- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਜ਼ਦੂਰ ਦਿਵਸ ਮੌਕੇ ਟਰਾਂਸਪੋਰਟ ਵਿਭਾਗ ਦੇ ਗੇਟਾਂ ’ਤੇ ਗਰਜੇ ਟਰਾਂਸਪੋਰਟ ਦੇ ਕੱਚੇ ਮੁਲਾਜ਼ਮ, ਜੇਲ੍ਹ ਵਿੱਚੋ ਮੁਲਾਜ਼ਮ ਰਿਹਾਅ ਕਰਨ ਦੀ ਕੀਤੀ ਮੰਗ

-ਜੇਲ੍ਹ ’ਚੋ ਮੁਲਾਜ਼ਮ ਰਿਹਾਅ ਕਰਨ ਦੀ ਮੰਗ, 10 ਮਈ ਨੂੰ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ’ਤੇ ਧਰਨੇ ਦਾ ਐਲਾਨ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਮਜ਼ਦੂਰ ਦਿਵਸ ਦੇ ਮੌਕੇ ‘ਤੇ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕਾਂਟ੍ਰੈਕਟ ਵਰਕਰਜ਼ ਯੂਨੀਅਨ ਵੱਲੋਂ ਸੂਬੇ ਭਰ ਦੇ ਡਿਪੂਆਂ ਦੇ ਗੇਟਾਂ ’ਤੇ ਝੰਡੇ ਲਹਿਰਾ ਕੇ ਰੈਲੀਆਂ ਕੀਤੀਆਂ ਗਈਆਂ। ਬਠਿੰਡਾ ਡਿਪੂ ਵਿਚ ਹੋਈ ਰੈਲੀ ਦੌਰਾਨ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ’ਤੇ ਤਿੱਖੀ ਨਾਰਾਜ਼ਗੀ ਜ਼ਾਹਰ ਕਰਦਿਆਂ ਆਉਣ ਵਾਲੇ ਦਿਨਾਂ ਵਿਚ ਵੱਡੇ ਪੱਧਰ ‘ਤੇ ਸੰਘਰਸ਼ ਦਾ ਐਲਾਨ ਕੀਤਾ।
ਰੈਲੀ ਨੂੰ ਸੰਬੋਧਨ ਕਰਦੇ ਹੋਏ ਆਗੂ ਸਰਬਜੀਤ ਸਿੰਘ ਨੇ ਕਿਹਾ ਕਿ 1886 ਵਿਚ ਸ਼ਿਕਾਗੋ ਦੇ ਮਜ਼ਦੂਰਾਂ ਦੀਆਂ ਕੁਰਬਾਨੀਆਂ ਦੇ ਨਤੀਜੇ ਵਜੋਂ 8 ਘੰਟੇ ਦੇ ਕੰਮ ਦਾ ਹੱਕ ਮਿਲਿਆ ਸੀ, ਜਿਸ ਨੂੰ ਅੱਜ ਦੇ ਸਮੇਂ ਵਿਚ ਮੁੜ ਖ਼ਤਰੇ ਵਿਚ ਪਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਲੇਬਰ ਕੋਡਾਂ ਵਿਚ ਸੋਧਾਂ ਰਾਹੀਂ ਮਜ਼ਦੂਰ ਹੱਕਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਪੰਜਾਬ ਸਰਕਾਰ ਵੀ ਇਸ ਮਾਮਲੇ ਵਿਚ ਪਿੱਛੇ ਨਹੀਂ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵਿਚ ਪ੍ਰਾਈਵੇਟ ਬੱਸਾਂ ਨੂੰ ਤਰਜੀਹ ਦੇ ਕੇ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ ਅਤੇ ਵਿਰੋਧ ਕਰਨ ਵਾਲੇ ਕਰਮਚਾਰੀਆਂ ‘ਤੇ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਡਾਲਿਆ ਜਾ ਰਿਹਾ ਹੈ। ਯੂਨੀਅਨ ਵੱਲੋਂ ਇਸਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।
ਡਿਪੂ ਪ੍ਰਧਾਨ ਹਰਤਾਰ ਸ਼ਰਮਾ ਅਤੇ ਹੋਰ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਇਕ ਵੀ ਨਵੀਂ ਸਰਕਾਰੀ ਬੱਸ ਨਹੀਂ ਖਰੀਦੀ, ਜਦਕਿ ਸੈਂਕੜਿਆਂ ਪੁਰਾਣੀਆਂ ਬੱਸਾਂ ਸਪੇਅਰ ਪਾਰਟਾਂ ਦੀ ਘਾਟ ਕਾਰਨ ਖੜੀਆਂ ਹਨ। ਉਨ੍ਹਾਂ ਕਿਹਾ ਕਿ ਕਿਲੋਮੀਟਰ ਸਕੀਮ ਦੇ ਨਾਂ ‘ਤੇ ਪ੍ਰਾਈਵੇਟ ਓਪਰੇਟਰਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਆਊਟਸੋਰਸਿੰਗ ਦੇ ਨਾਂ ‘ਤੇ ਕਰਮਚਾਰੀਆਂ ਨਾਲ ਧੋਖਾਧੜੀ ਹੋ ਰਹੀ ਹੈ ਅਤੇ ਉਨ੍ਹਾਂ ਦੇ ਹੱਕਾਂ ਨਾਲ ਖੇਡਿਆ ਜਾ ਰਿਹਾ ਹੈ। ਇਸ ਮੌਕੇ ਯੂਨੀਅਨ ਵੱਲੋਂ ਆਉਣ ਵਾਲੇ ਸੰਘਰਸ਼ਕਾਰੀ ਪ੍ਰੋਗਰਾਮਾਂ ਦਾ ਵੀ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ 10 ਮਈ ਨੂੰ ਟਰਾਂਸਪੋਰਟ ਮੰਤਰੀ ਦੇ ਹਲਕੇ ਵਿਚ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ। 18 ਮਈ ਨੂੰ ਇਕ ਦਿਨ ਦੀ ਹੜਤਾਲ ਕਰਕੇ ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ, ਜਦਕਿ 25 ਤੋਂ 27 ਮਈ ਤਕ ਤਿੰਨ ਦਿਨਾਂ ਦੀ ਹੜਤਾਲ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਅਣਮਿੱਥੇ ਸਮੇਂ ਲਈ ਹੜਤਾਲ ਅਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।