- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਿਉਂਦ ਜ਼ਬਰ ਖਿਲਾਫ ਬਠਿੰਡਾ ਦੀਆਂ ਸੜਕਾਂ 'ਤੇ ਉਮੜਿਆ ਜਨ ਸੈਲਾਬ

-ਬਠਿੰਡਾ ਦੀ ਐੱਸਐੱਸਪੀ ਸਮੇਤ ਜਬਰ ਦੇ ਦੋਸ਼ੀ ਪੁਲਿਸ ਅਧਿਕਾਰੀਆਂ 'ਤੇ ਕੇਸ ਦਰਜ ਕਰਨ ਦੀ ਮੰਗ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
18 ਫਰਵਰੀ ਨੂੰ ਜ਼ਿਲ੍ਹੇ ਦੇ ਪਿੰਡ ਜਿਉਂਦ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ’ਚ ਇਕੱਠੇ ਹੋਏ ਮਜ਼ਦੂਰਾਂ ਕਿਸਾਨਾਂ 'ਤੇ ਪੁਲਿਸ ਵੱਲੋਂ ਢਾਹੇ ਅੰਨ੍ਹੇ ਜਬਰ ਤੇ ਸੰਘਰਸ਼ ਕਰਨ ਦੇ ਹੱਕ 'ਤੇ ਮੜ੍ਹੀਆਂ ਰੋਕਾਂ ਖਿਲਾਫ ਅੱਜ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਵੱਲੋਂ ਬਠਿੰਡਾ ਦੀਆਂ ਸੜਕਾਂ 'ਤੇ ਰੋਸ ਮੁਜ਼ਾਹਰਾ ਕਰਕੇ ਪੁਲਿਸ ਵੱਲੋਂ ਲੋਕ ਮਨਾਂ ’ਤੇ ਦਹਿਸ਼ਤ ਪਾਉਣ ਦੇ ਮਨਸੂਬਿਆਂ ਨੂੰ ਚਕਨਾਚੂਰ ਕਰ ਦਿੱਤਾ। ਇਸ ਮੁਜ਼ਾਹਰੇ ਤੋਂ ਪਹਿਲਾਂ ਪੁੱਡਾ ਗਰਾਊਂਡ ’ਚ ਜੁੜੇ ਵਿਸ਼ਾਲ ਇਕੱਠ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਜਿਉਂਦ ਵਿਖੇ ਨੌਜਵਾਨ ਚਰਨਜੀਤ ਸਿੰਘ ਦੀ ਲਤ ਨੂੰ ਚਕਨਾਚੂਰ ਕਰਨ ਤੇ ਨੌਜਵਾਨ ਪ੍ਰਨੀਤ ਸਿੰਘ ਦਾ ਹੱਥ ਦੋਫਾੜ ਕਰਨ ਅਤੇ ਮਜ਼ਦੂਰਾਂ ਕਿਸਾਨਾਂ 'ਤੇ ਜਬਰ ਢਾਹੁਣ ਦੇ ਦੋਸ਼ੀ ਐਸਐਸਪੀ ਜਯੋਤੀ ਯਾਦਵ ਸਮੇਤ ਸਾਰੇ ਅਧਿਕਾਰੀਆਂ ’ਤੇ ਪਰਚੇ ਦਰਜ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ।
ਉਨ੍ਹਾਂ ਜਿਉਂਦ ਵਿਖੇ ਕੀਤੇ ਜ਼ੁਲਮੀ ਕਾਰੇ ਲਈ ਪੰਜਾਬ ਸਰਕਾਰ ਵੱਲੋਂ ਜਨਤਕ ਮੁਆਫ਼ੀ ਮੰਗਣ, ਸੰਘਰਸ਼ ਕਰਨ ਦੇ ਜਮਹੂਰੀ ਹੱਕ ਤੇ ਮੜੀਆਂ ਰੋਕਾਂ ਖ਼ਤਮ ਕਰਨ, ਜ਼ਖਮੀਆਂ ਦੇ ਇਲਾਜ ਤੇ ਹੋਰ ਨੁਕਸਾਨ ਦੀ ਭਰਪਾਈ ਕਰਨ ਅਤੇ ਅੰਦੋਲਨਾਂ ਦੌਰਾਨ ਸੰਘਰਸ਼ਸ਼ੀਲ ਲੋਕਾਂ 'ਤੇ ਬਣੇ ਕੇਸ ਵਾਪਸ ਲੈਣ ਦੀ ਵੀ ਜ਼ੋਰਦਾਰ ਮੰਗ ਕੀਤੀ। ਪੰਜਾਬ ਦੀ ਕਿਸਾਨ ਤੇ ਲੋਕ ਲਹਿਰ ਨੂੰ ਕੁਚਲਣ ਦੇ ਲਈ ਹੀ ਜਾਬਰ ਪੁਲਿਸ ਮਸ਼ਨੀਰੀ ਦੇ ਦੰਦੇ ਆਏ ਦਿਨ ਤਿੱਖੇ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਨੱਥ ਪਾਉਣ ਦੇ ਨਾਂਅ ਹੇਠ ਪੁਲਿਸ ਵੱਲੋਂ ਝੂਠੇ ਪੁਲਿਸ ਮੁਕਾਬਲਿਆਂ ਰਾਹੀਂ ਨੌਜਵਾਨਾਂ ਦੇ ਕਤਲ ਕਰਨ ਤੇ ਲੱਤਾਂ ’ਚ ਗੋਲੀਆਂ ਮਾਰਨ ਵਰਗੇ ਕਾਂਡ ਰਚਾਏ ਜਾ ਰਹੇ ਹਨ। ਸ਼ੁੱਕਰਵਾਰ ਦੇ ਵਿਸ਼ਾਲ ਇਕੱਠ ਵੱਲੋਂ ਬੀਤੇ ਦਿਨੀਂ ਗੁਰਦਾਸਪੁਰ ਪੁਲਿਸ ਵੱਲੋਂ ਨੌਜਵਾਨ ਰਣਜੀਤ ਸਿੰਘ ਨੂੰ ਝੂਠੇ ਪੁਲਿਸ ਮੁਕਾਬਲੇ 'ਚ ਕਤਲ ਕਰਨ ਦੀ ਨਿਖੇਧੀ ਦਾ ਮਤਾ ਪਾਸ ਕਰਕੇ ਇਸਦੀ ਪੰਜਾਬ ਹਰਿਆਣਾ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਤੇ ਦੋਸ਼ੀ ਪੁਲਿਸ ਅਧਿਕਾਰੀਆਂ ਤੇ ਕਤਲ ਦਾ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀ ਜ਼ੋਰਦਾਰ ਮੰਗ ਵੀ ਕੀਤੀ ਗਈ।
-ਬਾਕਸ-
-ਜਿਉਂਦ ’ਚ ਹੰਝੂ ਗੈਸ ਦੇ ਗੋਲੇ, ਬਠਿੰਡਾ ’ਚ ਪਿਆਇਆ ਠੰਢਾ ਪਾਣੀ
18 ਫਰਵਰੀ ਨੂੰ ਜਦੋਂ ਕਿਸਾਨ ਜਿਉਂਦ ਪਿੰਡ ਵਿੱਚ ਇਕੱਠੇ ਹੋਏ ਸਨ ਤਾਂ ਪੁਲਿਸ ਨੇ ਉਨ੍ਹਾਂ ਉੱਪਰ ਹੰਝੂ ਗੈਸ ਦੇ ਗੋਲੇ ਦਾ ਦਾਗੇ ਅਤੇ ਇਕ ਕਿਸਾਨ ਦੀ ਲੱਤ ਚਕਨਾਚੂ ਕਰ ਦਿੱਤੀ, ਜਦੋਂ ਕਿ ਅੱਜ ਬਠਿੰਡਾ ਦੇ ਧਰਨੇ ਦੌਰਾਨ ਪੁਲਿਸ ਨੇ ਕਿਸਾਨਾਂ ਨੂੰ ਠੰਢਾ ਪਾਣੀ ਪਿਆਇਆ। ਕਿਸਾਨਾਂ ਦਾ ਕਹਿਣਾ ਸੀ ਕਿ ਜੇਕਰ ਇਹੀ ਕੰਮ ਪਿੰਡ ਜਿਉਂਦ ਵਿੱਚ ਕੀਤਾ ਹੁੰਦਾ ਤਾਂ ਸ਼ਾਇਦ ਇਹ ਮਸਲਾ ਐਨਾ ਨਾ ਵੱਧਦਾ। ਟਰੈਫਿਕ ਪੁਲਿਸ ਦੇ ਇੰਚਾਰਜ ਮੇਜਰ ਸਿੰਘ ਨੇ ਕਿਸਾਨਾਂ ਨੂੰ ਪਾਣੀ ਦੀਆਂ ਬੋਤਲਾਂ ਵੰਡਣ ਲਈ ਮੋਰਚਾ ਸੰਭਾਲਿਆ ਹੋਇਆ ਸੀ। ਗਰਮੀ ਜਿਆਦਾ ਹੋਣ ਕਾਰਨ ਪਾਣੀ ਦੀ ਲੋੜ ਸੀ, ਜਿਸ ਨੂੰ ਦੇਖਦੇ ਹੋਏ ਪੁਲਿਸ ਨੇ ਪਾਣੀ ਦੀਆਂ ਬੋਤਲਾਂ ਦਾ ਪ੍ਰਬੰਧ ਕੀਤਾ ਹੋਇਆ ਸੀ। ਕਿਸਾਨਾਂ ਨੇ ਪੁਲਿਸ ਤੋਂ ਪਾਣੀ ਦੀਆਂ ਬੋਤਲਾਂ ਲੈ ਕੇ ਆਪਣੀ ਪਿਆਸ ਬੁਝਾਈ।
-ਬਾਕਸ-
-ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਨੇ ਧਰਨਾਕਾਰੀਆਂ ਨੂੰ ਕੀਤਾ ਸੰਬੋਧਨ
ਇਕੱਠ ਨੂੰ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਬਿੰਦੂ ਤੇ ਸ਼ਿੰਗਾਰਾ ਸਿੰਘ ਮਾਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਤਨਾਮ ਸਿੰਘ ਪੰਨੂ, ਬੀਕੇਯੂ ਕ੍ਰਾਂਤੀਕਾਰੀ ਦੀ ਆਗੂ ਸੁਖਵਿੰਦਰ ਕੌਰ , ਬੀਕੇਯੂ ਡਕੌਂਦਾ ਦੇ ਮਨਜੀਤ ਸਿੰਘ ਧਨੇਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਲਛਮਣ ਸਿੰਘ ਸੇਵੇਵਾਲਾ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰੁਲਦੂ ਸਿੰਘ ਮਾਨਸਾ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਕਾਸ਼ ਸਿੰਘ ਨੰਦਗੜ੍ਹ, ਕੁੱਲ ਹਿੰਦ ਕਿਸਾਨ ਸਭਾ ਦੇ ਬਲਕਰਨ ਸਿੰਘ ਬਰਾੜ, ਕਿਰਤੀ ਕਿਸਾਨ ਯੂਨੀਅਨ ਦੇ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਆਲ ਇੰਡੀਆ ਕਿਸਾਨ ਸਭਾ ਦੇ ਕਿਰਨਜੀਤ ਸਿੰਘ ਸੇਖੋਂ, ਪ੍ਰਸਿੱਧ ਸਮਾਜਿਕ ਕਾਰਕੁੰਨ ਹਿਮਾਂਸ਼ੂ ਕੁਮਾਰ, ਜਮਹੂਰੀ ਅਧਿਕਾਰ ਸਭਾ ਦੇ ਆਗੂ ਪਿਰਤਪਾਲ ਸਿੰਘ, ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਦੇ ਕਿਸ਼ਨ ਸਿੰਘ ਸਿੰਘ, ਪੀਐੱਸਯੂ ਲਲਕਾਰ ਦੀ ਆਗੂ ਪਰਮਿੰਦਰ ਕੌਰ, ਪਾਵਰਕਾਮ ਐਂਡ ਟਰਾਸਕੋ ਯੂਨੀਅਨ ਦੇ ਆਗੂ ਬਲਿਹਾਰ ਸਿੰਘ ਕਟਾਰੀਆ, ਜਲ ਸਪਲਾਈ ਐਂਡ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਵਰਿੰਦਰ ਸਿੰਘ ਮੋਮੀ, ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਚੰਦ ਸਿੰਘ, ਜਮਹੂਰੀ ਕਿਸਾਨ ਸਭਾ ਦੇ ਆਗੂ ਜਗਜੀਤ ਸਿੰਘ ਘੁੰਮਣ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਹਥੋਆ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਹਰਭਜਨ ਸਿੰਘ ਬੁੱਟਰ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਰਾਜਿੰਦਰ ਸਿੰਘ ਭਦੌੜ, ਬੀਕੇਯੂ ਏਕਤਾ ਡਕੌਂਦਾ (ਬੁਰਜ ਗਿੱਲ) ਦੇ ਬਲਦੇਵ ਸਿੰਘ ਭਾਈਰੂਪਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਹਰਿੰਦਰ ਸਿੰਘ ਚਨਾਰਥਲ, ਮੋਲਡਰ ਐਂਡ ਸਟੀਲ ਵਰਕਰ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ, ਪਲਸ ਮੰਚ ਦੇ ਆਗੂ ਅਮਲੋਕ ਸਿੰਘ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਗੁਰਮੀਤ ਸਿੰਘ ਸੁਖਪੁਰਾ, ਸੀਟੂ ਦੇ ਆਗੂ ਸ਼ੇਰ ਸਿੰਘ ਫਰਵਾਹੀ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਗੋਬਿੰਦ ਸਿੰਘ ਛਾਜਲੀ, ਬੀਕੇਯੂ ਏਕਤਾ ਅਜ਼ਾਦ ਦੇ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਬੀਕੇਯੂ ਮਾਲਵਾ ਦੇ ਨਛੱਤਰ ਸਿੰਘ ਜੈਤੋ, ਬੀਕੇਯੂ ਭਟੇਰੀ ਦੇ ਗੁਰਧਿਆਨ ਸਿੰਘ , ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਧੰਨਾ ਮੱਲ ਗੋਇਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕੁਲਵੰਤ ਸਿੰਘ ਸੇਲਬਰਾਹ, ਬੀਕੇਯੂ ਰਾਜੇਵਾਲ ਦੇ ਆਗੂ ਗੋਰਾ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਦੇ ਤਰਸੇਮ ਪੀਟਰ, ਦਲਿਤ ਤੇ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਜੁਗਰਾਜ ਸਿੰਘ ਟੱਲੇਵਾਲ, ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰ ਦੇ ਆਗੂ ਬਲਕਾਰ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।