ਤਾਪਮਾਨ ’ਚ ਦੋ ਡਿਗਰੀ ਦਾ ਵਾਧਾ ਹੋਣ ਦੇ ਬਾਵਜੂਦ, ਠੰਢ ਤੋਂ ਨਹੀਂ ਰਾਹਤ
ਸੰਘਣੀ ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤ, ਸੜਕ ਹਾਦਸਿਆਂ ’ਚ ਹੋਇਆ ਵਾਧਾ
Publish Date: Sat, 17 Jan 2026 05:09 PM (IST)
Updated Date: Sun, 18 Jan 2026 04:07 AM (IST)

21) ਬਠਿੰਡਾ ਜ਼ਿਲ੍ਹੇ ’ਚ ਸ਼ਨਿੱਚਰਵਾਰ ਨੂੰ ਪੈ ਰਹੀ ਸੰਘਣੀ ਧੁੰਦ ਵਿੱਚੋਂ ਗੁਜ਼ਰਦੇ ਬਾਈਕ ਸਵਾਰ•। ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ ਸ਼ਨੀਵਾਰ ਸਵੇਰੇ ਬਠਿੰਡਾ ਅਤੇ ਆਸਪਾਸ ਦੇ ਖੇਤਰਾਂ ਵਿੱਚ ਸੰਘਣੀ ਧੁੰਦ ਨੇ ਆਮ ਜਨ ਜੀਵਨ ਨੂੰ ਪ੍ਰਭਾਵਿਤ ਕੀਤਾ। ਘੱਟ ਦੂਰ ਦ੍ਰਿਸ਼ਟਤਾ ਕਾਰਨ ਸੜਕਾਂ ‘ਤੇ ਯਾਤਰਾ ਕਰਨਾ ਮੁਸ਼ਕਲ ਹੋ ਗਿਆ, ਜਿਸ ਨਾਲ ਕਈ ਹਾਦਸੇ ਵਾਪਰੇ। ਇਨ੍ਹਾਂ ਹਾਦਸਿਆਂ ਵਿੱਚ ਕੁਝ ਬਹੁਤ ਹੀ ਗੰਭੀਰ ਹਨ, ਜਿੱਥੇ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋਇਆ। ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੇ ਬਾਵਜੂਦ ਸੀਤ ਲਹਿਰ ਕਾਰਨ ਲੋਕ ਘਰਾਂ ’ਚ ਹੀ ਰਹਿਣ ਨੂੰ ਮਜਬੂਰ ਰਹੇ। ਧੁੰਦ ਕਾਰਨ ਸਵੇਰੇ ਸਮੇਂ ਸਕੂਲ ਅਤੇ ਦਫ਼ਤਰ ਜਾਣ ਵਾਲੇ ਲੋਕਾਂ ਨੂੰ ਵੀ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਵਿਦਿਆਰਥੀਆਂ ਨੂੰ ਠੰਢ ਤੇ ਧੁੰਦ ਕਾਰਨ ਮਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਠਿੰਡਾ ਜ਼ਿਲ੍ਹੇ ’ਚ ਇਸ ਵਾਰ ਪੈ ਰਹੀ ਕੜਾਕੇ ਦੀ ਠੰਢ ਨੇ ਪਿਛਲੇ ਚਾਰ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਜਨਵਰੀ ਮਹੀਨੇ ਦੌਰਾਨ ਤਾਪਮਾਨ ਵਿੱਚ ਲਗਾਤਾਰ ਆ ਰਹੀ ਗਿਰਾਵਟ ਕਾਰਨ ਚਾਰ ਦਿਨ ਪਹਿਲਾਂ ਘੱਟੋ-ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ, ਜਿਸ ਨਾਲ ਲੋਕਾਂ ਨੂੰ ਭਿਆਨਕ ਠੰਢ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਪਹਿਲਾਂ ਸਾਲ 2022 ਵਿੱਚ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ ਮਾਇਨਸ 1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਸਨੀਵਾਰ ਨੂੰ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਜ਼ਿਲ੍ਹੇ ਅੰਦਰ ਘੱਟ ਤੋਂ ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਜੇਕਰ ਦੇਖਿਆ ਜਾਵੇ ਤਾਂ ਲੋਹੜੀ ਵਾਲੇ ਦਿਨ ਜ਼ਿਲ੍ਹੇ ਅੰਦਰ ਘੱਟ ਤੋਂ ਘੱਟ ਤਾਪਮਾਨ 1.6 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 13.4 ਡਿਗਰੀ ਸੈਲਸੀਅਸ ਰਿਹਾ ਜਦਕਿ 14 ਜਨਵਰੀ ਨੂੰ ਮਾਘੀ ਵਾਲੇ ਦਿਨ ਘੱਟ ਤੋਂ ਘੱਟ ਤਾਪਮਾਨ 3.2 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 13.5 ਡਿਗਰੀ ਸੈਲਸੀਅਸ ਦਰਜ ਕੀਤ ਗਿਆ। 15 ਜਨਵਰੀ ਨੂੰ ਫਿਰ ਤਾਪਮਾਨ ਘਟ ਕੇ 1.6 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ, ਜਦੋ ਕਿ 16 ਜਨਵਰੀ ਨੂੰ ਘੱਟ ਤੋਂ ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਸਵੇਰੇ ਅਤੇ ਰਾਤ ਦੇ ਸਮੇਂ ਧੁੰਦ ਦਾ ਪ੍ਰਭਾਵ ਜਾਰੀ ਰਹੇਗਾ। ਇਸ ਲਈ ਲੋਕਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਸਖ਼ਤ ਸਲਾਹ ਦਿੱਤੀ ਗਈ ਹੈ। ਦੂਜੇ ਪਾਸੇ ਸੰਘਣੀ ਧੁੰਦ ਕਾਰਨ ਵਾਪਰੇ ਹਾਦਸਿਆਂ ਨੇ ਸਥਾਨਕ ਲੋਕਾਂ ’ਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ।