ਮੁੱਖ ਮੰਤਰੀ ਮਾਨ ਝੂਠੀ ਬਿਆਨਬਾਜ਼ੀ ਲਈ ਮੁਆਫ਼ੀ ਮੰਗਣ : ਗੁਰਪ੍ਰੀਤ ਮਲੂਕਾ
-ਕਿਹਾ, ਭ੍ਰਿਸ਼ਟਾਚਾਰ ਦੇ ਮਾਮਲੇ
Publish Date: Sun, 10 May 2026 08:24 PM (IST)
Updated Date: Mon, 11 May 2026 04:15 AM (IST)
-ਕਿਹਾ, ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਗਲਤ ਰੰਗਤ ਦੇ ਕੇ ਮਾਹੌਲ ਵਿਗਾੜ ਰਹੀ ਹੈ ‘ਆਪ’
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਿਨੋਂ-ਦਿਨ ਵਿਗੜ ਰਹੀ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀਆਂ ਨਾਕਾਮੀਆਂ ’ਤੇ ਪਰਦਾ ਪਾਉਣ ਲਈ ਭਾਜਪਾ ’ਤੇ ਝੂਠੇ ਇਲਜ਼ਾਮ ਲਾ ਰਹੇ ਹਨ। ਇਹ ਦੋਸ਼ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਲਗਾਏ। ਮਲੂਕਾ ਦੀ ਅਗਵਾਈ ਹੇਠ ਜ਼ਿਲ੍ਹਾ ਜਥੇਬੰਦੀ ਦੀ ਹੋਈ ਇਕੱਤਰਤਾ ਦੌਰਾਨ ਸੂਬਾ ਸਰਕਾਰ ਅਤੇ ਮੁੱਖ ਮੰਤਰੀ ਦੇ ਵਿਰੁੱਧ ਨਿਖੇਧੀ ਮਤਾ ਪਾਸ ਕੀਤਾ ਗਿਆ। ਮਲੂਕਾ ਨੇ ਕਿਹਾ ਕਿ ਸੂਬੇ ਵਿੱਚ ਪਿਛਲੇ ਦਿਨੀਂ ਹੋਏ ਧਮਾਕਿਆਂ ਲਈ ਭਾਜਪਾ ’ਤੇ ਦੋਸ਼ ਲਗਾਉਣ ਲਈ ਮੁੱਖ ਮੰਤਰੀ ਨੂੰ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਮੁਆਫੀ ਨਾ ਮੰਗੀ ਗਈ ਤਾਂ ਭਾਜਪਾ ਅਦਾਲਤੀ ਕਾਰਵਾਈ ’ਤੇ ਵਿਚਾਰ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਹੋ ਰਿਹਾ ਹੈ ਅਤੇ ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਈਡੀ ਦੀ ਕਾਰਵਾਈ ਤੱਥਾਂ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ। ਮਲੂਕਾ ਨੇ ਦੋਸ਼ ਲਾਇਆ ਕਿ ਸੰਜੀਵ ਅਰੋੜਾ ਵੱਲੋਂ ਸੂਬੇ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਕੀਤਾ ਗਿਆ ਹੈ। ਇਸ ਦੀ ਸ਼ੁਰੂਆਤ ਉਸੇ ਦਿਨ ਹੋ ਗਈ ਸੀ, ਜਦੋਂ ਸਰਕਾਰ ਨੇ ਰੀਅਲ ਐਸਟੇਟ ਨਾਲ ਜੁੜੇ ਉਦਯੋਗਪਤੀ ਨੂੰ ਅਰਬਨ ਡਿਵੈਲਪਮੈਂਟ ਅਤੇ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਮੰਤਰੀ ਬਣਦੇ ਹੀ ਸੂਬੇ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਦੀ ਲੁੱਟ ਲਈ ਲੈਂਡ ਪੂਲਿੰਗ ਨੀਤੀ ਲਿਆਂਦੀ। ਮਲੂਕਾ ਨੇ ਕਿਹਾ ਕਿ ਸੰਜੀਵ ਅਰੋੜਾ ਆਪਣੇ ਤੇ ਨੇੜਲੇ ਵਪਾਰੀਆਂ ਦੇ ਹਿੱਤ ਪੂਰੇ ਕਰਨ ਲਈ ਸੂਬੇ ਦੀਆਂ ਸੰਪਤੀਆਂ ਤੇ ਆਪਣੇ ਅਹੁਦੇ ਦੀ ਨਾਜਾਇਜ਼ ਦੁਰਵਰਤੋਂ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ‘ਆਪ’ ਭ੍ਰਿਸ਼ਟ ਮੰਤਰੀ ਨੂੰ ਬਚਾਉਣ ਲਈ ਪੂਰੇ ਮਾਮਲੇ ਨੂੰ ਗਲਤ ਰੰਗਤ ਦੇ ਰਹੀ ਹੈ। ‘ਆਪ’ ਵੱਲੋਂ ਭਾਜਪਾ ਦਫ਼ਤਰਾਂ ਦੇ ਬਾਹਰ ਕੀਤੇ ਧਰਨੇ-ਮੁਜ਼ਾਹਰੇ ਸੂਬੇ ਦਾ ਮਾਹੌਲ ਖਰਾਬ ਕਰਨ ਤੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਨੀਅਤ ਨਾਲ ਕੀਤੇ ਜਾ ਰਹੇ ਹਨ।
ਮਲੂਕਾ ਨੇ ਕਿਹਾ ਕਿ ਸੂਬੇ ਦੇ ਕਈ ਸ਼ਹਿਰਾਂ ਵਿੱਚ ‘ਆਪ’ ਵਰਕਰਾਂ ਅਤੇ ਆਗੂਆਂ ਵੱਲੋਂ ਭਾਜਪਾ ਆਗੂਆਂ ਨਾਲ ਦੁਰਵਿਹਾਰ ਕੀਤਾ ਗਿਆ, ਜਿਸ ਦੀ ਸਮੁੱਚੀ ਜ਼ਿਲ੍ਹਾ ਜਥੇਬੰਦੀ ਨਿਖੇਧੀ ਕਰਦੀ ਹੈ। ਇਸ ਮੌਕੇ ਯੂਥ ਵਿੰਗ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਐੱਸਸੀ ਵਿੰਗ ਪ੍ਰਧਾਨ ਸਵਰਨ ਸਿੰਘ, ਮਹਿਲਾ ਮੋਰਚਾ ਪ੍ਰਧਾਨ ਸੁੱਖਵਿੰਦਰ ਕੌਰ ਸ਼ੇਰਗੜ੍ਹ, ਸਰਕਲ ਪ੍ਰਧਾਨ ਬਬਲੇਸ਼ ਕੁਮਾਰ, ਕੁਲਦੀਪ ਸਿੰਘ ਭੰਗਾ, ਜਨਰਲ ਸਕੱਤਰ ਮੇਜਰ ਸਿੰਘ ਬਰਾੜ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਵੀ ਹਾਜ਼ਰ ਸਨ।