ਮਨਰੇਗਾ ਸਕੀਮ ਖ਼ਿਲਾਫ ਕਾਂਗਰਸ ਵੱਲੋਂ 11 ਨੂੰ ਭੁੱਚੋ ਵਿਖੇ ਵਿਸ਼ਾਲ ਰੈਲੀ
ਕੇਂਦਰ ਸਰਕਾਰ ਦੀ ਮਨਰੇਗਾ ਸਕੀਮ ਖ਼ਿਲਾਫ ਕਾਂਗਰਸ
Publish Date: Mon, 05 Jan 2026 06:18 PM (IST)
Updated Date: Tue, 06 Jan 2026 04:06 AM (IST)

-ਮਜ਼ਦੂਰਾਂ ਨੂੰ ਲਾਮਬੰਦ ਕਰੇਗੀ ਕਾਂਗਰਸ ਪਾਰਟੀ : ਰਵਿੰਦਰ ਡਾਲਵੀਆਂ ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਨਵੀਂ ਸਕੀਮ ਲਾਗੂ ਕਰਨ ਦੇ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ 11 ਜਨਵਰੀ ਨੂੰ ਭੁੱਚੋ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿਚ ਬਠਿੰਡਾ, ਮਾਨਸਾ, ਮੁਕਤਸਰ ਅਤੇ ਫਰੀਦਕੋਟ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿਚ ਮਜ਼ਦੂਰਾਂ ਅਤੇ ਕਾਂਗਰਸੀ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਸਹਾਇਕ ਇੰਚਾਰਜ ਰਵਿੰਦਰ ਡਾਲਵੀਆਂ ਨੇ ਅੱਜ ਬਠਿੰਡਾ ਵਿਚ ਬਠਿੰਡਾ, ਮਾਨਸਾ, ਮੁਕਤਸਰ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਕਾਂਗਰਸੀ ਆਗੂਆਂ, ਹਲਕਾ ਇੰਚਾਰਜਾਂ, ਜ਼ਿਲ੍ਹਾ ਪ੍ਰਧਾਨਾਂ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਪ੍ਰੈੱਸ ਨਾਲ ਗੱਲਬਾਤ ਦੌਰਾਨ ਦਿੱਤੀ। ਰਵਿੰਦਰ ਡਾਲਵੀਆਂ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਇਸ ਰੈਲੀ ਵਿਚ ਸ਼ਮੂਲੀਅਤ ਕਰੇਗੀ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀ ਮਨਰੇਗਾ ਦੀ ਨਵੀਂ ਸਕੀਮ ਮਜ਼ਦੂਰਾਂ ਤੋਂ ਰੁਜ਼ਗਾਰ ਖੋਹਣ ਦਾ ਸਿਆਸੀ ਹਥਕੰਡਾ ਹੈ, ਜਿਸ ਦਾ ਕਾਂਗਰਸ ਪੂਰੇ ਜ਼ੋਰ ਸ਼ੋਰ ਨਾਲ ਵਿਰੋਧ ਕਰੇਗੀ। ਮਨਰੇਗਾ ਸਕੀਮ ਕਾਂਗਰਸ ਸਰਕਾਰ ਦੇ ਸਮੇਂ ਲਾਗੂ ਕੀਤੀ ਗਈ ਸੀ, ਜਿਸ ਤਹਿਤ ਮਜ਼ਦੂਰਾਂ ਨੂੰ 100 ਦਿਨਾਂ ਦਾ ਰੁਜ਼ਗਾਰ ਮਿਲਦਾ ਸੀ, ਪਰ ਮੌਜੂਦਾ ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਸੂਬਿਆਂ ’ਤੇ ਥੋਪ ਕੇ ਮਜ਼ਦੂਰਾਂ ਦੇ ਹੱਕ ਖੋਹ ਰਹੀ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਵੀ ਲੋਕ ਸਭਾ ਅਤੇ ਰਾਜ ਸਭਾ ਵਿੱਚ ਇਸ ਸਕੀਮ ਦਾ ਡੱਟ ਕੇ ਵਿਰੋਧ ਕੀਤਾ ਗਿਆ ਹੈ। ਮੀਟਿੰਗ ਦੌਰਾਨ 11 ਜਨਵਰੀ ਦੀ ਭੁੱਚੋ ਰੈਲੀ ਲਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਡਿਊਟੀਆਂ ਸੌਂਪੀਆਂ ਗਈਆਂ ਤੇ ਵੱਧ ਤੋਂ ਵੱਧ ਮਜ਼ਦੂਰਾਂ ਨੂੰ ਰੈਲੀ ਵਿੱਚ ਸ਼ਾਮਲ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਰੈਲੀ ਕੇਂਦਰ ਅਤੇ ਪੰਜਾਬ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਇਕ ਵੱਡਾ ਆਗਾਜ਼ ਸਾਬਤ ਹੋਵੇਗੀ। ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਾਜਨ ਗਰਗ ਅਤੇ ਦਿਹਾਤੀ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਨੇ ਹਾਜ਼ਰ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਮੀਟਿੰਗ ਵਿਚ ਸਾਬਕਾ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਸਾਬਕਾ ਵਿਧਾਇਕਾਂ ਸਮੇਤ ਕਾਂਗਰਸ ਦੇ ਵੱਡੀ ਗਿਣਤੀ ਵਿਚ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।