ਚੇਅਰਮੈਨ ਭੱਲਾ ਨੇ ਮੁਸ਼ਕਲਾਂ ਸੁਣ ਕੇ ਕੀਤਾ ਮੌਕੇ ’ਤੇ ਹੱਲ
ਚੇਅਰਮੈਨ ਜਤਿੰਦਰ ਭੱਲਾ ਨੇ ਸੁਣੀਆ ਲੋਕਾਂ ਦੀਆਂ ਮੁਸ਼ਕਿਲਾਂ, ਬਹੁਤੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਕੀਤਾ ਹੱਲ
Publish Date: Tue, 03 Mar 2026 05:50 PM (IST)
Updated Date: Wed, 04 Mar 2026 04:05 AM (IST)

-ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਾਰਵਾਈ ਲਈ ਦਿਸ਼ਾ-ਨਿਰਦੇਸ਼ ਜਾਰੀ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਵੱਲੋਂ ਅੱਜ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ ਅਤੇ ਬਹੁਤੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕ ਟਰੱਸਟ ਦਫਤਰ ਵਿਚ ਪਹੁੰਚੇ ਅਤੇ ਆਪਣੀਆਂ ਨਿੱਜੀ ਅਤੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਚੇਅਰਮੈਨ ਨੂੰ ਜਾਣੂ ਕਰਵਾਇਆ। ਸੰਗਤ ਦਰਸ਼ਨ ਦੌਰਾਨ ਬਿਜਲੀ ਸਪਲਾਈ, ਤਹਿਸੀਲ ਦਫਤਰਾਂ ਨਾਲ ਸਬੰਧਤ ਮਸਲੇ, ਜਮੀਨੀ ਰਿਕਾਰਡ ਦੀ ਦਰੁਸਤੀ, ਨਹਿਰੀ ਪਾਣੀ ਦੀ ਵੰਡ, ਪੀਣ ਵਾਲੇ ਪਾਣੀ ਦੀ ਕਮੀ, ਸੀਵਰੇਜ ਜਾਮ ਹੋਣ ਅਤੇ ਗਲੀਆਂ-ਮੁਹੱਲਿਆਂ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ ਵਰਗੇ ਮਸਲੇ ਮੁੱਖ ਰਹੇ। ਕਈ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਜ਼ਮੀਨੀ ਰਿਕਾਰਡ ਵਿਚ ਗਲਤ ਐਂਟਰੀਆਂ ਹੋਣ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਕੁਝ ਵਸਨੀਕਾਂ ਨੇ ਪੀਣ ਵਾਲੇ ਪਾਣੀ ਅਤੇ ਸੀਵਰੇਜ ਪ੍ਰਣਾਲੀ ਦੀ ਖਰਾਬ ਹਾਲਤ ਬਾਰੇ ਗੰਭੀਰ ਚਿੰਤਾ ਜਤਾਈ। ਚੇਅਰਮੈਨ ਜਤਿੰਦਰ ਭੱਲਾ ਨੇ ਹਰੇਕ ਅਰਜ਼ੀਕਾਰ ਦੀ ਗੱਲ ਗੰਭੀਰਤਾ ਨਾਲ ਸੁਣੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਮੱਸਿਆਵਾਂ ਨੂੰ ਨਿਰਧਾਰਿਤ ਸਮੇਂ ਵਿਚ ਹੱਲ ਕਰਨ ਲਈ ਕਿਹਾ ਗਿਆ। ਤਹਿਸੀਲ ਅਤੇ ਜ਼ਮੀਨੀ ਰਿਕਾਰਡ ਦੇ ਮਾਮਲਿਆਂ ਵਿਚ ਬਕਾਇਆ ਕੇਸਾਂ ਦੀ ਜਾਂਚ ਕਰਕੇ ਜਲਦੀ ਨਿਪਟਾਰੇ ਦੇ ਹੁਕਮ ਦਿੱਤੇ ਗਏ। ਉਨ੍ਹਾਂ ਨਹਿਰੀ ਅਤੇ ਪੀਣ ਵਾਲੇ ਪਾਣੀ ਦੇ ਮਸਲਿਆਂ ‘ਤੇ ਵੀ ਖਾਸ ਧਿਆਨ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਇਲਾਕੇ ਵਿਚ ਪਾਣੀ ਦੀ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਮ ਲੋਕਾਂ ਨੂੰ ਦਫਤਰੀ ਕਾਰਵਾਈ ਦੇ ਨਾਂ ‘ਤੇ ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਹਰ ਅਰਜ਼ੀ ਦੀ ਮਾਨੀਟਰਿੰਗ ਕਰਕੇ ਨਤੀਜੇ ਤਕ ਪਹੁੰਚਾਇਆ ਜਾਵੇ। ਚੇਅਰਮੈਨ ਨੇ ਕਿਹਾ ਕਿ ਸੰਗਤ ਦਰਸ਼ਨ ਦਾ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਹੈ ਤਾਂ ਜੋ ਸਮੱਸਿਆਵਾਂ ਨੂੰ ਬਿਨਾਂ ਦੇਰੀ ਸੁਣ ਕੇ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਨਗਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਟਰੱਸਟ ਵੱਲੋਂ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਜਨਹਿੱਤ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇਗਾ। ਇਸ ਮੌਕੇ ਮੌਜੂਦ ਲੋਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਨਾਲ ਉਨ੍ਹਾਂ ਨੂੰ ਆਪਣੀ ਗੱਲ ਸਿੱਧੇ ਤੌਰ ‘ਤੇ ਪ੍ਰਸ਼ਾਸਨ ਅੱਗੇ ਰੱਖਣ ਦਾ ਮੌਕਾ ਮਿਲਦਾ ਹੈ ਅਤੇ ਕਈ ਸਮੱਸਿਆਵਾਂ ਦਾ ਤੁਰੰਤ ਹੱਲ ਹੋਣ ਨਾਲ ਰਾਹਤ ਮਹਿਸੂਸ ਹੁੰਦੀ ਹੈ। ਅੰਤ ਵਿਚ ਜਤਿੰਦਰ ਭੱਲਾ ਨੇ ਭਰੋਸਾ ਦਿਵਾਇਆ ਕਿ ਭਵਿੱਖ ’ਚ ਵੀ ਸੰਗਤ ਦਰਸ਼ਨ ਦਾ ਇਹ ਸਿਲਸਿਲਾ ਜਾਰੀ ਰਹੇਗਾ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਮੁੱਢਲੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਜਵਾਬਦੇਹੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।