ਚਿੱਪ ਵਾਲੇ ਮੀਟਰਾਂ ਦੇ ਵਿਰੋਧ ਤੇ 16 ਦੇ ਧਰਨਿਆਂ ’ਚ ਸ਼ਾਮਲ ਹੋਣ ਦਾ ਐਲਾਨ
ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਮੀਟਿੰਗ ਹੋਈ
Publish Date: Tue, 13 Jan 2026 04:37 PM (IST)
Updated Date: Wed, 14 Jan 2026 04:01 AM (IST)
-ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਬਠਿੰਡਾ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਹਾਜੀਰਤਨ ਵਿਖੇ ਕੀਤੀ ਗਈ। ਮੀਟਿੰਗ ਵਿਚ ਕੋਰ ਕਮੇਟੀ ਵੱਲੋਂ ਗੈਰੀ ਸਿੰਘ ਬਡਾਲਾ, ਮੀਡੀਆ ਇੰਚਾਰਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਡਾ. ਜਗਤਾਰ ਸਿੰਘ ਗਿੱਲ ਨੇ ਕੀਤੀ। ਇਸ ਮੌਕੇ ਦਵਿੰਦਰ ਸਿੰਘ ਸਰਾਂ (ਮੋਗਾ) ਜ਼ਿਲ੍ਹਾ ਕੋਰ ਕਮੇਟੀ ਮੈਂਬਰ ਤੇ ਯੂਥ ਆਗੂ ਗੁਰਸੇਵਕ ਸਿੰਘ (ਜ਼ਿਲ੍ਹਾ ਫ਼ਿਰੋਜ਼ਪੁਰ) ਵੀ ਹਾਜ਼ਰ ਹੋਏ।
ਬਠਿੰਡਾ ਜ਼ਿਲ੍ਹੇ ਵੱਲੋਂ ਆਏ ਹੋਏ ਕੋਰ ਕਮੇਟੀ ਮੈਂਬਰਾਂ ਨੂੰ ਸਿਰੋਪਾ ਭੇਟ ਕਰਕੇ ਮੀਟਿੰਗ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਵਾਈਸ ਪ੍ਰਧਾਨ ਮੇਜਰ ਸਿੰਘ ਸਿੱਧੂ, ਦਫ਼ਤਰ ਇੰਚਾਰਜ ਗੁਰਜੰਟ ਸਿੰਘ ਧੀਮਾਨ, ਜਨਰਲ ਸਕੱਤਰ ਪ੍ਰਦੀਪ ਕੁਮਾਰ ਸਮੇਤ ਅੰਕਿਤ ਸਹਿਗਲ, ਲਵਦੀਪ ਸ਼ਰਮਾ, ਪੱਪੀ ਮੱਕੜ, ਬਲਜੀਤ ਸਿੰਘ ਸਾਗਰ, ਸੁਖਵਿੰਦਰ ਸੰਧੂ, ਦਰਸ਼ਨ ਸਿੰਘ ਸਰਾਂ, ਵਿਜੇ ਕੁਮਾਰ ਬਸਿਸਟ, ਅਮਨ ਡੀਸੀ ਤੇ ਜਥੇਬੰਦੀ ਦੇ ਹੋਰ ਕਈ ਮੈਂਬਰ ਸਾਹਿਬਾਨ ਮੌਜੂਦ ਰਹੇ। ਮੀਟਿੰਗ ਦੌਰਾਨ ਡਾ. ਜਗਤਾਰ ਸਿੰਘ ਗਿੱਲ ਨੇ ਦੱਸਿਆ ਕਿ ਬਿਜਲੀ ਵਿਭਾਗ ਵੱਲੋਂ ਲਗਾਏ ਜਾ ਰਹੇ ਚਿੱਪ ਵਾਲੇ ਮੀਟਰ ਕਿਸਾਨਾਂ ਅਤੇ ਆਮ ਲੋਕਾਂ ’ਤੇ ਵਾਧੂ ਬੋਝ ਹਨ, ਜਿਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਚਿੱਪ ਵਾਲੇ ਮੀਟਰ ਲਗਾਉਣ ਦਾ ਫੈਸਲਾ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਵੱਲੋਂ 16 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸੂਬੇ ਭਰ ਵਿਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਕੀਤੇ ਜਾਣ ਵਾਲੇ ਘਿਰਾਓ ਤੇ ਧਰਨਿਆਂ ਵਿਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਪੂਰੇ ਜੋਸ਼ ਨਾਲ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ ਹੈ। ਡਾ. ਗਿੱਲ ਨੇ ਕਿਹਾ ਕਿ ਬਿਜਲੀ ਸੋਧ ਬਿੱਲ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਨੂੰ ਭਾਰਤੀ ਕਿਸਾਨ ਯੂਨੀਅਨ ਪੰਜਾਬ ਪੂਰੀ ਤਰ੍ਹਾਂ ਸਮਰਥਨ ਦੇਵੇਗੀ।
ਅੰਤ ’ਚ ਡਾ. ਗਿੱਲ ਨੇ ਸਮੁੱਚੀ ਜਥੇਬੰਦੀ ਦੇ ਆਗੂਆਂ ਅਤੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ-ਆਪਣੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪਹੁੰਚ ਕੇ ਧਰਨਿਆਂ ਵਿਚ ਵੱਡੀ ਗਿਣਤੀ ਨਾਲ ਸ਼ਾਮਲ ਹੋਣ, ਤਾਂ ਜੋ ਕਿਸਾਨਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਮਿਲ ਸਕੇ।