- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨ ਕਾਂਗਰਸੀ ਆਗੂ ਖੁਸ਼ਬਾਜ਼ ਜਟਾਣਾ ਨੂੰ ਹਜ਼ਾਰਾਂ ਲੋਕਾਂ ਨੇ ਸੇਜ਼ਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

-ਰਾਜਾ ਵੜਿੰਗ, ਚਰਨਜੀਤ ਚੰਨੀ, ਭਾਰਤ ਭੂਸ਼ਣ ਆਸ਼ੂ, ਪਰਗਟ ਸਿੰਘ, ਵਿਜੇਇੰਦਰ ਸਿੰਗਲਾ ਸਮੇਤ ਹੋਰ ਆਗੂ ਰਹੇ ਹਾਜ਼ਰ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਵੀਰਵਾਰ ਨੂੰ ਸੋਨੀਪਤ ਨੇੜੇ ਸੜਕ ਹਾਦਸੇ ’ਚ ਸਦਾ ਲਈ ਵਿਛੜ ਗਏ ਨੌਜਵਾਨ ਕਾਂਗਰਸੀ ਆਗੂ ਖੁਸ਼ਬਾਜ਼ ਸਿੰਘ ਜਟਾਣਾ ਨੂੰ ਅੱਜ ਹਜ਼ਾਰਾਂ ਦੀ ਗਿਣਤੀ ’ਚ ਲੋਕਾਂ ਨੇ ਨਮੀ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ। ਉਨ੍ਹਾਂ ਦੀ ਅਚਾਨਕ ਮੌਤ ਦੀ ਖਬਰ ਨਾਲ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਅਤੇ ਸਵੇਰੇ ਤੋਂ ਹੀ ਉਨ੍ਹਾਂ ਦੇ ਘਰ ਅੱਗੇ ਲੋਕਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਸੀ। ਜਟਾਣਾ ਦੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਹਮਾਇਤੀ, ਰਿਸ਼ਤੇਦਾਰ, ਦੋਸਤ ਤੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਆਗੂ ਪੁੱਜੇ। ਹਰ ਇਕ ਵਿਅਕਤੀ ਦੇ ਚਿਹਰੇ ‘ਤੇ ਜਟਾਣਾ ਦੀ ਮੌਤ ਦਾ ਦੁੱਖ ਸਾਫ਼ ਝਲਕ ਰਿਹਾ ਸੀ। ਬਾਅਦ ਵਿੱਚ ਸ਼ਹਿਰ ਦੀ ਦਾਣਾ ਮੰਡੀ ਸਥਿਤ ਰਾਮ ਬਾਗ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ, ਜਿੱਥੇ ਹਜ਼ਾਰਾਂ ਲੋਕਾਂ ਨੇ ਹਾਜ਼ਰੀ ਲਗਾ ਕੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।
ਦੂਜੇ ਪਾਸੇ ਅੰਤਿਮ ਸੰਸਕਾਰ ’ਚ ਸ਼ਾਮਲ ਹੋਏ ਬਹੁਤ ਸਾਰੇ ਲੋਕਾਂ ਅਤੇ ਜਟਾਣਾ ਦੇ ਸਮਰਥਕਾਂ ਵੱਲੋਂ ਇਸ ਸੜਕ ਹਾਦਸੇ ’ਤੇ ਸਵਾਲ ਵੀ ਚੁੱਕੇ। ਲੋਕਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਹਾਦਸੇ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇ। ਅੰਤਿਮ ਸੰਸਕਾਰ ਸਮੇਂ ਮਾਹੌਲ ਬਹੁਤ ਹੀ ਭਾਵੁਕ ਸੀ ਤੇ ਹਰ ਕਿਸੇ ਦੀਆਂ ਅੱਖਾਂ ਨਮ ਸਨ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ ਅਤੇ ਆਏ ਲੋਕ ਵੀ ਦੁੱਖ ’ਚ ਡੁੱਬੇ ਹੋਏ ਸਨ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਪਰਗਟ ਸਿੰਘ ਤੇ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ, ਸਾਬਕਾ ਵਿਧਾਇਕ ਕੁਲਵੀਰ ਸਿੰਘ ਜ਼ੀਰਾ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਵਿਧਾਇਕ ਜਗਰੂਪ ਸਿੰਘ ਗਿੱਲ, ਜ਼ਿਲ੍ਹਾ ਕਾਂਗਰਸ ਸ਼ਹਿਰ ਦੇ ਪ੍ਰਧਾਨ ਰਾਜਨ ਗਰਗ, ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਨਰਿੰਦਰ ਸਿੰਘ ਭੁਲੇਰੀਆ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਹਰਵਿੰਦਰ ਸਿੰਘ ਲਾਡੀ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਟਹਿਲ ਸਿੰਘ ਸੰਧੂ, ਸਾਬਕਾ ਵਿਧਾਇਕ ਲਾਡੀ ਸ਼ੇਰੋਵਾਲੀਆ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਨਕੱਈ ਸਾਬਕਾ ਵਿਧਾਇਕ, ‘ਆਪ’ ਦੇ ਚੇਅਰਮੈਨ ਨੀਲ ਗਰਗ, ਨੌਜਵਾਨ ਆਗੂ ਰਣਧੀਰ ਸਿੰਘ ਧੀਰਾ ਖੁੱਡੀਆਂ, ਕਾਂਗਰਸੀ ਆਗੂ ਭੁਪਿੰਦਰ ਸਿੰਘ ਗੋਰਾ, ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਸਮੇਤ ਵੱਖ-ਵੱਖ ਵਪਾਰਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਜਟਾਣਾ ਦੀ ਅੰਤਿਮ ਯਾਤਰਾ ’ਚ ਹਾਜ਼ਰੀ ਭਰੀ। ਆਗੂਆਂ ਨੇ ਖੁਸ਼ਬਾਜ਼ ਸਿੰਘ ਜਟਾਣਾ ਦੇ ਸਮਾਜਿਕ ਤੇ ਰਾਜਨੀਤਕ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਉਸਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ, ਜਿਸ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕੀਤਾ। ਉਨ੍ਹਾਂ ਦੀ ਅਚਾਨਕ ਮੌਤ ਨਾਲ ਪਾਰਟੀ ਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਹੋਇਆ ਹੈ। ਉਨ੍ਹਾਂ ਦੀ ਮੌਤ ਨਾਲ ਪੂਰੇ ਪੰਜਾਬ ’ਚ ਸੋਗ ਦੀ ਲਹਿਰ ਹੈ ਤੇ ਹਰ ਕੋਈ ਉਨ੍ਹਾਂ ਦੀ ਯਾਦ ’ਚ ਗ਼ਮਗੀਨ ਨਜ਼ਰ ਆ ਰਿਹਾ ਹੈ।