ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ’ਚ ਆਪ ਦੇ ਉਮੀਦਵਾਰ ਸ਼ਾਨਦਾਰ ਜਿੱਤ ਦਰਜ ਕਰਨਗੇ: ਭੱਲਾ

-ਉਮੀਦਵਾਰ ਭੁਪਿੰਦਰ ਸਿੰਘ ਗੁਰੂਸਰ ਤੇ ਸੁਖਦੇਵ ਸਿੰਘ ਕਾਲਾ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ
ਪੰਜਾਬ ਸਰਕਾਰ ਵੱਲੋਂ ਲੋਕਾਂ ਅਤੇ ਸੂਬੇ ਦੀ ਭਲਾਈ ਲਈ ਚੁੱਕੇ ਕਦਮਾਂ ਸਦਕਾ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਆਪ ਦੇ ਉਮੀਦਵਾਰ ਸ਼ਾਨਦਾਰ ਜਿੱਤ ਦਰਜ ਕਰਨਗੇ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਭੁਪਿੰਦਰ ਸਿੰਘ ਗੁਰੂਸਰ ਅਤੇ ਬਲਾਕ ਸੰਮਤੀ ਦੇ ਉਮੀਦਵਾਰ ਸੁਖਦੇਵ ਸਿੰਘ ਕਾਲਾ ਕੋਠਾ ਗੁਰੂ ਦੇ ਹੱਕ ਵਿਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਭਲਾਈ ਲਈ ਚੁੱਕੇ ਇਤਿਹਾਸਿਕ ਕਦਮਾਂ ਕਾਰਨ ਪੰਜਾਬ ਦੇ ਲੋਕ ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਆਮ ਆਦਮੀ ਪਾਰਟੀ ਨੇ ਬਹੁਤ ਵਧੀਆ ਕੰਮ ਕੀਤਾ ਹੈ। ਜਿਸ ਕਾਰਨ ਲੋਕਾਂ ਨੂੰ ਸਸਤੀਆਂ ਤੇ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ। ਭੱਲਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਪਹਿਲਾਂ ਹੀ ਸੂਬੇ ਵਿੱਚੋਂ ਹਾਸ਼ੀਏ ’ਤੇ ਚਲੇ ਗਏ ਹਨ। ਜਦੋਂ ਕਿ ਕਾਂਗਰਸੀ ਆਗੂ ਇਕ ਦੂਜੇ ਦੀਆਂ ਲੱਤਾਂ ਖਿੱਚਣ ਲੱਗੇ ਹੋਏ ਹਨ। ਇਸ ਲਈ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ’ਚ ‘ਆਪ’ ਦੇ ਉਮੀਦਵਾਰ ਸ਼ਾਨਦਾਰ ਢੰਗ ਨਾਲ ਜਿੱਤ ਦਰਜ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਵਿਕਾਸ ਅਤੇ ਤਰੱਕੀ ਚਾਹੁੰਦੇ ਹਨ ਅਤੇ ਵਿਕਾਸ ਅਤੇ ਤਰੱਕੀ ਸਿਰਫ ‘ਆਪ’ ਹੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਆਜ਼ਾਦੀ ਤੋਂ ਬਾਅਦ ਹੁਣ ਤਕ ਰਾਜ ਕੀਤਾ ਪਰ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਕੁਝ ਨਹੀਂ ਕੀਤਾ ਸਗੋਂ ਆਪਣੇ ਘਰਾਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਨੂੰ ਪਹਿਲੇ ਨੰਬਰ ’ਤੇ ਰੱਖਿਆ ਹੈ। ਇਹੀ ਕਾਰਨ ਹੈ ਕਿ ਆਮ ਘਰਾਂ ਦੇ ਨੌਜਵਾਨਾਂ ਨੂੰ ਪਹਿਲਾਂ ਵਿਧਾਇਕ ਬਣਾਇਆ ਤੇ ਹੁਣ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀਆਂ ਟਿਕਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਨ੍ਹਾਂ ਚੋਣਾਂ ਵਿਚ ਆਪਣੀ ਸ਼ਾਨਦਾਰ ਜਿੱਤ ਦਰਜ ਕਰੇਗੀ ਤੇ ਪੰਜਾਬ ਲਈ ਕੀਤੇ ਕੰਮਾਂ ਬਦਲੇ ਵੋਟਾਂ ਮੰਗੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਵਾਇਤੀ ਪਾਰਟੀਆਂ ਦੇ ਝੂਠੇ ਪ੍ਰਚਾਰ ਤੋਂ ਸੁਚੇਤ ਰਹਿਣ।ਇਸ ਮੌਕੇ ਪਿੰਡ ਕੋਠਾ ਗੁਰੂ ਦੇ ਸਰਪੰਚ ਗੋਵਿੰਦਰ ਪਾਲ ਸਿੰਘ, ਪਿੰਡ ਪ੍ਰਧਾਨ ਕੋਠਾ ਗੁਰੂ ਬੂਟਾ ਸਿੰਘ, ਜੀਤ ਸਿੰਘ,ਪਲਦੀਪ ਸਿੰਘ ਨੀਟਾ, ਇਕਬਾਲ ਖਾਨ ,ਜਗਸੀਰ ਸਿੰਘ ਪਨੈਚ, ਅਮਰਜੀਤ ਸਿੰਘ ਸਾਬਕਾ ਸਰਪੰਚ, ਸਾਧੂ ਸਿੰਘ ਨੰਬਰਦਾਰ,ਸੁਖਮੰਦਰ ਸਿੰਘ ਖ਼ਾਲਸਾ, ਅਜੀਤ ਸਿੰਘ ਸਾਬਕਾ ਸਰਪੰਚ, ਬਲਜੀਤ ਸਿੰਘ, ਮੰਦਰ ਸਿੰਘ, ਸਿਕੰਦਰ ਸਿੰਘ,ਭੋਲਾ ਸਿੰਘ, ਤਰਸੇਮ ਸਿੰਘ, ਬਿੱਕਰ ਸਿੰਘ, ਲੱਖਾਂ ਸਿੰਘ ਹਾਜ਼ਰ ਸਨ।