- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਅਤੇ ‘ਆਪ’ ਨੇ 10 ਸਾਲਾਂ ਵਿਚ ਪੰਜਾਬ

-ਬਠਿੰਡੇ ਨੂੰ ਮੈਡੀਕਲ, ਸਿੱਖਿਆ ਤੇ ਉਦਯੋਗਿਕ ਕੇਂਦਰ ਬਣਾਉਣਾ ਸ਼੍ਰੋਮਣੀ ਅਕਾਲੀ ਦਲ ਦਾ ਟੀਚਾ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਸੰਸਦੀ ਹਲਕੇ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਐਤਵਾਰ ਨੂੰ ਦੋ ਦਿਨਾਂ ਦੇ ਅੰਤਰਾਲ ਤੋਂ ਬਾਅਦ ਇਕ ਵਾਰ ਫਿਰ ਸ਼ਹਿਰ ਦੇ ਦੌਰੇ ’ਤੇ ਪਹੁੰਚੇ। ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕੀਤੇ ਇਸ ਦੌਰੇ ਦੌਰਾਨ ਉਨ੍ਹਾਂ ਨੇ ਲੋਕਾਂ ਦੇ ਸੁੱਖ–ਦੁੱਖ ਵਿਚ ਸ਼ਮੂਲੀਅਤ ਕੀਤੀ ਅਤੇ ਕਈ ਥਾਵਾਂ ’ਤੇ ਨੁੱਕੜ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ। ਪੰਜਾਬ ਦੇ ਮੌਜੂਦਾ ਹਾਲਾਤ ਸਬੰਧੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਸੂਬੇ ਨੂੰ ਹਰ ਪੱਖੋਂ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਦੇ ਰਾਜ ਦੌਰਾਨ ਤੱਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਕਾਰਜਕਾਲ ’ਚ ਲੋਕਾਂ ਤੋਂ ਦੂਰ ਰਹੇ। ਇਸ ਤੋਂ ਬਾਅਦ ਥੋੜ੍ਹੇ ਸਮੇਂ ਲਈ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ’ਤੇ ਵੀ ਉਨ੍ਹਾਂ ਨੇ ਗੰਭੀਰ ਦੋਸ਼ ਲਗਾਏ। ਆਮ ਆਦਮੀ ਪਾਰਟੀ ਦੀ ਸਰਕਾਰ ਬਾਰੇ ਉਨ੍ਹਾਂ ਕਿਹਾ ਕਿ ਬਦਲਾਅ ਤੇ ਇਨਕਲਾਬ ਦੇ ਨਾਂ ’ਤੇ ਪੰਜਾਬ ਨੂੰ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦਾ ਗੜ੍ਹ ਬਣਾ ਦਿੱਤਾ ਹੈ, ਜਿਸ ਨਾਲ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ ਹੈ। ਹਰਸਿਮਰਤ ਕੌਰ ਬਾਦਲ ਅਨੁਸਾਰ ਅਕਾਲੀ ਸਰਕਾਰ ਦੇ ਸਮੇਂ ਸੂਬੇ ਵਿਚ ਵਿਕਾਸ ਦੀ ਰਫ਼ਤਾਰ ਸਪੱਸ਼ਟ ਨਜ਼ਰ ਆਉਂਦੀ ਸੀ ਅਤੇ ਅਖ਼ਬਾਰਾਂ ਦੀਆਂ ਸੁਰਖੀਆਂ ਵੀ ਵਿਕਾਸ ਕਾਰਜਾਂ ਨਾਲ ਭਰੀਆਂ ਹੁੰਦੀਆਂ ਸਨ, ਪਰ ਅੱਜਕੱਲ੍ਹ ਕਤਲਾਂ, ਨਸ਼ੇ ਅਤੇ ਓਵਰਡੋਜ਼ ਨਾਲ ਮੌਤਾਂ ਦੀਆਂ ਖ਼ਬਰਾਂ ਆਮ ਹਨ। ਉਨ੍ਹਾਂ ਆਮ ਲੋਕਾਂ ਨੂੰ ਵੀ ਆਪ-ਮੰਥਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਝੂਠੇ ਵਾਅਦਿਆਂ ਦੇ ਝਾਂਸੇ ’ਚ ਆ ਕੇ ਸੂਬੇ ਦਾ ਭਾਰੀ ਨੁਕਸਾਨ ਹੋਇਆ ਹੈ। ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਅੱਜ ਪੰਜਾਬ ਦੀ ਸੱਤਾ ਦਿੱਲੀ ਦੇ ਹੱਥਾਂ ’ਚ ਸਿਮਟ ਕੇ ਰਹਿ ਗਈ ਹੈ ਤੇ ਮੁੱਖ ਮੰਤਰੀ ਖੁਦਮੁਖ਼ਤਿਆਰ ਫ਼ੈਸਲੇ ਲੈਣ ਜੋਗੇ ਨਹੀਂ ਰਹੇ।
ਕੇਂਦਰ ਸਰਕਾਰ ’ਤੇ ਨਿਸ਼ਾਨਾ ਲਾਉਂਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਨੌਂ ਸਾਲਾਂ ਦੇ ਬਜਟਾਂ ’ਚ ਪੰਜਾਬ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ’ਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਵਿਕਾਸ ਦੀ ਨਵੀਂ ਦਿਸ਼ਾ ਤੈਅ ਕੀਤੀ ਜਾਵੇ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਜੇਕਰ ਕੋਈ ਪੰਜਾਬ ਨੂੰ ਮੁੜ ਵਿਕਾਸ ਦੀਆਂ ਉਚਾਈਆਂ ’ਤੇ ਲੈ ਜਾ ਸਕਦਾ ਹੈ ਤਾਂ ਉਹ ਕੇਵਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਅਕਾਲੀ ਸਰਕਾਰ ਦੀ ਪਿਛਲੇ ਦਸ ਸਾਲਾਂ ਦੀ ਕਾਰਗੁਜ਼ਾਰੀ ਨੂੰ ਯਾਦ ਕਰ ਰਹੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੱਤਾ ਬਦਲਾਅ ਦਾ ਮਨ ਪੱਕਾ ਕਰ ਚੁੱਕੇ ਹਨ।