1158 ਸਹਾਇਕ ਪ੍ਰੋਫ਼ੈਸਰਾਂ ਵੱਲੋਂ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦੇ ਘਿਰਾਓ ਦਾ ਐਲਾਨ
1158 ਸਹਾਇਕ ਪ੍ਰੋਫ਼ੈਸਰਾਂ ਵੱਲੋਂ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦੇ ਘਿਰਾਓ ਦਾ ਐਲਾਨ
Publish Date: Sun, 29 Mar 2026 04:54 PM (IST)
Updated Date: Mon, 30 Mar 2026 04:03 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫਰੰਟ ਨੇ 31 ਮਾਰਚ 2026 ਨੂੰ ਨੰਗਲ ਵਿਖੇ ਤਿੱਖਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸੇ ਦਿਨ ਨੰਗਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਹੋਣੀ ਹੈ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਖੇਤਰ ਵਿਚ ਸੂਬਾ ਪੱਧਰੀ ਘਿਰਾਓ ਕੀਤਾ ਜਾਵੇਗਾ। ਇਸ ਰੋਸ ਮੁਜ਼ਾਹਰੇ ਦੀ ਤਿਆਰੀ ਲਈ ਬਠਿੰਡਾ ਜ਼ਿਲ੍ਹੇ ਦੇ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਰਜਿੰਦਰਾ ਕਾਲਜ ਵਿਚ ਮੀਟਿੰਗ ਕਰਕੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਦਾ ਫੈਸਲਾ ਲਿਆ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸੰਘਰਸ਼ ਸਰਕਾਰ ਦੀਆਂ ਨੀਤੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਬਣੇਗਾ। ਪ੍ਰੋਫ਼ੈਸਰਾਂ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਵੱਲੋਂ ਅਦਾਲਤ ਵਿਚ ਢੰਗ ਨਾਲ ਪੈਰਵਾਈ ਨਾ ਕਰਨ ਅਤੇ ਰੀਵਿਊ ਪਟੀਸ਼ਨ ਸਹੀ ਤਰੀਕੇ ਨਾਲ ਦਾਇਰ ਨਾ ਕਰਨ ਕਾਰਨ ਸੁਪਰੀਮ ਕੋਰਟ ਨੇ ਸਰਕਾਰੀ ਕਾਲਜਾਂ ਵਿਚ 25 ਸਾਲਾਂ ਬਾਅਦ ਨਿਕਲੀ ਭਰਤੀ ਨੂੰ ਰੱਦ ਕਰ ਦਿੱਤਾ। ਇਸ ਨਾਲ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦਾ ਭਵਿੱਖ ਹਨ੍ਹੇਰੇ ਵਿਚ ਪੈ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚਾਹੇ ਤਾਂ ਸੁਪਰੀਮ ਕੋਰਟ ਵਿਚ ਕਿਊਰੇਟਿਵ ਪਟੀਸ਼ਨ ਜਾਂ ਵਿਧਾਨ ਸਭਾ ਵਿੱਚ ਕਾਨੂੰਨ ਬਣਾ ਕੇ ਇਸ ਮਸਲੇ ਦਾ ਹੱਲ ਕਰ ਸਕਦੀ ਹੈ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਸਿੱਖਿਆ ਮੰਤਰੀ ਵੱਲੋਂ ਕਈ ਵਾਰ ਮੀਟਿੰਗ ਦਾ ਭਰੋਸਾ ਦੇਣ ਦੇ ਬਾਵਜੂਦ ਵੀ ਉਕਤ ਮੁੱਦੇ ‘ਤੇ ਕੋਈ ਗੱਲਬਾਤ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਵਿਭਾਗ ਵੱਲੋਂ ਪ੍ਰੋਫ਼ੈਸਰਾਂ ਦੀਆਂ ਛੁੱਟੀਆਂ ਤੇ ਹੋਰ ਹੱਕਾਂ ’ਤੇ ਵੀ ਕਟੌਤੀ ਕੀਤੀ ਗਈ ਹੈ। ਫਰੰਟ ਦੇ ਆਗੂਆਂ ਨੇ ਦੱਸਿਆ ਕਿ ਇਕ ਸਾਥੀ ਪ੍ਰੋਫ਼ੈਸਰ ਦੀ ਖੁਦਕੁਸ਼ੀ ਅਤੇ ਹੋਰਾਂ ਦੀ ਗੰਭੀਰ ਮਾਨਸਿਕ ਹਾਲਤ ਇਸ ਸੰਘਰਸ਼ ਦੀ ਗੰਭੀਰਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੱਲ ਨਾ ਕੀਤਾ ਤਾਂ ਆਉਂਦੇ ਦਿਨਾਂ ਵਿਚ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਵਿਰੋਧ ਕੀਤਾ ਜਾਵੇਗਾ। ਮੀਟਿੰਗ ਵਿਚ ਬਠਿੰਡਾ ਦੇ ਵੱਖ-ਵੱਖ ਸਰਕਾਰੀ ਕਾਲਜਾਂ ਦੇ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਵੱਡੀ ਗਿਣਤੀ ਵਿਚ ਸ਼ਾਮਲ ਹੋਏ।