ਡੀਸੀ ਨੇ ਫੁਲ ਡਰੈੱਸ ਰਿਹਰਸਲ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਦਾ ਲਿਆ ਜਾਇਜ਼ਾ
Publish Date: Sat, 24 Jan 2026 05:23 PM (IST)
Updated Date: Sun, 25 Jan 2026 04:10 AM (IST)
-ਨਿਰੀਖਣ ਦੌਰਾਨ ਪਰੇਡ ’ਚ ਸ਼ਾਮਲ ਵੱਖ-ਵੱਖ ਟੁਕੜੀਆਂ ਤੋਂ ਡੀਸੀ ਨੇ ਲਈ ਸਲਾਮੀ
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਮੁਲਕ ਦੇ 77ਵੇਂ ਗਣਤੰਤਰ ਦਿਵਸ 26 ਜਨਵਰੀ 2026 ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ’ਚ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਤੇ ਕਰ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਧੀਮਾਨ ਵਲੋਂ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦਾ ਨਿਰੀਖਣ ਕੀਤਾ ਤੇ ਪਰੇਡ ਵਿਚ ਸ਼ਾਮਲ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਵੀ ਲਈ।
ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ. ਡਾ. ਜਯੋਤੀ ਯਾਦਵ ਬੈਂਸ ਅਤੇ ਪ੍ਰੇਡ ਕਮਾਂਡਰ ਡੀਐਸਪੀ ਹੈੱਡਕੁਆਰਟਰ ਰਾਹੁਲ ਭਾਰਦਵਾਜ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। 26 ਜਨਵਰੀ 2026 ਨੂੰ ਜ਼ਿਲ੍ਹਾ ਪੱਧਰ ’ਤੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਫੁੱਲ ਡਰੈਸ ਰਿਹਰਸਲ ਦੌਰਾਨ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮਗਾਰਡ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਨੇਵਲ, ਐਨਸੀਸੀ. ਸਕਾਊਟ ਤੇ ਗਾਈਡ ਦੀਆਂ ਟੁੱਕੜੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੱਖ-ਵੱਖ ਪੇਸ਼ਕਾਰੀਆਂ ਦੇ ਨਾਲ-ਨਾਲ ਗਿੱਧਾ ਤੇ ਭੰਗੜਾ ਵੀ ਪੇਸ਼ ਕੀਤਾ ਗਿਆ। ਫੁੱਲ ਡਰੈਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵਲੋਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮ ਨੂੰ ਸਫ਼ਲਤਾ ਪੂਰਵਕ ਢੰਗ ਨਾਲ ਨੇਪੜੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਬੈਠਕ ਵੀ ਕੀਤੀ।
ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਰਿਹਰਸਲ ਮੌਕੇ ਪਾਈਆਂ ਗਈਆਂ ਊਣਤਾਈਆਂ ਨੂੰ ਦੂਰ ਕਰਨ ਦੀ ਹਦਾਇਤ ਕਰਦਿਆਂ ਇਹ ਵੀ ਕਿਹਾ ਕਿ ਉਹ ਆਪੋਂ-ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ। ਇਸ ਦੌਰਾਨ ਐਸਐਸਪੀ ਡਾ. ਜਯੋਤੀ ਯਾਦਵ ਬੈਂਸ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।