- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਮਪੁਰਾ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਮਹਿਲਾ ਨਾਲ ਅਸ਼ਲੀਲ ਹਰਕਤ

-ਸਿਵਲ ਹਸਪਤਾਲ ’ਚ ਦਾਖਲ ਮਰੀਜ਼ਾਂ ਦੀ ਸੁਰੱਖਿਆ ’ਤੇ ਉੱਠ ਰਹੇ ਸਵਾਲ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਜ਼ਿਲ੍ਹਾ ਬਠਿੰਡਾ ਦੇ ਰਾਮਪੁਰਾ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਇੱਕ ਮਹਿਲਾ ਨਾਲ ਰਾਤ ਦੇ ਸਮੇਂ ਇਤਰਾਜ਼ਯੋਗ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦੀ ਸੁਰੱਖਿਆ ’ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਜਾਣਕਾਰੀ ਮੁਤਾਬਕ ਰਾਤ ਕਰੀਬ ਦੋ ਵਜੇ ਇਕ ਅਣਪਛਾਤਾ ਵਿਅਕਤੀ ਜ਼ਬਰਦਸਤੀ ਮਹਿਲਾ ਦੇ ਕਮਰੇ ਵਿੱਚ ਦਾਖ਼ਲ ਹੋ ਗਿਆ ਅਤੇ ਉਸ ਨਾਲ ਅਸ਼ਲੀਲ ਤੇ ਅਪਮਾਨਜਨਕ ਗੱਲਾਂ ਕਰਨ ਲੱਗ ਪਿਆ।
ਪੀੜਤ ਮਹਿਲਾ ਨੇ ਦੱਸਿਆ ਕਿ ਉਸ ਵਿਅਕਤੀ ਨੇ ਉਸ ਨੂੰ ਅਣਚਾਹੀਆਂ ਪੇਸ਼ਕਸ਼ਾਂ ਕੀਤੀਆਂ, ਜਿਸ ਨਾਲ ਉਹ ਘਬਰਾਹਟ ਵਿੱਚ ਆ ਗਈ। ਇਸ ਤੋਂ ਬਾਅਦ ਮਹਿਲਾ ਨੇ ਤੁਰੰਤ ਆਪਣੇ ਰਿਸ਼ਤੇਦਾਰਾਂ ਨੂੰ ਫ਼ੋਨ ਕਰਕੇ ਹਸਪਤਾਲ ਬੁਲਾਇਆ। ਜਿਵੇਂ ਹੀ ਰਿਸ਼ਤੇਦਾਰ ਮੌਕੇ ’ਤੇ ਪਹੁੰਚੇ, ਉਕਤ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ। ਪੀੜਤ ਮਹਿਲਾ ਨੇ ਦੱਸਿਆ ਕਿ ਰਿਸ਼ਤੇਦਾਰਾਂ ਵੱਲੋਂ ਕੀਤੀ ਕੁੱਟਮਾਰ ਬਾਅਦ ਇਲਾਜ ਲਈ ਰਾਮਪੁਰਾ ਸਿਵਲ ਹਸਪਤਾਲ ਵਿੱਚ ਦਾਖ਼ਲ ਹੋਈ ਸੀ। ਉਸ ਨੇ ਇਹ ਵੀ ਦੱਸਿਆ ਕਿ ਥਾਣਾ ਨਥਾਣਾ ਦਾ ਇਕ ਪੁਲਿਸ ਕਰਮਚਾਰੀ ਸੋਮਵਾਰ ਸ਼ਾਮ ਨੂੰ ਆਪਣੇ ਸਾਥੀ ਸਮੇਤ ਉਸ ਦਾ ਬਿਆਨ ਦਰਜ ਕਰਨ ਲਈ ਆਇਆ ਸੀ ਤੇ ਕੁਝ ਸਵਾਲ ਪੁੱਛਣ ਤੋਂ ਬਾਅਦ ਉਹ ਵਾਪਸ ਚਲ ਗਏ ਸਨ। ਮਹਿਲਾ ਦਾ ਦਾਅਵਾ ਹੈ ਕਿ ਰਾਤ ਨੂੰ ਜਦੋਂ ਉਹ ਕਮਰੇ ’ਚ ਸੌ ਰਹੀ ਸੀ, ਤਾਂ ਇਕ ਵਿਅਕਤੀ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ। ਉਸ ਦੇ ਮੁਤਾਬਕ ਇਹ ਉਹੀ ਵਿਅਕਤੀ ਸੀ ਜੋ ਸ਼ਾਮ ਨੂੰ ਪੁਲਿਸ ਕਰਮਚਾਰੀ ਦੇ ਨਾਲ ਆਇਆ ਸੀ। ਮਹਿਲਾ ਨੇ ਕਿਹਾ ਕਿ ਉਸ ਵਿਅਕਤੀ ਦੀਆਂ ਗੱਲਾਂ ਸੁਣ ਕੇ ਉਹ ਬਹੁਤ ਡਰ ਗਈ ਤੇ ਉਸ ਨੇ ਤੁਰੰਤ ਆਪਣੇ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ।
ਇਸ ਘਟਨਾ ਸਬੰਧੀ ਪੀੜਤ ਮਹਿਲਾ ਵੱਲੋਂ ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਗੁਰਪ੍ਰੀਤ ਸਿੰਘ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਅਤੇ ਹਸਪਤਾਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ ਗਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਡੀਐੱਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪੀੜਤ ਮਹਿਲਾ ਦਾ ਬਿਆਨ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਉੱਧਰ ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮਹਿਲਾ ਦੀ ਸ਼ਿਕਾਇਤ ਉਨ੍ਹਾਂ ਨੂੰ ਮਿਲ ਚੁੱਕੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਜ਼ਰੂਰੀ ਕਦਮ ਚੁੱਕੇ ਜਾਣਗੇ।
-ਬਾਕਸ-
-ਰਾਮਪੁਰਾ ਸਿਵਲ ਹਸਪਤਾਲ ’ਚ ਮਰੀਜ਼ਾਂ ਦੀ ਸੁਰੱਖਿਆ ’ਤੇ ਸਵਾਲ
ਇਸ ਘਟਨਾ ਤੋਂ ਬਾਅਦ ਰਾਮਪੁਰਾ ਸਿਵਲ ਹਸਪਤਾਲ ’ਚ ਰਾਤ ਨੂੰ ਦਾਖ਼ਲ ਰਹਿਣ ਵਾਲੇ ਮਰੀਜ਼ਾਂ ਦੀ ਸੁਰੱਖਿਆ ’ਤੇ ਗੰਭੀਰ ਸਵਾਲ ਉੱਠ ਗਏ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਰਾਤ ਦੇ ਸਮੇਂ ਹਸਪਤਾਲ ਵਿੱਚ ਕੋਈ ਢੁੱਕਵਾਂ ਸੁਰੱਖਿਆ ਪ੍ਰਬੰਧ ਨਹੀਂ ਹੁੰਦਾ, ਜਿਸ ਕਾਰਨ ਕਿਸੇ ਵੀ ਸਮੇਂ ਵੱਡੀ ਅਣਚਾਹੀ ਘਟਨਾ ਵਾਪਰ ਸਕਦੀ ਹੈ। ਐੱਸਐੱਮਓ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਰਾਤ ਦੀ ਸੁਰੱਖਿਆ ਨੂੰ ਲੈ ਕੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਪੱਤਰ ਲਿਖਿਆ ਜਾ ਚੁੱਕਾ ਹੈ ਅਤੇ ਸੁਰੱਖਿਆ ਦੇ ਪੱਕੇ ਪ੍ਰਬੰਧ ਕਰਨ ਲਈ ਤੇਜ਼ੀ ਨਾਲ ਯਤਨ ਕੀਤੇ ਜਾ ਰਹੇ ਹਨ।