ਨਸ਼ਾ ਤਸਕਰੀ ਦੇ ਦੋਸ਼ ’ਚ 8 ਵਿਅਕਤੀ ਕਾਬੂ
ਨਸ਼ਾ ਤਸ਼ਕਰੀ ਦੇ ਦੋਸ਼ ਵਿਚ 8 ਵਿਅਕਤੀ ਗ੍ਰਿਫ਼਼ਤਾਰ
Publish Date: Sun, 08 Feb 2026 04:32 PM (IST)
Updated Date: Mon, 09 Feb 2026 04:02 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਨਸ਼ਾ ਤਸ਼ਕਰੀ ਦੇ ਦੋਸ਼ ਵਿਚ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ 39.93 ਗ੍ਰਾਮ ਹੈਰੋਇਨ ਅਤੇ 3 ਕਿੱਲੋਂ ਭੁੱਕੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਸਿਵਲ ਲਾਈਨ ਪੁਲਿਸ ਨੇ ਰਿੰਗ ਰੋਡ ਨੇੜੇ ਨਾਕੇਬੰਦੀ ਦੌਰਾਨ ਮੁਲਜ਼ਮ ਅਨਵਰੀ ਖਾਤੂਨ ਵਾਸੀ ਧੋਬੀਆਣਾ ਬਸਤੀ ਨੂੰ 12 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਬਠਿੰਡਾ ਨੇ ਪਿੰਡ ਮੁਲਤਾਨੀਆ ’ਚ ਮੁਲਜ਼ਮ ਸੰਦੀਪ ਸਿੰਘ ਵਾਸੀ ਬੀੜ ਤਲਾਬ ਨੂੰ 5.78 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਨਥਾਣਾ ਪੁਲਿਸ ਨੇ ਪਿੰਡ ਪਹੂਲਾ ਨੇੜੇ ਇਕ ਔਰਤ ਨੂੰ 3 ਕਿੱਲੋਂ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਸ਼ਣ ਦੀ ਪਛਾਣ ਜਸਪ੍ਰੀਤ ਕੌਰ ਵਾਸੀ ਭੁੱਚੋਂ ਮੰਡੀ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣਾ ਭਗਤਾ ਭਾਈਕਾ ਪੁਲਿਸ ਨੇ ਪਿੰਡ ਮਲੂਕਾ ਵਿਚ ਮੁਲਜ਼ਮ ਤਰਸੇਮ ਸਿੰਘ ਵਾਸੀ ਪਿੰਡ ਮਲੂਕਾ ਨੂੰ 2.15 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰੰਤੂ ਬਾਅਦ ’ਚ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਥਾਣਾ ਫੂਲ ਪੁਲਿਸ ਨੇ ਸਥਾਨਕ ਬੱਸ ਸਟੈਂਡ ਨੇੜੇ ਇਕ ਵਿਅਕਤੀ ਨੂੰ ਨਸ਼ੇ ਦੀ ਹਾਲਤ ’ਚ ਗ੍ਰਿਫ਼ਤਾਰ ਕਰਕੇ ਜਦੋਂ ਉਸ ਦਾ ਡੋਪ ਟੈਸਟ ਕਰਵਾਇਆ ਤਾਂ ਰਿਪੋਰਟ ਪਾਜ਼ੇਟਿਵ ਆਈ। ਇਸ ਉਪਰੰਤ ਪੁਲਿਸ ਨੇ ਉਕਤ ਵਿਅਕਤੀ ਕੁਲਦੀਪ ਸਿੰਘ ਵਾਸੀ ਪਿੰਡ ਹਰਨਾਮ ਸਿੰਘ ਵਾਲਾ ਖ਼ਿਲਾਫ਼ ਮਾਮਲਾ ਦਰਜ ਕਰਕੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ। ਇਸੇ ਤਰ੍ਹਾਂ ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਪਿੰਡ ਰਾਮਪੁਰਾ ਵਿਖੇ ਨਾਕੇਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਇਸ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਉਕਤ ਵਿਅਕਤੀ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਹਰਦੀਪ ਸਿੰਘ ਵਾਸੀ ਰਾਮਪੁਰਾ ਮੰਡੀ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਤਲਵੰਡੀ ਸਾਬੋਂ ਪੁਲਿਸ ਨੇ ਪਿੰਡ ਜੀਵਨ ਵਾਲਾ ਦੇ ਬੱਸ ਸਟੈਂਡ ਨੇੜੇ ਨਾਕੇਬੰਦੀ ਦੌਰਾਨ ਸ਼ੱਕ ਪੈਣ ’ਤੇ ਦੋ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਗਗਨਦੀਪ ਕੌਰ ਅਤੇ ਅਮਰਜੀਤ ਸਿੰਘ ਵਾਸੀਆਨ ਨਸੀਬਪੁਰਾ ਵਜੋਂ ਹੋਈ। ਪੁਲਿਸ ਨੇ ਗਗਨਦੀਪ ਕੌਰ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਜਦੋਂਕਿ ਅਮਰਜੀਤ ਸਿੰਘ ਭੱਜਣ ਵਿਚ ਸਫ਼ਲ ਹੋ ਗਿਆ। ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।