ਗੜੇਮਾਰੀ ਤੋਂ ਪ੍ਰਭਾਵਿਤ ਖੇਤਰ ਦਾ ਚੇਅਰਮੈਨ ਭੱਲਾ ਵੱਲੋਂ ਦੌਰਾ
ਗੜੇਮਾਰੀ ਤੋਂ ਪ੍ਰਭਾਵਿਤ ਖੇਤਰ ਦਾ ਚੇਅਰਮੈਨ ਜਤਿੰਦਰ ਭੱਲਾ ਨੇ ਕੀਤਾ ਦੌਰਾ
Publish Date: Tue, 07 Apr 2026 04:48 PM (IST)
Updated Date: Wed, 08 Apr 2026 04:00 AM (IST)
-ਕਿਹਾ, ਗਿਰਦਾਵਰੀ ਦਾ ਕੰਮ ਸ਼ੁਰੂ, ਜਲਦ ਦਿੱਤਾ ਜਾਵੇਗਾ ਮਿਲੇਗਾ ਮੁਆਵਜ਼ਾ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਕੋਠੇ ਲਾਲ ਸਿੰਘ, ਕੋਠੇ ਕੌਰ, ਕੋਠੇ ਸੰਧਵਾਂ ਅਤੇ ਅਬਲੂ ਪਿੰਡ ਵਿੱਚ ਹਾਲ ਹੀ ਵਿੱਚ ਹੋਈ ਗੜੇਮਾਰੀ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਨੁਕਸਾਨ ਦਾ ਜਾਇਜ਼ਾ ਲੈਣ ਲਈ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਦੌਰੇ ਦੌਰਾਨ ਜਤਿੰਦਰ ਭੱਲਾ ਨੇ ਦੱਸਿਆ ਕਿ ਗੜੇਮਾਰੀ ਕਾਰਨ ਕਣਕ, ਸਰੋਂ ਅਤੇ ਹੋਰ ਫਸਲਾਂ ਨੂੰ ਕਾਫ਼ੀ ਨੁਕਸਾਨ ਹੋਇਆ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਨੁਕਸਾਨ ਦੀ ਗਿਰਦਾਵਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਸਰਕਾਰੀ ਟੀਮਾਂ ਖੇਤਾਂ ਵਿੱਚ ਪਹੁੰਚ ਕੇ ਨੁਕਸਾਨ ਦੀ ਜਾਂਚ ਕਰ ਰਹੀਆਂ ਹਨ ਤਾਂ ਜੋ ਸਹੀ ਅੰਕੜੇ ਇਕੱਠੇ ਕੀਤੇ ਜਾ ਸਕਣ। ਭੱਲਾ ਨੇ ਭਰੋਸਾ ਦਿੱਤਾ ਕਿ ਗਿਰਦਾਵਰੀ ਪੂਰੀ ਹੋਣ ਤੋਂ ਬਾਅਦ ਪ੍ਰਭਾਵਿਤ ਕਿਸਾਨਾਂ ਨੂੰ ਨੁਕਸਾਨ ਦਾ ਮੁਆਵਜ਼ਾ ਜਲਦੀ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਿਸੇ ਵੀ ਕਿਸਾਨ ਨੂੰ ਨੁਕਸਾਨ ਦੀ ਭਰਪਾਈ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਕਿਸਾਨਾਂ ਨੇ ਵੀ ਆਪਣੀ ਪੀੜਾ ਜਤਾਉਂਦੇ ਹੋਏ ਕਿਹਾ ਕਿ ਗੜੇਮਾਰੀ ਨੇ ਉਨ੍ਹਾਂ ਦੀ ਸਾਲ ਭਰ ਦੀ ਮਿਹਨਤ ਨੂੰ ਨੁਕਸਾਨ ਪਹੁੰਚਾਇਆ ਹੈ। ਕਈ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਕਰਜ਼ਾ ਚੁਕਾਉਣ ਵਿੱਚ ਵੀ ਮੁਸ਼ਕਲ ਆ ਸਕਦੀ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਆਵਜ਼ਾ ਜਲਦੀ ਤੋਂ ਜਲਦੀ ਦਿੱਤਾ ਜਾਵੇ ਅਤੇ ਰਾਹਤ ਰਕਮ ਵਧਾਈ ਜਾਵੇ। ਇਸ ਮੌਕੇ ‘ਤੇ ਜਤਿੰਦਰ ਭੱਲਾ ਨੇ ਸਬੰਧਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਗਿਰਦਾਵਰੀ ਦੇ ਕੰਮ ਨੂੰ ਤੇਜ਼ ਕੀਤਾ ਜਾਵੇ ਅਤੇ ਪੂਰੀ ਪਾਰਦਰਸ਼ਿਤਾ ਨਾਲ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਦਾ ਨੁਕਸਾਨ ਦਰਜ ਕਰਨ ਵਿੱਚ ਕੋਈ ਲਾਪਰਵਾਹੀ ਹੋਈ ਤਾਂ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਅਖੀਰ ਵਿੱਚ ਉਨ੍ਹਾਂ ਨੇ ਕਿਸਾਨਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਉਹ ਧੀਰਜ ਬਣਾਈ ਰੱਖਣ ਅਤੇ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਮਦਦ ‘ਤੇ ਭਰੋਸਾ ਰੱਖਣ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਹਰ ਪ੍ਰਭਾਵਿਤ ਕਿਸਾਨ ਤਕ ਰਾਹਤ ਪਹੁੰਚਾਈ ਜਾਵੇਗੀ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।