- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਗਾਤਾਰ ਮੀਂਹ ਨਾਲ ਮੌਸਮ ਵਿੱਚ ਬਦਲਾਅ, ਫ਼ਸਲ ਨੂੰ ਲੈ ਕੇ ਕਿਸਾਨਾਂ ਦੀ ਚਿੰਤਾ ਵਧੀ

-ਦੋ ਦਿਨਾਂ ’ਚ 8 ਐੱਮਐੱਮ ਪਿਆ ਮੀਂਹ, ਤਾਪਮਾਨ ’ਚ ਗਿਰਾਵਟ, ਕਣਕ ਦੀ ਫ਼ਸਲ ਦੇ ਨੁਕਸਾਨ ਦਾ ਖ਼ਦਸ਼ਾ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਵਿਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਨੇ ਮੀਂਹ ਨੇ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਇਕ ਪਾਸੇ ਤਾਪਮਾਨ ਵਿੱਚ ਕਮੀ ਦਰਜ ਕੀਤੀ ਗਈ ਹੈ, ਦੂਜੇ ਪਾਸੇ ਇਸ ਬਦਲੇ ਹੋਏ ਮੌਸਮ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਜ਼ਿਲ੍ਹੇ ਵਿੱਚ ਸ਼ੁੱਕਰਵਾਰ ਦੁਪਹਿਰ ਤਕ ਲਗਭਗ 8 ਐਮਐਮ ਮੀਂਹ ਦਰਜ ਕੀਤਾ ਗਿਆ ਹੈ। ਇਹ ਬੇਮੌਸਮੇ ਮੀਂਹ ਪੈਣ ਕਾਰਨ ਪੱਕੀ ਕਣਕ ਫਸਲਾਂ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਖਾਸ ਕਰਕੇ ਜਿਹੜੀ ਕਣਕ ਦੀ ਫ਼ਸਲ ਪਿਛਲੇ ਦਿਨੀਂ ਹਨੇਰੀ ਨਾਲ ਧਰਤੀ ’ਤੇ ਡਿੱਗ ਪਈ ਸੀ। ਮੌਸਮ ਵਿਭਾਗ ਦੇ ਅਨੁਸਾਰ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਘਟ ਕੇ 28.8 ਡਿਗਰੀ ਸੈਲਸੀਅਸ ਤਕ ਆ ਗਿਆ ਹੈ, ਜਦਕਿ ਘੱਟੋ-ਘੱਟ ਤਾਪਮਾਨ ਲਗਭਗ 17 ਡਿਗਰੀ ਸੈਲਸੀਅਸ ਦੇ ਆਸ-ਪਾਸ ਬਣਿਆ ਹੋਇਆ ਹੈ। ਤਾਪਮਾਨ ਵਿੱਚ ਆਈ ਇਸ ਗਿਰਾਵਟ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਕਿਸਾਨਾਂ ਲਈ ਇਹ ਰਾਹਤ ਚਿੰਤਾ ਵਿਚ ਤਬਦੀਲ ਹੋ ਗਈ ਹੈ।
ਅਸਲ ਵਿੱਚ ਜ਼ਿਲ੍ਹੇ ਵਿੱਚ ਕਣਕ ਦੀ ਫਸਲ ਲਗਭਗ ਪੂਰੀ ਤਰ੍ਹਾਂ ਤਿਆਰ ਹੋ ਚੁੱਕੀ ਹੈ ਅਤੇ ਕਈ ਥਾਵਾਂ ‘ਤੇ ਕਟਾਈ ਦਾ ਕੰਮ ਸ਼ੁਰੂ ਹੋਣ ਵਾਲਾ ਸੀ। ਇਸ ਸਮੇਂ ਲਗਾਤਾਰ ਹੋ ਰਹੀ ਬਾਰਿਸ਼ ਫਸਲ ਲਈ ਖਤਰਾ ਬਣਦੀ ਜਾ ਰਹੀ ਹੈ। ਖੇਤਾਂ ਵਿੱਚ ਖੜੀ ਫਸਲ ਦੇ ਡਿੱਗਣ ਅਤੇ ਪਹਿਲਾਂ ਤੋਂ ਡਿੱਗੀ ਫਸਲ ਦੇ ਭਿੱਜਣ ਨਾਲ ਦਾਣਿਆਂ ਦੇ ਕਾਲੇ ਪੈਣ, ਪੁੰਗਰਣ ਦੀ ਸੰਭਾਵਨਾ ਵਧ ਗਈ ਹੈ, ਜਿਸ ਨਾਲ ਉਤਪਾਦਨ ਅਤੇ ਗੁਣਵੱਤਾ ਦੋਹਾਂ ‘ਤੇ ਅਸਰ ਪੈ ਸਕਦਾ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਹਾਲ ਹੀ ਵਿੱਚ ਆਈਆਂ ਤੇਜ਼ ਹਵਾਵਾਂ ਅਤੇ ਗੜੇਮਾਰੀ ਨੇ ਪਹਿਲਾਂ ਹੀ ਕਣਕ ਦੀ ਫਸਲ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ। ਕਈ ਥਾਵਾਂ ’ਤੇ ਕਣਕ ਦੀ ਫਸਲ ਜ਼ਮੀਨ ‘ਤੇ ਡਿੱਗ ਚੁੱਕੀ ਹੈ। ਹੁਣ ਲਗਾਤਾਰ ਬਾਰਿਸ਼ ਨਾਲ ਹਾਲਾਤ ਹੋਰ ਵੀ ਖਰਾਬ ਹੋ ਸਕਦੇ ਹਨ। ਜੇਕਰ ਮੌਸਮ ਸਾਫ ਨਾ ਹੋਇਆ ਤਾਂ ਕਟਾਈ ਵਿੱਚ ਦੇਰੀ ਦੇ ਨਾਲ-ਨਾਲ ਨੁਕਸਾਨ ਦਾ ਘੇਰਾ ਵੀ ਵਧੇਗਾ। ਖੇਤੀ ਮਾਹਿਰਾਂ ਅਨੁਸਾਰ ਇਸ ਸਮੇਂ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕੀ ਚੁੱਕੀ ਹੈ ਅਤੇ ਅਗਲੇ ਦਿਨ੍ਹਾਂ ਵਿਚ ਕਟਾਈ ਸ਼ੁਰੂ ਹੋਣੀ ਹੈ। ਅਜਿਹੇ ਵਿੱਚ ਬਾਰਿਸ਼ ਅਤੇ ਨਮੀ ਫਸਲ ਲਈ ਨੁਕਸਾਨਦਾਇਕ ਸਾਬਤ ਹੁੰਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਮੌਸਮ ਸਾਫ ਹੁੰਦੇ ਹੀ ਜਲਦੀ ਤੋਂ ਜਲਦੀ ਕਟਾਈ ਦਾ ਕੰਮ ਮੁਕੰਮਲ ਕੀਤਾ ਜਾਵੇ ਅਤੇ ਡਿੱਗੀ ਹੋਈ ਫਸਲ ਨੂੰ ਪਹਿਲ ਦੇ ਆਧਾਰ ‘ਤੇ ਸੰਭਾਲਿਆ ਜਾਵੇ।
ਦੂਜੇ ਪਾਸੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਦੇ ਬਦਲਾਅ ਦੀ ਸੰਭਾਵਨਾ ਜਤਾਈ ਹੈ। ਵਿਭਾਗ ਵੱਲੋਂ ਹਲਕੀ ਬਾਰਿਸ਼, ਤੇਜ਼ ਹਵਾਵਾਂ ਅਤੇ ਹਨੇਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਹੋਰ ਵੱਧ ਗਈ ਹੈ। ਮਾਹਿਰਾਂਝਦਾ ਮੰਨਣਾ ਹੈ ਕਿ ਜੇਕਰ ਬਾਰਿਸ਼ ਦਾ ਸਿਲਸਿਲਾ ਜਾਰੀ ਰਿਹਾ ਤਾਂ ਖੇਤਾਂ ਵਿੱਚ ਪਾਣੀ ਖੜ੍ਹਣ ਨਾਲ ਫਸਲ ਨੂੰ ਹੋਰ ਵੱਧ ਨੁਕਸਾਨ ਹੋ ਸਕਦਾ ਹੈ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੇ ਮੌਸਮ ਕਾਰਨ ਫਸਲਾਂ ਨੂੰ ਨੁਕਸਾਨ ਦੇ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਕੁਦਰਤੀ ਆਫ਼ਤਾਂ ਕਾਰਨ ਖੇਤੀ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ, ਅਜਿਹੇ ਵਿੱਚ ਸਰਕਾਰ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਬਠਿੰਡਾ ਵਿੱਚ ਬਦਲਿਆ ਮੌਸਮ ਜਿੱਥੇ ਆਮ ਲੋਕਾਂ ਲਈ ਰਾਹਤ ਲੈ ਕੇ ਆਇਆ ਹੈ, ਉੱਥੇ ਹੀ ਕਿਸਾਨਾਂ ਲਈ ਇਹ ਨਵੀਂ ਚਿੰਤਾ ਦਾ ਕਾਰਨ ਬਣ ਗਿਆ ਹੈ। ਹੁਣ ਕਿਸਾਨਾਂ ਦੀਆਂ ਨਜ਼ਰਾਂ ਆਉਣ ਵਾਲੇ ਦਿਨਾਂ ਦੇ ਮੌਸਮ ‘ਤੇ ਟਿਕੀਆਂ ਹੋਈਆਂ ਹਨ।