ਤਾਪਮਾਨ 10.8 ਡਿਗਰੀ ਪੁੱਜਿਆ, ਸਵੇਰੇ-ਸ਼ਾਮ ਠੰਢ ਦਾ ਅਹਿਸਾਸ
ਤਾਪਮਾਨ 10.8 ਡਿਗਰੀ ਤਕ ਪੁੱਜਾ, ਫਿਰ ਵੀ ਸਵੇਰ-ਸ਼ਾਮ ਠੰਢ ਦਾ ਅਹਿਸਾਸ
Publish Date: Tue, 10 Feb 2026 04:21 PM (IST)
Updated Date: Wed, 11 Feb 2026 04:00 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਵਿਚ ਪਿਛਲੇ ਕੁਝ ਦਿਨਾਂ ਦੌਰਾਨ ਤਾਪਮਾਨ ਵਿਚ ਵਾਧਾ ਦਰਜ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਲੋਕਾਂ ਨੂੰ ਅਜੇ ਵੀ ਸਵੇਰ ਅਤੇ ਸ਼ਾਮ ਸਮੇਂ ਠੰਢ ਦਾ ਅਹਿਸਾਸ ਹੋ ਰਿਹਾ ਹੈ। ਮੰਗਲਵਾਰ ਨੂੰ ਜ਼ਿਲ੍ਹੇ ਦਾ ਘੱਟ ਤੋਂ ਘੱਟ ਤਾਪਮਾਨ 10.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੇ ਦੋ ਦਿਨਾਂ ਦੇ ਮੁਕਾਬਲੇ ਕਾਫ਼ੀ ਵਧਿਆ ਹੋਇਆ ਹੈ। ਮੌਸਮ ਵਿਭਾਗ ਦੇ ਅਨੁਸਾਰ ਪਿਛਲੇ ਦੋ ਦਿਨਾਂ ਵਿੱਚ ਤਾਪਮਾਨ ਵਿੱਚ ਕੁੱਲ 4.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਐਤਵਾਰ ਨੂੰ ਘੱਟ ਤੋਂ ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ ਸੀ, ਜੋ ਮੰਗਲਵਾਰ ਤਕ ਵਧ ਕੇ 10.8 ਡਿਗਰੀ ਤਕ ਪਹੁੰਚ ਗਿਆ। ਹਾਲਾਂਕਿ ਦਿਨ ਦੇ ਸਮੇਂ ਧੁੱਪ ਖਿੜੀ ਰਹਿਣ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ, ਪਰ ਸਵੇਰ-ਸ਼ਾਮ ਚੱਲ ਰਹੀਆਂ ਹਲਕੀਆਂ ਠੰਢੀਆਂ ਹਵਾਵਾਂ ਕਾਰਨ ਲੋਕਾਂ ਨੂੰ ਗਰਮ ਕੱਪੜਿਆਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਖ਼ਾਸ ਕਰਕੇ ਸਕੂਲ ਜਾਣ ਵਾਲੇ ਬੱਚੇ, ਬਜ਼ੁਰਗ ਅਤੇ ਸਵੇਰ ਦੇ ਸਮੇਂ ਕੰਮ-ਕਾਜ ਲਈ ਨਿਕਲਣ ਵਾਲੇ ਲੋਕ ਠੰਢ ਤੋਂ ਪ੍ਰਭਾਵਿਤ ਹੋ ਰਹੇ ਹਨ। ਮੌਸਮ ਵਿਭਾਗ ਵੱਲੋਂ ਜਾਰੀ ਅਨੁਮਾਨ ਮੁਤਾਬਕ ਜ਼ਿਲ੍ਹੇ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਮੌਸਮ ਠੰਢਾ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਘੱਟ ਤੋਂ ਘੱਟ ਤਾਪਮਾਨ 11 ਤੋਂ 12 ਡਿਗਰੀ ਸੈਲਸੀਅਸ ਦੇ ਦਰਮਿਆਨ ਰਹਿ ਸਕਦਾ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ 24 ਤੋਂ 26 ਡਿਗਰੀ ਸੈਲਸੀਅਸ ਤਕ ਪੁੱਜਣ ਦੀ ਸੰਭਾਵਨਾ ਜਤਾਈ ਗਈ ਹੈ। ਮਾਹਿਰਾਂ ਨੇ ਕਿਹਾ ਕਿ ਮੌਸਮ ਵਿੱਚ ਹੌਲੀ-ਹੌਲੀ ਬਦਲਾਅ ਆ ਰਿਹਾ ਹੈ ਅਤੇ ਦਿਨ ਦੇ ਤਾਪਮਾਨ ਵਿੱਚ ਹੋ ਰਹੇ ਵਾਧੇ ਨਾਲ ਰਾਤਾਂ ਦੀ ਠੰਢ ਵਿੱਚ ਕੁਝ ਕਮੀ ਆ ਸਕਦੀ ਹੈ। ਇਸ ਦੇ ਬਾਵਜੂਦ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਸਿਹਤ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 15 ਫਰਵਰੀ ਤਕ ਜ਼ਿਲ੍ਹੇ ਅੰਦਰ ਹਵਾ ਦੀ ਗਤੀ 4 ਤੋਂ 8 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਸਕਦੀ ਹੈ ਜਦਕਿ ਹਵਾ ’ਚ ਨਮੀ ਦੀ ਮਾਤਰਾ 42 ਤੋਂ 86 ਫੀਸਦੀ ਦਰਮਿਆਨ ਰਹਿਣ ਦਾ ਅਨੁਮਾਨ ਹੈ।