- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਠਿੰਡਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਕਾਸੋ ਆਪਰੇਸ਼ਨ, ਨਸ਼ੇ ਦੇ ਹਾਟ ਸਪਾਟ ਇਲਾਕਿਆਂ ਵਿੱਚ ਚੈਕਿੰਗ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਨਸ਼ੇ ਖ਼ਿਲਾਫ਼ ਚਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਬਠਿੰਡਾ ਪੁਲਿਸ ਵੱਲੋਂ ਸ਼ਨੀਵਾਰ ਨੂੰ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਕਾਸੋ ਆਪਰੇਸ਼ਨ ਚਲਾਇਆ ਗਿਆ। ਇਸ ਆਪ੍ਰੇਸ਼ਨ ਦਾ ਮੁੱਖ ਉਦੇਸ਼ ਨਸ਼ੇ ਦੇ ਹਾਟ ਸਪਾਟ ਮੰਨੇ ਜਾਂਦੇ ਇਲਾਕਿਆਂ ’ਚ ਸਖ਼ਤ ਤਲਾਸ਼ੀ ਅਭਿਆਨ ਚਲਾ ਕੇ ਨਸ਼ਾ ਤਸਕਰਾਂ ’ਤੇ ਨਕੇਲ ਕੱਸਣਾ ਤੇ ਆਮ ਲੋਕਾਂ ’ਚ ਸੁਰੱਖਿਆ ਦਾ ਭਰੋਸਾ ਮਜ਼ਬੂਤ ਕਰਨਾ ਸੀ। ਇਸ ਕਾਸੋ ਆਪਰੇਸ਼ਨ ਦੀ ਅਗਵਾਈ ਡੀਜੀਪੀ ਸਪੈਸ਼ਲ ਡਾ. ਜਤਿੰਦਰ ਜੈਨ, ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਅਤੇ ਐੱਸਐੱਸਪੀ ਬਠਿੰਡਾ ਡਾ. ਜੋਤੀ ਯਾਦਵ ਬੈਂਸ ਨੇ ਖੁਦ ਕੀਤੀ। ‘ਕਾਸੋ’ ਆਪ੍ਰੇਸ਼ਨ ਤਹਿਤ ਬਠਿੰਡਾ ਜ਼ਿਲ੍ਹੇ ਦੇ ਸ਼ਹਿਰੀ ਤੇ ਪਿੰਡਾਂ ਵਾਲੇ ਖੇਤਰਾਂ ਵਿੱਚ ਨਸ਼ਾ ਪ੍ਰਭਾਵਿਤ ਇਲਾਕਿਆਂ ਨੂੰ ਚਾਰੋਂ ਪਾਸਿਆਂ ਤੋਂ ਘੇਰ ਕੇ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ, ਵਾਹਨਾਂ ਤੇ ਸੰਭਾਵਿਤ ਠਿਕਾਣਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ। ਆਪ੍ਰੇਸ਼ਨ ’ਚ ਵੱਖ-ਵੱਖ ਥਾਣਾ ਮੁਖੀਆਂ, ਪੁਲਿਸ ਮੁਲਾਜ਼ਮਾਂ, ਮਹਿਲਾ ਪੁਲਿਸ ਤੇ ਵਿਸ਼ੇਸ਼ ਟੀਮਾਂ ਨੇ ਹਿੱਸਾ ਲਿਆ। ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਡੀਜੀਪੀ ਸਪੈਸ਼ਲ ਡਾ. ਜਤਿੰਦਰ ਜੈਨ ਨੇ ਸਪੱਸ਼ਟ ਹੁਕਮ ਦਿੱਤੇ ਕਿ ਨਸ਼ਾ ਤਸਕਰੀ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਾ ਜਾਵੇ। ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨਸ਼ਾ-ਮੁਕਤ ਸਮਾਜ ਦੇ ਸੰਕਲਪ ’ਤੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਸ ਉਦੇਸ਼ ਲਈ ਲਗਾਤਾਰ ਅਜਿਹੇ ਆਪ੍ਰੇਸ਼ਨ ਚਲਾਏ ਜਾਣਗੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਨਸ਼ੀਲੇ ਪਦਾਰਥਾਂ ਨਾਲ ਜੁੜੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਸਮਾਜ ਵਿੱਚੋਂ ਇਸ ਬੁਰਾਈ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕੇ। ਇਸ ਮੌਕੇ ਡੀਆਈਜੀ ਹਰਜੀਤ ਸਿੰਘ ਨੇ ਦੱਸਿਆ ਕਿ ਕਾਸੋ ਆਪ੍ਰੇਸ਼ਨ ਦੌਰਾਨ ਕਈ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਕੀਤੀ ਅਤੇ ਪੁਰਾਣੇ ਮਾਮਲਿਆਂ ਵਿੱਚ ਲੁੜੀਂਦੇ ਤੇ ਫ਼ਰਾਰ ਚੱਲ ਰਹੇ ਵਿਅਕਤੀਆਂ ਦੀ ਵੀ ਜਾਂਚ ਕੀਤੀ ਗਈ। ਨਸ਼ਾ ਤਸਕਰੀ ਨਾਲ ਜੁੜੇ ਹਰ ਪੱਖ ‘ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਉੱਥੇ ਹੀ ਐੱਸਐੱਸਪੀ ਡਾ. ਜੋਤੀ ਯਾਦਵ ਬੈਂਸ ਨੇ ਕਿਹਾ ਕਿ ਬਠਿੰਡਾ ਪੁਲਿਸ ਨਸ਼ੇ ਦੀ ਸਪਲਾਈ ਚੇਨ ਨੂੰ ਜੜ ਤੋਂ ਤੋੜਨ ਲਈ ਯੋਜਨਾਬੱਧ ਤੇ ਲਗਾਤਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ’ਚ ਵੀ ਇਸ ਤਰ੍ਹਾਂ ਦੇ ਅਚਾਨਕ ਅਤੇ ਵਿਸ਼ਾਲ ਪੱਧਰ ਦੇ ਆਪਰੇਸ਼ਨ ਜਾਰੀ ਰਹਿਣਗੇ। ਐੱਸਐੱਸਪੀ ਨੇ ਇਹ ਵੀ ਜ਼ੋਰ ਦਿੱਤਾ ਕਿ ਨਸ਼ੇ ਖ਼ਿਲਾਫ਼ ਲੜਾਈ ਵਿੱਚ ਸਿਰਫ਼ ਪੁਲਿਸ ਹੀ ਨਹੀਂ, ਸਗੋਂ ਸਮੂਹ ਸਮਾਜ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਪੁਲਿਸ ਵੱਲੋਂ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।