- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੰਗਲਾਤ ਕਾਰਪੋਰੇਸ਼ਨ ਦੇ ਚੇਅਰਮੈਨ ਰਾਕੇਸ਼ ਪੁਰੀ ਨੇ ਐਸਆਈਆਰ ਕੈਂਪਾਂ ਦਾ ਲਿਆ ਜਾਇਜ਼ਾ

-ਬੀਐੱਲਏ ਪੁਰੀ ਨੇ ਲੋਕਾਂ ਨੂੰ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਕੀਤੀ ਅਪੀਲ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਜੰਗਲਾਤ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਤੇ ਬੂਥ ਲੈਵਲ ਏਜੰਟ (ਬੀਐੱਲਏ-1) ਰਾਕੇਸ਼ ਪੁਰੀ ਨੇ ਅੱਜ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸਆਈਆਰ) ਕੈਂਪਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕੈਂਪਾਂ ਵਿੱਚ ਡਿਊਟੀ ਨਿਭਾ ਰਹੇ ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼) ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਤੇ ਲੋਕਾਂ ਨੂੰ ਵੋਟਰ ਸੂਚੀ ਨਾਲ ਸਬੰਧਤ ਦਸਤਾਵੇਜ਼ ਸਮੇਂ ਸਿਰ ਜਮ੍ਹਾਂ ਕਰਵਾਉਣ ਲਈ ਪ੍ਰੇਰਿਤ ਕੀਤਾ। ਪੁਰੀ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਨਾਗਰਿਕ ਦਾ ਵੋਟ ਦਾ ਅਧਿਕਾਰ ਸੁਰੱਖਿਅਤ ਰਹਿਣਾ ਬਹੁਤ ਜ਼ਰੂਰੀ ਹੈ। ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਐੱਸਆਈਆਰ ਮੁਹਿੰਮ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਪਾਰਦਰਸ਼ੀ, ਸਹੀ ਤੇ ਅਪਡੇਟ ਬਣਾਉਣਾ ਹੈ। ਇਸ ਲਈ ਹਰ ਯੋਗ ਵੋਟਰ ਨੂੰ ਆਪਣੇ ਲੋੜੀਂਦੇ ਦਸਤਾਵੇਜ਼ ਬੀਐੱਲਓਜ਼ ਕੋਲ ਸਮੇਂ ਸਿਰ ਜਮ੍ਹਾਂ ਕਰਵਾਉਣੇ ਚਾਹੀਦੇ ਹਨ ਤਾਂ ਜੋ ਭਵਿੱਖ ’ਚ ਕਿਸੇ ਵੀ ਵਿਅਕਤੀ ਨੂੰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹਿਣਾ ਪਵੇ। ਉਨ੍ਹਾਂ ਕਿਹਾ ਕਿ ਵੋਟ ਸਿਰਫ਼ ਇਕ ਅਧਿਕਾਰ ਨਹੀਂ, ਸਗੋਂ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ਸਭ ਤੋਂ ਵੱਡੀ ਤਾਕਤ ਹੈ। ਇਹ ਅਧਿਕਾਰ ਸਾਡੇ ਦੇਸ਼ ਦੇ ਆਜ਼ਾਦੀ ਸੈਨਾਨੀਆਂ ਤੇ ਕਈ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਮਿਲਿਆ ਹੈ। ਇਸ ਲਈ ਹਰ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਰੱਖਿਆ ਕਰੇ ਤੇ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਲੁੜੀਂਦੀ ਕਾਰਵਾਈ ਸਮੇਂ ਸਿਰ ਪੂਰੀ ਕਰੇ। ਪੁਰੀ ਨੇ ਕੈਂਪਾਂ ਵਿੱਚ ਮੌਜੂਦ ਬੀਐੱਲਓਜ਼ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਐਸਆਈਆਰ ਮੁਹਿੰਮ ਬਾਰੇ ਜਾਗਰੂਕ ਕਰਨ, ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਬੀਐੱਲਓ ਲੋਕਤੰਤਰਿਕ ਪ੍ਰਕਿਰਿਆ ਦੀ ਇੱਕ ਮਹੱਤਵਪੂਰਨ ਕੜੀ ਹਨ ਤੇ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਹਰ ਯੋਗ ਵੋਟਰ ਤੱਕ ਸਹੀ ਜਾਣਕਾਰੀ ਪਹੁੰਚੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਜਾਂ ਗਲਤ ਜਾਣਕਾਰੀ 'ਤੇ ਵਿਸ਼ਵਾਸ ਨਾ ਕਰਨ ਅਤੇ ਕਿਸੇ ਵੀ ਸ਼ੰਕੇ ਦੀ ਸਥਿਤੀ ਵਿੱਚ ਆਪਣੇ ਸਬੰਧਤ ਬੀਐਲਓ ਜਾਂ ਚੋਣ ਦਫ਼ਤਰ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਸਮੇਂ ਸਿਰ ਦਸਤਾਵੇਜ਼ ਜਮ੍ਹਾਂ ਕਰਵਾਉਣ ਨਾਲ ਵੋਟਰ ਸੂਚੀ ਵਿੱਚ ਨਾਮ ਸਹੀ ਢੰਗ ਨਾਲ ਦਰਜ ਰਹੇਗਾ ਅਤੇ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਕੈਂਪ ਦੌਰਾਨ ਰਾਕੇਸ਼ ਪੁਰੀ ਨੇ ਮੌਕੇ 'ਤੇ ਪੁੱਜੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਆਸ-ਪਾਸ ਦੇ ਲੋਕਾਂ ਨੂੰ ਵੀ ਇਸ ਮੁਹਿੰਮ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਵੋਟਰ ਸੂਚੀਆਂ ਨੂੰ ਸ਼ੁੱਧ ਅਤੇ ਭਰੋਸੇਯੋਗ ਬਣਾਇਆ ਜਾ ਸਕਦਾ ਹੈ।
ਅੰਤ ਵਿੱਚ ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਸਹੂਲਤ ਲਈ ਐਸਆਈਆਰ ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਹਰ ਸੰਭਵ ਸਹਾਇਤਾ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਅਧਿਕਾਰ ਦੀ ਰੱਖਿਆ ਲਈ ਲੋੜੀਂਦੇ ਦਸਤਾਵੇਜ਼ ਬਿਨਾਂ ਕਿਸੇ ਦੇਰੀ ਦੇ ਆਪਣੇ ਬੀਐਲਓ ਕੋਲ ਜਮ੍ਹਾਂ ਕਰਵਾਉਣ ਅਤੇ ਇੱਕ ਮਜ਼ਬੂਤ ਲੋਕਤੰਤਰ ਦੀ ਉਸਾਰੀ ਵਿੱਚ ਆਪਣਾ ਯੋਗਦਾਨ ਪਾਉਣ।