- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੱਲੇਵਾਲ ਦੀ ਗ੍ਰਿਫਤਾਰੀ ਦੇ ਵਿਰੋਧ ’ਚ ਕਿਸਾਨਾਂ ਨੇ ਦੋ ਟੋਲ ਪਲਾਜ਼ੇ ਕੀਤੇ ਜਾਮ

-ਬਠਿੰਡਾ ਚੰਡੀਗੜ੍ਹ ਤੇ ਬਠਿੰਡਾ ਸ੍ਰੀ ਅੰਮ੍ਰਿਤਸਰ ਹਾਈਵੇ ਜਾਮ ਕਾਰਨ ਰਾਹਗੀਰਾਂ ਨੂੰ ਮੁਸ਼ਕਿਲਾਂ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਕਿਸਾਨਾਂ ਨੇ ਬਠਿੰਡਾ ਜ਼ਿਲ੍ਹੇ ਵਿੱਚ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਬਠਿੰਡਾ–ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਲਹਿਰਾ ਬੇਗਾ ਟੋਲ ਪਲਾਜ਼ਾ ਅਤੇ ਬਠਿੰਡਾ–ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਸਥਿਤ ਜੀਦਾ ਟੋਲ ਪਲਾਜ਼ਾ ਨੂੰ ਜਾਮ ਕਰ ਦਿੱਤਾ ਗਿਆ। ਦੋਵਾਂ ਥਾਵਾਂ ’ਤੇ ਟੋਲ ਪਲਾਜ਼ੇ ਜਾਮ ਹੋਣ ਕਾਰਨ ਸਫਰ ਕਰਨ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਕਈ ਵਾਹਨਾਂ ਨੂੰ ਵੱਖ-ਵੱਖ ਰੂਟਾਂ ਵੱਲ ਮੋੜਿਆ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਵਿੱਚ ਚੱਲ ਰਹੇ ਕਿਸਾਨ ਮੋਰਚੇ ਕਾਰਨ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ, ਜਿਸ ਨੂੰ ਕਿਸਾਨਾਂ ਨੇ ਸਰਕਾਰ ਦੀ ਤਾਨਾਸ਼ਾਹੀ ਕਾਰਵਾਈ ਕਰਾਰ ਦਿੱਤਾ ਹੈ।
ਡੱਲੇਵਾਲ ਦੀ ਅਗਵਾਈ ਹੇਠ ਹੋਣ ਵਾਲੀ ਮੀਟਿੰਗ ਵਿਚ ਜਲੰਧਰ ਵਿਚ ਆਬਾਦੀ ਵਾਲੇ ਖੇਤਰ ਵਿਚ ਲੱਗ ਰਹੀ ਫੈਕਟਰੀ ਦੇ ਮਾਮਲੇ ’ਚ ਤਿੱਖੇ ਸੰਘਰਸ਼ ਦਾ ਐਲਾਨ ਕਰਨਾ ਸੀ, ਪਰ ਪੁਲਿਸ ਨੇ ਪਹਿਲਾਂ ਹੀ ਡੱਲੇਵਾਲ ਨੂੰ ਹਿਰਾਸਤ ਵਿਚ ਲੈ ਲਿਆ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰੇਸ਼ਮ ਸਿੰਘ ਯਾਤਰੀ ਨੇ ਦੱਸਿਆ ਕਿ ਜੀਦਾ ਟੋਲ ਪਲਾਜਾ ਮੁਕੰਮਲ ਤੌਰ ’ਤੇ ਜਾਮ ਕੀਤਾ ਹੋਇਆ ਜਦੋਂ ਕਿ ਲਹਿਰਾ ਬੇਗਾ ਟੋਲ ਪਲਾਜ਼ਾ ਕੁੱਝ ਸਮੇਂ ਲਈ ਜਾਮ ਕੀਤਾ ਗਿਆ ਸੀ। ਕਿਸਾਨ ਆਪਣੇ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀ ਆਵਾਜ਼ ਦਬਾਉਣ ਲਈ ਗ੍ਰਿਫਤਾਰੀਆਂ ਦਾ ਸਹਾਰਾ ਲੈ ਰਹੀ ਹੈ, ਜੋ ਬਰਦਾਸ਼ਤਯੋਗ ਨਹੀਂ। ਲਹਿਰਾ ਬੇਗਾ ਟੋਲ ਪਲਾਜ਼ਾ ’ਤੇ ਵੱਡੀ ਗਿਣਤੀ ’ਚ ਕਿਸਾਨ ਇਕੱਠੇ ਹੋਏ ਅਤੇ ਨਾਅਰੇਬਾਜ਼ੀ ਕਰਦਿਆਂ ਡੱਲੇਵਾਲ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ।
ਇਸੇ ਤਰ੍ਹਾਂ ਜੀਦਾ ਟੋਲ ਪਲਾਜ਼ਾ ’ਤੇ ਵੀ ਕਿਸਾਨਾਂ ਨੇ ਧਰਨਾ ਲਗਾ ਕੇ ਟਰੈਫਿਕ ਰੋਕ ਦਿੱਤਾ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤਕ ਡੱਲੇਵਾਲ ਨੂੰ ਬਿਨਾਂ ਸ਼ਰਤ ਰਿਹਾਅ ਨਹੀਂ ਕੀਤਾ ਜਾਂਦਾ, ਤਦ ਤਕ ਸੰਘਰਸ਼ ਜਾਰੀ ਰਹੇਗਾ। ਮੰਗਲਵਾਰ ਨੂੰ ਦੋਵੇਂ ਟੋਲ ਪਲਾਜਿਆਂ ਦੇ ਨਾਲ ਨਾਲ ਹੋਰਨਾਂ ਸੜਕਾਂ ’ਤੇ ਵੀ ਧਰਨੇ ਲਾ ਕੇ ਟਰੈਫ਼ਿਕ ਜਾਮ ਕੀਤਾ ਜਾਵੇਗਾ। ਟੋਲ ਪਲਾਜ਼ੇ ਜਾਮ ਹੋਣ ਕਾਰਨ ਦੋਵਾਂ ਰੂਟਾਂ ’ਤੇ ਕਿਲੋਮੀਟਰਾਂ ਤੱਕ ਵਾਹਨਾਂ ਦੀਆਂ ਲਾਈਨਾਂ ਲੱਗ ਗਈਆਂ। ਸਕੂਲ ਬੱਸਾਂ, ਐਂਬੂਲੈਂਸਾਂ ਅਤੇ ਆਮ ਯਾਤਰੀ ਵਾਹਨਾਂ ਨੂੰ ਖਾਸੀ ਮੁਸ਼ਕਲ ਆਈ। ਕਈ ਲੋਕਾਂ ਨੇ ਵਿਕਲਪਿਕ ਰਸਤੇ ਅਪਣਾਏ। ਕਿਸਾਨ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੱਲੇਵਾਲ ਦੀ ਗ੍ਰਿਫਤਾਰੀ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ, ਪਰ ਕਿਸਾਨ ਅਜਿਹੀਆਂ ਕਾਰਵਾਈਆਂ ਨਾਲ ਡਰv ਵਾਲੇ ਨਹੀਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਰਾਜ ਭਰ ਵਿੱਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਦੂਜੇ ਪਾਸੇ ਪ੍ਰਸ਼ਾਸਨਕ ਅਧਿਕਾਰੀਆਂ ਨੇ ਕਿਹਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਫਿਲਹਾਲ ਕਿਸਾਨਾਂ ਦਾ ਜੀਦਾ ਟੋਲ ਪਲਾਜੇ ’ਤੇ ਧਰਨਾ ਜਾਰੀ ਰਿਹਾ।