- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੱਸ ਅੱਡੇ ਦੀ ਖਸਤਾ ਹਾਲਤ ਨੂੰ ਲੈ ਕੇ ਕਾਂਗਰਸ ਵੱਲੋਂ ਧਰਨਾ, ਪੀਆਰਟੀਸੀ ਦੇ ਭਰੋਸੇ ਮਗਰੋਂ ਇਕ ਘੰਟੇ ਬਾਅਦ ਸਮਾਪਤ

-ਪੀਆਰਟੀਸੀ ਵੱਲੋਂ ਭਰੋਸਾ ਮਿਲਣ ’ਤੇ ਕਾਂਗਰਸੀ ਵਰਕਰਾਂ ਨੇ ਚੁੱਕਿਆ ਧਰਨਾ
ਖੁਸ਼ਦੀਪ ਸਿੰਘ ਗਿੱਲ, ਤਲਵੰਡੀ ਸਾਬੋ : ਤਲਵੰਡੀ ਸਾਬੋ ਦੇ ਬੱਸ ਅੱਡੇ ਦੀ ਖਸਤਾ ਹਾਲਤ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਅਤੇ ਬਲਾਕ ਕਾਂਗਰਸ ਤਲਵੰਡੀ ਸਾਬੋ ਦੇ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਦੀ ਅਗਵਾਈ ਹੇਠ ਅੱਜ ਬੱਸ ਅੱਡੇ ਦੇ ਮੁੱਖ ਗੇਟ ਅੱਗੇ ਧਰਨਾ ਦਿੱਤਾ ਗਿਆ। ਇਸ ਧਰਨੇ ਦਾ ਐਲਾਨ ਉਨ੍ਹਾਂ ਵੱਲੋਂ ਪਹਿਲਾਂ ਹੀ ਕਰ ਦਿੱਤਾ ਗਿਆ ਸੀ ਅਤੇ ਪ੍ਰਸ਼ਾਸਨ ਤੇ ਪੀਆਰਟੀਸੀ ਨੂੰ 10 ਜੁਲਾਈ ਨੂੰ ਧਰਨਾ ਦੇਣ ਸਬੰਧੀ ਸੂਚਿਤ ਕੀਤਾ ਗਿਆ ਸੀ।
ਧਰਨੇ ਵਿੱਚ ਕਾਂਗਰਸ ਵਰਕਰਾਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਸਮਾਜਿਕ ਜਥੇਬੰਦੀਆਂ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਸ਼ਮੂਲੀਅਤ ਕੀਤੀ। ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਇਹ ਸੰਘਰਸ਼ ਕਿਸੇ ਸਿਆਸੀ ਮਕਸਦ ਲਈ ਨਹੀਂ, ਸਗੋਂ ਤਲਵੰਡੀ ਸਾਬੋ ਦੇ ਲੋਕਾਂ ਤੇ ਪਵਿੱਤਰ ਨਗਰੀ ਦੇ ਹਿੱਤ ਲਈ ਕੀਤਾ ਗਿਆ ਹੈ। ਧਰਨੇ ਦੌਰਾਨ ਪੀਆਰਟੀਸੀ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੂੰ ਇਕ ਲਿਖਤੀ ਪੱਤਰ ਸੌਂਪਿਆ ਗਿਆ।
ਪੱਤਰ ਵਿੱਚ ਬੱਸ ਸਟੈਂਡ ਦੇ ਨਵੀਨੀਕਰਨ ਅਤੇ ਮੁਰੰਮਤ ਲਈ 2 ਕਰੋੜ 40 ਲੱਖ ਰੁਪਏ ਦੀ ਰਾਸ਼ੀ ਦਾ ਜ਼ਿਕਰ ਕਰਦਿਆਂ ਭਰੋਸਾ ਦਿੱਤਾ ਗਿਆ ਕਿ ਕੰਮ ਅਗਲੇ ਮਹੀਨੇ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਕਰ ਦਿੱਤਾ ਜਾਵੇਗਾ। ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਬੱਸ ਅੱਡੇ ਨੂੰ ਪਹਿਲਾਂ ਨਾਲੋਂ ਹੋਰ ਵਧੀਆ ਢੰਗ ਨਾਲ ਵਿਕਸਤ ਕੀਤਾ ਜਾਵੇਗਾ। ਇਸ ਤਹਿਤ ਪੀਣ ਵਾਲੇ ਪਾਣੀ, ਸੀਵਰੇਜ, ਯਾਤਰੀਆਂ ਲਈ ਬੁਨਿਆਦੀ ਸਹੂਲਤਾਂ ਅਤੇ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ। ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਕੰਮ ਸ਼ੁਰੂ ਨਾ ਹੋਇਆ ਤਾਂ ਲੋਕਾਂ ਨੂੰ ਦੁਬਾਰਾ ਆਪਣਾ ਸੰਘਰਸ਼ ਕਰਨ ਦਾ ਪੂਰਾ ਹੱਕ ਹੋਵੇਗਾ। ਪੀਆਰਟੀਸੀ ਦੇ ਅਧਿਕਾਰੀਆਂ ਵੱਲੋਂ ਦਿੱਤੇ ਗਏ ਲਿਖਤੀ ਭਰੋਸੇ ਤੋਂ ਬਾਅਦ ਕਰੀਬ ਇੱਕ ਘੰਟੇ ਚੱਲੇ ਧਰਨੇ ਨੂੰ ਸਮਾਪਤ ਕਰ ਦਿੱਤਾ ਗਿਆ।
ਇਸ ਮੌਕੇ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਪੀਆਰਟੀਸੀ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀ ਏਕਤਾ ਅਤੇ ਸਹਿਯੋਗ ਸਦਕਾ ਬੱਸ ਸਟੈਂਡ ਦੇ ਮੁੱਦੇ ਦੇ ਹੱਲ ਵੱਲ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਧਰਨੇ ਵਿੱਚ ਸ਼ਾਮਲ ਹੋਏ ਸਮੂਹ ਰਾਜਨੀਤਿਕ ਪਾਰਟੀਆਂ, ਸਮਾਜਿਕ ਜਥੇਬੰਦੀਆਂ ਅਤੇ ਆਮ ਲੋਕਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਲੋਕ ਹਿੱਤ ਦੇ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਇਆ। ਧਰਨੇ ਵਿੱਚ ਜ਼ਿਲ੍ਹਾ ਉਪ ਪ੍ਰਧਾਨ ਰਣਵੀਰ ਸਿੰਘ ਸ਼ੇਖਪੁਰਾ, ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਗੋਗੀ ਸਿੰਘ, ਸਾਬਕਾ ਬਲਾਕ ਪ੍ਰਧਾਨ ਦਿਲਪ੍ਰੀਤ ਸਿੰਘ ਜਗਾ ਰਾਮ ਤੀਰਥ, ਸਾਬਕਾ ਚੇਅਰਮੈਨ ਜਗਤਾਰ ਸਿੰਘ ਮੈਨੂੰਆਣਾ, ਯੂਥ ਕਾਂਗਰਸ ਦੇ ਜ਼ਿਲ੍ਹਾ ਉਪ ਪ੍ਰਧਾਨ ਬਲਜੀਤ ਸਿੰਘ, ਹਰਦੀਪ ਸਿੰਘ ਭਾਗੀਵਾਂਦਰ, ਵਿਕਾਸ ਸ਼ਰਮਾ ਤਲਵੰਡੀ ਸਮੇਤ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।