- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਕਰਵਾਇਆ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ. ਬਠਿੰਡਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲ੍ਹਾ ਬਠਿੰਡਾ ਵੱਲੋਂ ਸਾਉਣੀ 2026 ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਾਰਡ ਰਾਮਾਂ ਹਾਲ, ਦਾਣਾ ਮੰਡੀ ਬਠਿੰਡਾ ਵਿਖੇ ਕਰਵਾਇਆ ਗਿਆ। ਇਸ ਮੇਲੇ ਵਿਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਕਿਸਾਨਾਂ ਨੇ ਹਿੱਸਾ ਲਿਆ। ਮੇਲੇ ਦੀ ਪ੍ਰਧਾਨਗੀ ਕਰਦੇ ਹੋਏ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਵਾਢੀ ਤੋਂ ਬਾਅਦ ਨਾੜ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਮਿੱਟੀ ਦੀ ਉਪਜਾਊ ਸ਼ਕਤੀ ਬਣੀ ਰਹੇ ਅਤੇ ਵਾਤਾਵਰਣ ਪ੍ਰਦੂਸ਼ਣ ਤੋਂ ਬਚਿਆ ਜਾ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਮਦਨ ਵਿਚ ਵਾਧਾ ਕਰਨ ਲਈ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣੇ ਚਾਹੀਦੇ ਹਨ। ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਵਿਧਾਇਕ ਮਾਸਟਰ ਜਗਸੀਰ ਸਿੰਘ ਭੁੱਚੋਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਖੇਤੀਬਾੜੀ ਦੇ ਖਰਚੇ ਘੱਟ ਕਰਨ ਅਤੇ ਵਧੀਆ ਪੈਦਾਵਾਰ ਲਈ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਬੀਜ, ਖਾਦ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨ। ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਸਿੱਧੂ ਨੇ ਮਹਿਮਾਨਾਂ ਅਤੇ ਕਿਸਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਅਤੇ ਸਰਕਾਰੀ ਸਕੀਮਾਂ ਬਾਰੇ ਜਾਣੂ ਕਰਵਾਉਣ ਲਈ ਅਜਿਹੇ ਮੇਲੇ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ ‘ਤੇ ਲਗਾਏ ਜਾਂਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਇਨ੍ਹਾਂ ਮੇਲਿਆਂ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਜ਼ਿਲ੍ਹਾ ਸਿਖਲਾਈ ਅਫਸਰ ਡਾ. ਪ੍ਰਭਜੋਤ ਕੌਰ ਨੇ ਪਿੰਡ ਪੱਧਰ ਦੇ ਸਿਖਲਾਈ ਕੈਂਪਾਂ ਵਿੱਚ ਭਾਗ ਲੈਣ ਲਈ ਪ੍ਰੇਰਿਆ, ਤਾਂ ਜੋ ਕਿਸਾਨ ਨਵੀਂਆਂ ਖੇਤੀ ਤਕਨੀਕਾਂ ਨਾਲ ਅਪਡੇਟ ਰਹਿ ਸਕਣ। ਇਸੇ ਤਰ੍ਹਾਂ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਤੇਜਦੀਪ ਕੌਰ ਨੇ ਆਤਮਾ ਸਕੀਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮੇਲੇ ਦੌਰਾਨ ਵਿਗਿਆਨੀਆਂ ਵੱਲੋਂ ਸਾਉਣੀ ਫਸਲਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਡਾ. ਹਰਜੀਤ ਸਿੰਘ ਬਰਾੜ ਨੇ ਫਸਲਾਂ ਦੀ ਬੀਜਾਈ, ਡਾ. ਪ੍ਰਿਤਪਾਲ ਸਿੰਘ ਨੇ ਖਾਦ ਪ੍ਰਬੰਧਨ, ਡਾ. ਜਸਜਿੰਦਰ ਕੌਰ ਤੇ ਡਾ. ਜਸਰੀਤ ਕੌਰ ਨੇ ਨਰਮੇ ਦੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ, ਡਾ. ਚੇਤਕ ਬਿਸ਼ਨੋਈ ਨੇ ਬਾਗ਼ਬਾਨੀ ਤੇ ਡਾ. ਕਰਮਜੀਤ ਸਿੰਘ ਸੇਖੋਂ ਨੇ ਖੇਤੀ ਅਰਥਚਾਰਾ ਬਾਰੇ ਜਾਣਕਾਰੀ ਦਿੱਤੀ। ਡਾ. ਗੋਮਤੀ ਗਰੋਵਰ ਨੇ ਨਵੀਆਂ ਕਿਸਮਾਂ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਜਿਵੇਂ ਬਾਗਬਾਨੀ, ਪਸ਼ੂ ਪਾਲਣ, ਮਾਰਕਫੈਡ, ਪੰਜਾਬ ਐਗਰੋ ਅਤੇ ਸਿਹਤ ਵਿਭਾਗ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਆਪਣੇ ਤਿਆਰ ਕੀਤੇ ਉਤਪਾਦ ਵੀ ਪ੍ਰਦਰਸ਼ਿਤ ਕੀਤੇ ਗਏ। ਸਟੇਜ ਸੰਚਾਲਨ ਡਾ. ਹਰਦੀਪ ਸਿੰਘ ਅਤੇ ਡਾ. ਹਰਜ਼ਸਪਾਲ ਸ਼ਰਮਾ ਵੱਲੋਂ ਕੀਤਾ ਗਿਆ। ਅਖੀਰ ਵਿਚ ਡਾ. ਦਵਿੰਦਰ ਸਿੰਘ ਸੰਧੂ ਨੇ ਸਮੂਹ ਸਟਾਫ ਵੱਲੋਂ ਮਹਿਮਾਨਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।