- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੱਸ ਅੱਡਾ ਬਚਾਓ ਮੋਰਚਾ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ, ਦੋ ਘੰਟੇ ਬਾਜ਼ਾਰ ਬੰਦ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ : ਮੌਜੂਦਾ ਸਥਾਨ ’ਤੇ ਬੱਸ ਅੱਡਾ ਕਾਇਮ ਰੱਖਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ‘ਬੱਸ ਅੱਡਾ ਬਚਾਓ’ ਮੋਰਚਾ ਦੇ ਸੱਦੇ ’ਤੇ ਮੰਗਲਵਾਰ ਨੂੰ ਬਠਿੰਡਾ ਸ਼ਹਿਰ ਵਿਚ ਦੋ ਘੰਟੇ ਲਈ ਬਾਜ਼ਾਰ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਮੁਜ਼ਾਹਰੇ ਤੋਂ ਪਹਿਲਾਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ, ਜਿਹੜਾ ਡਾ. ਅੰਬੇਡਕਰ ਪਾਰਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਮੁੱਖ ਸੜਕਾਂ ਤੋਂ ਹੁੰਦਾ ਹੋਇਆ ਮਹਿਣਾ ਚੌਕ ਵਿਚ ਸਮਾਪਤ ਹੋਇਆ। ਇੱਥੇ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪਿਛਲੇ ਲਗਭਗ ਨੌਂ ਮਹੀਨਿਆਂ ਤੋਂ ਬੱਸ ਅੱਡੇ ਨੂੰ ਮੌਜੂਦਾ ਸਥਾਨ ’ਤੇ ਕਾਇਮ ਰੱਖਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ ਬੱਸ ਸਟੈਂਡ ਸੰਘਰਸ਼ ਕਮੇਟੀ ਵੱਲੋਂ ਪਹਿਲਾਂ ਹੀ 6 ਜਨਵਰੀ ਨੂੰ ਵੱਡੇ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ। ਇਸੇ ਕੜੀ ਤਹਿਤ ਸ਼ਹਿਰ ਦੇ ਵਪਾਰੀਆਂ, ਸਮਾਜਿਕ ਸੰਸਥਾਵਾਂ ਅਤੇ ਵੱਖ-ਵੱਖ ਯੂਨੀਅਨਾਂ ਦੇ ਸਹਿਯੋਗ ਨਾਲ ਬਾਜ਼ਾਰ ਬੰਦ ਕਰਵਾ ਕੇ ਸਰਕਾਰ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਵਪਾਰੀ, ਵਿਦਿਆਰਥੀ, ਬਜ਼ੁਰਗ, ਮਹਿਲਾਵਾਂ ਅਤੇ ਕਈ ਸੰਗਠਨਾਂ ਦੇ ਨੁਮਾਇੰਦੇ ਸ਼ਾਮਲ ਹੋਏ।
ਸੰਘਰਸ਼ ਕਮੇਟੀ ਦੇ ਆਗੂ ਬਲਤੇਜ ਵਾਂਦਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ’ਤੇ ਨਾਕਾਮ ਸਾਬਤ ਹੋ ਚੁੱਕੀ ਹੈ ਅਤੇ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਤਾਨਾਸ਼ਾਹੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਕਾਲੋਨਾਈਜ਼ਰਾਂ ਅਤੇ ਨਿੱਜੀ ਹਿੱਤਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਬੱਸ ਅੱਡਾ ਸ਼ਿਫਟ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਸੰਘਰਸ਼ ਕਮੇਟੀ ਦੇ ਮੈਂਬਰ ਹਰਵਿੰਦਰ ਹੈਪੀ ਨੇ ਕਿਹਾ ਕਿ ਸਰਕਾਰ ਦੀਆਂ ਜਨਵਿਰੋਧੀ ਨੀਤੀਆਂ ਦਾ ਖਾਮਿਆਜ਼ਾ ਉਸਨੂੰ ਹਾਲੀਆ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰਿਸ਼ਦ ਚੋਣਾਂ ਵਿੱਚ ਭੁਗਤਣਾ ਪਿਆ ਹੈ। ਜੇਕਰ ਹੁਣ ਵੀ ਸਰਕਾਰ ਨੇ ਬੱਸ ਅੱਡਾ ਸ਼ਿਫਟ ਕਰਨ ਦਾ ਫੈਸਲਾ ਵਾਪਸ ਨਾ ਲਿਆ, ਤਾਂ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।ਵਪਾਰੀ ਆਗੂਆਂ ਰਾਮ ਜਿੰਦਲ ਅਤੇ ਡੇਜ਼ੀ ਮੋਹਨ ਨੇ ਕਿਹਾ ਕਿ ਮੌਜੂਦਾ ਬੱਸ ਅੱਡਾ ਸ਼ਹਿਰ ਦੇ ਵਪਾਰ ਦੀ ਰੀੜ੍ਹ ਦੀ ਹੱਡੀ ਹੈ। ਜੇਕਰ ਇਸਨੂੰ ਇੱਥੋਂ ਹਟਾਇਆ ਗਿਆ ਤਾਂ ਸੈਂਕੜੇ ਦੁਕਾਨਦਾਰਾਂ, ਛੋਟੇ ਵਪਾਰੀਆਂ, ਰੇਹੜੀ-ਫੜੀ ਵਾਲਿਆਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਖਤਮ ਹੋ ਜਾਵੇਗੀ। ਉਨ੍ਹਾਂ ਸਾਫ਼ ਕਿਹਾ ਕਿ ਵਪਾਰੀਆਂ ਦਾ ਇਹ ਸੰਘਰਸ਼ ਆਖ਼ਰੀ ਦਮ ਤਕ ਜਾਰੀ ਰਹੇਗਾ।ਸੰਘਰਸ਼ ਕਮੇਟੀ ਦੇ ਮੀਡੀਆ ਪ੍ਰਭਾਰੀ ਸੰਦੀਪ ਅਗਰਵਾਲ ਅਤੇ ਸਟੂਡੈਂਟਸ ਯੂਨੀਅਨ ਦੀ ਪ੍ਰਧਾਨ ਪਾਇਲ ਅਰੋੜਾ ਨੇ ਕਿਹਾ ਕਿ ਸਰਕਾਰ ਨਾ ਤਾਂ ਨਵੀਆਂ ਨੌਕਰੀਆਂ ਦੇ ਰਹੀ ਹੈ ਅਤੇ ਨਾ ਹੀ ਪਹਿਲਾਂ ਤੋਂ ਚੱਲ ਰਹੇ ਰੁਜ਼ਗਾਰ ਨੂੰ ਬਚਾ ਸਕੀ ਹੈ। ਬੱਸ ਅੱਡਾ ਸ਼ਿਫਟ ਕਰਨ ਦਾ ਫੈਸਲਾ ਸਿੱਧੇ ਤੌਰ ’ਤੇ ਵਿਦਿਆਰਥੀਆਂ, ਯਾਤਰੀਆਂ ਅਤੇ ਆਮ ਲੋਕਾਂ ਲਈ ਮੁਸ਼ਕਲਾਂ ਪੈਦਾ ਕਰੇਗਾ। ਮਹਿਣਾ ਚੌਂਕ ’ਤੇ ਪੁਤਲਾ ਫੂਕਣ ਤੋਂ ਬਾਅਦ ਸੰਘਰਸ਼ ਕਮੇਟੀ ਵੱਲੋਂ ਚੇਤਾਵਨੀ ਦਿੱਤੀ ਗਈ ਕਿ ਜਦੋਂ ਤੱਕ ਸਰਕਾਰ ਮੌਜੂਦਾ ਸਥਾਨ ’ਤੇ ਬੱਸ ਅੱਡਾ ਕਾਇਮ ਰੱਖਣ ਸਬੰਧੀ ਲਿਖਤੀ ਭਰੋਸਾ ਨਹੀਂ ਦਿੰਦੀ, ਤਦ ਤਕ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਕਮੇਟੀ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਵੱਡਾ ਰੂਪ ਦਿੱਤਾ ਜਾਵੇਗਾ, ਜਿਸ ਵਿੱਚ ਸ਼ਹਿਰ ਦੇ ਹਰ ਵਰਗ ਦੀ ਭਾਗੀਦਾਰੀ ਹੋਵੇਗੀ। ਪ੍ਰਦਰਸ਼ਨ ਦੌਰਾਨ ਪੁਲਿਸ ਬਲ ਤਾਇਨਾਤ ਰਿਹਾ ਅਤੇ ਸਥਿਤੀ ਸ਼ਾਂਤਮਈ ਬਣੀ ਰਹੀ।