ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਜਥੇ. ਬਾਬਾ ਟੇਕ ਸਿੰਘ ਵੱਲੋਂ ਦਰਸ਼ਨੀ ਡਿਓੜੀ ਦਾ ਉਦਘਾਟਨ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
Publish Date: Tue, 14 Apr 2026 06:35 PM (IST)
Updated Date: Wed, 15 Apr 2026 04:12 AM (IST)
-ਸ਼੍ਰੋਮਣੀ ਕਮੇਟੀ ਵੱਲੋਂ ‘ਦਸਤਾਰਾਂ ਦਾ ਲੰਗਰ’, ਨੌਜਵਾਨਾਂ ਨੇ ਹੱਥੀਂ ਸਜਾਈਆਂ ਦਸਤਾਰਾਂ
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਤਿਆਰ ਕਰਵਾਈ ਗਈ ਨਵੀਂ ਦਰਸ਼ਨੀ ਡਿਓੜੀ ਦਾ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਬਾਬਾ ਟੇਕ ਸਿੰਘ ਵੱਲੋਂ ਅਰਦਾਸ ਉਪਰੰਤ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਕੀਤਾ ਗਿਆ। ਇਸ ਮੌਕੇ ਪ੍ਰਧਾਨ ਧਾਮੀ ਅਤੇ ਜਥੇ. ਬਾਬਾ ਟੇਕ ਸਿੰਘ ਨੇ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸਾਹਿਬ ਨੂੰ ਆਉਂਦੇ ਰਸਤੇ ਨੂੰ ਵੀ ਸੁਵਿਧਾਜਨਕ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
ਇਸੇ ਦੌਰਾਨ ਸਿੱਖ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ‘ਤੇ ‘ਦਸਤਾਰਾਂ ਦਾ ਲੰਗਰ’ ਲਗਾਇਆ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਬਾਬਾ ਟੇਕ ਸਿੰਘ ਨੇ ਨੌਜਵਾਨਾਂ ਨੂੰ ਆਪਣੇ ਹੱਥੀਂ ਦਸਤਾਰਾਂ ਸਜਾ ਕੇ ਉਨ੍ਹਾਂ ਨੂੰ ਗੁਰਸਿੱਖੀ ਮਾਰਗ ‘ਤੇ ਚੱਲਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ 2000 ਦੇ ਕਰੀਬ ਪ੍ਰਣ ਕਰਨ ਵਾਲੇ ਨੌਜਵਾਨਾਂ ਨੇ ਦਸਤਾਰਾਂ ਸਜਾਈਆਂ। ਉਨ੍ਹਾਂ ਨੌਜਵਾਨਾਂ ਨੂੰ ਖਾਲਸਾ ਸਾਜਨਾ ਦੇ ਮਹੱਤਵ ਨੂੰ ਸਮਝਦਿਆਂ ਸਾਬਤ ਸੂਰਤ ਰਹਿਣ ਅਤੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਆ। ਇਸ ਦੌਰਾਨ ਬੱਚਿਆਂ ਨੂੰ ਪ੍ਰਮਾਣ ਪੱਤਰ ਵੀ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਮੋਹਨ ਸਿੰਘ ਬੰਗੀ, ਅਵਤਾਰ ਸਿੰਘ ਬਣਵਾਲਾ, ਜਗਸੀਰ ਸਿੰਘ ਮਾਂਗੇਆਣਾ, ਬਲਦੇਵ ਸਿੰਘ ਚੂੰਘਾ, ਸੁਰਜੀਤ ਸਿੰਘ ਰਾਇਪੁਰ, ਬੀਬੀ ਜੁਗਿੰਦਰ ਕੌਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸੁਖਬੀਰ ਸਿੰਘ, ਐਕਸੀਅਨ ਅਮਨਦੀਪ ਸਿੰਘ, ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਵਧੀਕ ਮੈਨੇਜਰ ਗੁਰਦੇਵ ਸਿੰਘ, ਮੀਤ ਮੈਨੇਜਰ ਮਨਦੀਪ ਸਿੰਘ, ਗੁਰਸੇਵਕ ਸਿੰਘ, ਗਿਆਨੀ ਗੁਰਜੰਟ ਸਿੰਘ (ਵਧੀਕ ਗ੍ਰੰਥੀ), ਗਿਆਨੀ ਜਗਤਾਰ ਸਿੰਘ ਕੀਰਤਪੁਰੀ (ਮੁੱਖ ਕਥਾਵਾਚਕ), ਗਿਆਨੀ ਆਲਮ ਸਿੰਘ (ਕਥਾਵਾਚਕ) ਅਤੇ ਬਾਬਾ ਲਾਲ ਸਿੰਘ ਜੀ ਉਦਾਸੀ ਸੰਪ੍ਰਦਾਇ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।