- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਨ ਕਾਨੂੰਨ ਦੀ ਸਥਿਤੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਬਠਿੰਡਾ ਵਿੱਚ ਕਾਂਗਰਸ ਕਰੇਗੀ ਰੈਲੀ: ਡਾਲਵੀਆ

-ਸੂਬਾ ਸਰਕਾਰ ਖ਼ਿਲਾਫ਼ ਪੋਸਟਰ ਮੁਹਿੰਮ ਸ਼ੁਰੂ ਕਰਕੇ ਕਾਂਗਰਸ ਮੰਗੇਗੀ ਜਵਾਬ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਕਾਂਗਰਸ ਪਾਰਟੀ ਨੂੰ ਬੂਥ ਪੱਧਰ ‘ਤੇ ਮਜ਼ਬੂਤ ਕਰਨ ਦੇ ਮਕਸਦ ਨਾਲ ਹਾਈਕਮਾਂਡ ਦੀਆਂ ਹਦਾਇਤਾਂ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਠਿੰਡਾ ਵਿੱਚ ਇਕ ਅਹਿਮ ਮੀਟਿੰਗ ਕੀਤੀ ਗੀ। ਮੀਟਿੰਗ ਪੰਜਾਬ ਦੇ ਸਹਾਇਕ ਇੰਚਾਰਜ ਰਵਿੰਦਰ ਡਾਲਵੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਅਤੇ ਦਿਹਾਤੀ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਿੰਦਰ ਡਾਲਵੀਆ ਨੇ ਕਿਹਾ ਕਿ ਜਿਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਆਮ ਵਰਕਰਾਂ ਦੀ ਸਲਾਹ ਨਾਲ ਕੀਤੀ ਗਈ ਹੈ, ਉਸੇ ਤਰ੍ਹਾਂ ਹੁਣ ਬੂਥ ਪੱਧਰ ਤੋਂ ਲੈ ਕੇ ਬਲਾਕ ਅਤੇ ਸੂਬਾ ਪੱਧਰ ਤੱਕ ਪਾਰਟੀ ਦੇ ਅਹੁਦੇਦਾਰਾਂ ਦੀ ਚੋਣ ਵੀ ਲੋਕਤਾਂਤਰਿਕ ਪ੍ਰਕਿਰਿਆ ਰਾਹੀਂ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਟਕਸਾਲੀ ਕਾਂਗਰਸੀ ਪਰਿਵਾਰਾਂ ਨੂੰ ਬਲਾਕ ਤੋਂ ਲੈ ਕੇ ਪੰਜਾਬ ਪੱਧਰ ਤਕ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬਲਾਕ ਪ੍ਰਧਾਨਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਡਾਲਵੀਆ ਨੇ ਪੰਜਾਬ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਸੂਬੇ ਵਿੱਚ ਦਿਨ-ਦਿਹਾੜੇ ਕਤਲ ਹੋ ਰਹੇ ਹਨ, ਗੈਂਗਸਟਰਾਂ ਵੱਲੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਵਪਾਰੀ ਵਰਗ ਸਹਿਮਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਨਾਕਾਮੀ ਕਾਰਨ ਲੋਕ ਅਸੰਤੁਸ਼ਟ ਹਨ ਤੇ ਬਦਲ ਵਜੋਂ ਕਾਂਗਰਸ ਪਾਰਟੀ ਵੱਲ ਆਸ ਨਾਲ ਤਕ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਇੱਕਜੁੱਟ ਹੋ ਕੇ ਮੈਦਾਨ ਵਿੱਚ ਡਟੀ ਹੋਈ ਹੈ। ਅਮਨ-ਕਾਨੂੰਨ ਦੀ ਮਾੜੀ ਸਥਿਤੀ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਬਠਿੰਡਾ ਵਿਚ ਵੱਡੀ ਰੈਲੀ ਕਰਨ ਦਾ ਐਲਾਨ ਵੀ ਕੀਤਾ ਗਿਆ।
ਕੇਂਦਰ ਦੀ ਮੋਦੀ ਸਰਕਾਰ ਮਜ਼ਦੂਰਾਂ ਦੇ ਹੱਕ ਖੋਹ ਰਹੀ ਹੈ, ਜਦਕਿ ਪੰਜਾਬ ਦੀ ਮਾਨ ਸਰਕਾਰ ਹਰ ਵਰਗ ਨਾਲ ਧੱਕੇਸ਼ਾਹੀ ਕਰ ਰਹੀ ਹੈ। ਇਸ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਪੰਜਾਬ ਤੋਂ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮਹਿਲਾਵਾਂ ਨਾਲ ਕੀਤੇ 1000 ਰੁਪਏ ਮਹੀਨਾ ਦੇ ਵਾਅਦੇ ਨੂੰ ਪੂਰਾ ਨਾ ਕਰਨ ਕਾਰਨ ਕਾਂਗਰਸ ਪਾਰਟੀ ਪੋਸਟਰ ਮੁਹਿੰਮ ਰਾਹੀਂ ਹਰ ਪਿੰਡ ਅਤੇ ਹਰ ਘਰ ਤਕ ਜਾ ਕੇ ਮਾਨ ਸਰਕਾਰ ਤੋਂ ਜਵਾਬ ਮੰਗੇਗੀ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਬੂਥ ਪੱਧਰ ‘ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਵਰਕਰ ਪੂਰਾ ਸਹਿਯੋਗ ਦੇਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ, ਪ੍ਰੀਤਮ ਸਿੰਘ ਕੋਟਭਾਈ, ਖੁਸ਼ਬਾਜ ਸਿੰਘ ਜਟਾਣਾ, ਗੁਰਜੰਟ ਸਿੰਘ ਕੁੱਤੀਵਾਲ, ਕੇਕੇ. ਅਗਰਵਾਲ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਆਦਿ ਨੇ ਵੀ ਪੰਜਾਬ ’ਚ ਕਾਂਗਰਸ ਦੀ ਅਗਵਾਈ ਹੇਠ ਸਥਿਰ ਸਰਕਾਰ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ। ਮੀਟਿੰਗ ’ਚ ਅਸ਼ੋਕ ਕੁਮਾਰ, ਸਾਬਕਾ ਮੰਤਰੀ ਚਰੰਜੀ ਲਾਲ ਗਰਗ, ਦਰਸ਼ਨ ਸਿੰਘ ਜੀਦਾ, ਕਿਰਨਜੀਤ ਸਿੰਘ ਗਹਿਰੀ, ਪਵਨ ਮਾਨੀ, ਬਲਜਿੰਦਰ ਠੇਕੇਦਾਰ, ਅੰਮ੍ਰਿਤ ਗਿੱਲ, ਡਾ. ਮੁਕੇਸ਼ ਕੁਮਾਰ, ਲਖਵਿੰਦਰ ਸਿੰਘ ਲੱਖਾ ਹਾਜ਼ਰ ਸਨ।