ ਲੈ ਕੇ ਪੰਜਾਬ ਦੇ ਕਿਸਾਨ ਵਰਗ ਵਿੱਚ ਨਾਰਾਜ਼ਗੀ ਪਾਈ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਬਲਾਕ ਮੌੜ ਦੇ ਸੀਨੀਅਰ ਕਿਸਾਨ ਆਗੂ ਗੁਰਜੀਤ ਸਿੰਘ ਢਿੱਲੋ ਨੇ ਕਿਹਾ ਕਿ ਇਹ ਬਜਟ ਵੱਡੇ ਉਦਯੋਗਪਤੀਆਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ, ਜਦਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਨੂੰ ਵੀ ਇਸ ਸਬੰਧੀ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਈ ਬਜਟ ਵਿੱਚ ਨਾ ਤਾਂ ਕੋਈ ਖਾਸ ਪੈਕੇਜ ਦਿੱਤਾ ਗਿਆ ਹੈ ਅਤੇ ਨਾ ਹੀ ਕਰਜ਼ ਮਾਫੀ, ਐਮਐਸਪੀ ਗਰੰਟੀ ਕਾਨੂੰਨ, ਬਿਜਲੀ ਸਬਸਿਡੀ ਜਾਂ ਫਸਲ ਬੀਮਾ ਯੋਜਨਾ ਬਾਰੇ ਕੋਈ ਠੋਸ ਐਲਾਨ ਕੀਤਾ ਗਿਆ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੰਜਾਬ ਨਾਲ ਹਮੇਸ਼ਾ ਵਿਤਕਰਾ ਕਰਦੀ ਆ ਰਹੀ ਹੈ, ਜਿਸ ਕਾਰਨ ਕਿਸਾਨ, ਮਜ਼ਦੂਰ ਅਤੇ ਛੋਟੇ ਵਪਾਰੀ ਇਸ ਬਜਟ ਤੋਂ ਨਿਰਾਸ਼ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਪੰਜਾਬ ਭਿਆਨਕ ਹੜ੍ਹਾਂ ਦੀ ਮਾਰ ਹੇਠ ਆ ਗਿਆ ਸੀ, ਜਿਸ ਨਾਲ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਭਾਰੀ ਨੁਕਸਾਨ ਝੱਲਣਾ ਪਿਆ। ਹਜ਼ਾਰਾਂ ਏਕੜ ਫਸਲ ਤਬਾਹ ਹੋ ਗਈ, ਘਰ-ਬਾਰ ਨੁਕਸਾਨੀਏ ਗਏ, ਪਰ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਬਾਂਹ ਫੜਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਈ ਵਾਰ ਕੇਂਦਰ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖ ਚੁੱਕੇ ਹਾਂ, ਪਰ ਅਫਸੋਸ ਦੀ ਗੱਲ ਹੈ ਕਿ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕਦੀ। ਐਮਐਸਪੀ ਗਰੰਟੀ ਕਾਨੂੰਨ ਸਬੰਧੀ ਬਜਟ ਵਿੱਚ ਸਪਸ਼ਟ ਐਲਾਨ ਨਹੀਂ ਕੀਤਾ ਗਿਆ।