- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਅੰਦਰ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ

-ਹੁਣ ਦੋ ਵਿਅਕਤੀਆਂ ਨਾਲ ਹੋਈਆਂ ਲੁੱਟ-ਖੋਹ ਦੀਆਂ ਵੀਡੀਓਜ਼ ਵਾਇਰਲ, ਲੁਟੇਰਾ ਗਿਰੋਹ ਲੋਕਾਂ ਨੂੰ ਬਣਾ ਰਿਹੈ ਸ਼ਿਕਾਰ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਪੰਜਾਬ ਦੇ ਇਤਿਹਾਸਕ ਸ਼ਹਿਰ ਬਠਿੰਡਾ ਵਿੱਚ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਦਾ ਜਾ ਰਿਹਾ ਹੈ। ਆਏ ਦਿਨ ਸੋਸ਼ਲ ਮੀਡੀਆ ’ਤੇ ਅਪਰਾਧਿਕ ਤੱਤਾਂ ਵੱਲੋਂ ਵਾਰਦਾਤਾਂ ਕਰਦਿਆਂ ਦੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਸ ਨਾਲ ਸ਼ਹਿਰ ਵਾਸੀਆਂ ਦੀ ਚਿੰਤਾ ਹੋਰ ਵੀ ਵੱਧ ਗਈ ਹੈ। ਤਾਜ਼ਾ ਮਾਮਲੇ ਵਿੱਚ ਸਵੇਰ ਸਮੇਂ ਲੋਕਾਂ ਦੀ ਕੁੱਟਮਾਰ ਕਰਕੇ ਲੁੱਟਖੋਹ ਕਰਨ ਦੀਆਂ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਕੁਝ ਨੌਜਵਾਨ ਬੇਖੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਨਜ਼ਰ ਆ ਰਹੇ ਹਨ। ਵਾਇਰਲ ਹੋ ਰਹੀ ਇਕ ਵੀਡੀਓ ਵਿੱਚ ਚਾਰ ਲੁਟੇਰੇ ਇਕ ਵਿਅਕਤੀਆਂ ਨੂੰ ਘੇਰ ਕੇ ਪਹਿਲਾਂ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਦੇ ਹਨ ਤੇ ਫਿਰ ਉਨ੍ਹਾਂ ਦੀਆਂ ਜੇਬਾਂ ਫਰੋਲਦੇ ਨਜ਼ਰ ਆ ਰਹੇ ਹਨ। ਇਹ ਘਟਨਾ ਸਵੇਰ ਦੇ ਸਮੇਂ ਦੀ ਦੱਸੀ ਜਾ ਰਹੀ ਹੈ, ਜਦੋਂ ਅਕਸਰ ਲੋਕ ਸੈਰ ਕਰਨ ਜਾਂ ਆਪਣੇ ਕੰਮਕਾਜ ਲਈ ਘਰੋਂ ਨਿਕਲਦੇ ਹਨ। ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਪੀੜਤ ਡਰ ਦੇ ਮਾਰੇ ਵਿਰੋਧ ਨਹੀਂ ਕਰ ਸਕਦੇ ਅਤੇ ਹਮਲਾਵਰ ਬਿਨਾਂ ਕਿਸੇ ਡਰ ਦੇ ਉਨ੍ਹਾਂ ਨਾਲ ਹਿੰਸਕ ਵਤੀਰਾ ਕਰਦੇ ਹਨ। ਇਸ ਤੋਂ ਪਹਿਲਾਂ ਵੀ ਇਕ ਹੋਰ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਹਨੂੰਮਾਨ ਚੌਂਕ ਇਲਾਕੇ ਅਤੇ ਬਿਰਲਾ ਮਿਲ ਕਲੋਨੀ ਨੇੜੇ ਇਕ ਬਜ਼ੁਰਗ ਵਿਅਕਤੀ ਨੂੰ ਕੁਝ ਨੌਜਵਾਨਾਂ ਵੱਲੋਂ ਫੜ੍ਹ ਕੇ ਸੁੰਨਸਾਨ ਜਗ੍ਹਾ ਵੱਲ ਲਿਜਾਇਆ ਜਾ ਰਿਹਾ ਹੈ। ਉੱਥੇ ਉਸਦੀ ਕੁੱਟਮਾਰ ਕਰਕੇ ਤਲਾਸ਼ੀ ਲਈ ਜਾਂਦੀ ਹੈ। ਬਜ਼ੁਰਗ ਵਾਰ-ਵਾਰ ਕਹਿ ਰਿਹਾ ਹੈ ਕਿ ਉਸ ਕੋਲ ਕੁਝ ਵੀ ਨਹੀਂ ਹੈ, ਪਰ ਹਮਲਾਵਰ ਉਸਦੀ ਗੱਲ ਸੁਣਨ ਦੀ ਬਜਾਏ ਉਸਨੂੰ ਧੱਕੇ ਮਾਰਦੇ ਅਤੇ ਜੇਬਾਂ ਚੈਕ ਕਰਦੇ ਨਜ਼ਰ ਆ ਰਹੇ ਹਨ। ਇਹ ਦ੍ਰਿਸ਼ ਦੇਖ ਕੇ ਲੋਕਾਂ ਵਿੱਚ ਗੁੱਸਾ ਅਤੇ ਅਸੁਰੱਖਿਆ ਦੀ ਭਾਵਨਾ ਹੋਰ ਗਹਿਰੀ ਹੋ ਗਈ ਹੈ। ਇਸੇ ਜਗ੍ਹਾ ’ਤੇ ਹੀ ਇਕ ਨੌਜਵਾਨ ਨੂੰ ਫੜ ਕੇ ਸੁੰਨਸਾਨ ਸਥਾਨ ’ਤੇ ਲਿਜਾਇਆ ਜਾਂਦਾ ਹੈ, ਜਿੱਥੇ ਉਸਦੀ ਕੁੱਟਮਾਰ ਕੀਤੀ ਜਾਂਦੀ ਹੈ। ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਹਮਲਾਵਰ ਪਹਿਲਾਂ ਉਸਨੂੰ ਡਰਾਉਂਦੇ ਹਨ ਅਤੇ ਫਿਰ ਉਸ ਤੋਂ ਨਕਦੀ ਜਾਂ ਹੋਰ ਸਮਾਨ ਦੀ ਮੰਗ ਕਰਦੇ ਹਨ। ਇਹ ਸਾਰੀ ਘਟਨਾ ਵੀ ਸਵੇਰ ਦੇ ਸਮੇਂ ਦੀ ਦੱਸੀ ਜਾ ਰਹੀ ਹੈ, ਜਿਸ ਨਾਲ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਕੋਈ ਗੈਂਗ ਸੁਚੱਜੇ ਢੰਗ ਨਾਲ ਲੋਕਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਇਹ ਦੋਵੇਂ ਘਟਨਾਵਾਂ ਉਥੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈਆਂ ਹਨ।
ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਸਮਾਜ ਸੇਵੀ ਸੋਨੂੰ ਮਹੇਸ਼ਵਰੀ ਨੇ ਕਿਹਾ ਕਿ ਇਹ ਗੈਂਗ ਖ਼ਾਸ ਤੌਰ ’ਤੇ ਸਵੇਰ ਦੇ ਸਮੇਂ ਸਰਗਰਮ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਸੈਰ ਕਰਨ ਜਾਂ ਕੰਮ ਲਈ ਨਿਕਲਣ ਵਾਲੇ ਲੋਕਾਂ ਨੂੰ ਇਕੱਲਾ ਦੇਖ ਕੇ ਇਹ ਉਨ੍ਹਾਂ ਨੂੰ ਘੇਰ ਲੈਂਦੇ ਹਨ ਅਤੇ ਕੁੱਟਮਾਰ ਕਰਕੇ ਲੁੱਟਖੋਹ ਕਰਦੇ ਹਨ। ਉਨ੍ਹਾਂ ਦੱਸਿਆ ਕਿ ਮਹੁੱਲੇ ਦੇ ਲੋਕਾਂ ਨੇ ਰਾਤ ਸਮੇਂ ਕੁੱਝ ਲੋਕਾਂ ਵੱਲੋਂ ਕੁੱਟਮਾਰ ਕਰਨ ਅਤੇ ਇਕ ਵਿਅਕਤੀ ਵੱਲੋਂ ਇਹ ਕਹੇ ਜਾਣ ਕਿ ਉਸ ਕੋਲ ਕੁੱਝ ਨਹੀਂ ਹੈ, ਇਸ ਕੁੱਟਮਾਰ ਨਾ ਕੀਤੀ ਜਾਵੇ, ਬਾਅਦ ਵਿਚ ਜਦੋਂ ਸਵੇਰੇ ਕੈਮਰੇ ਚੈੱਕ ਕੀਤੇ ਤਾਂ ਪਤਾ ਲੱਗਾ ਕਿ ਉਕਤ ਦੋਵੇ ਵਿਅਕਤੀ ਲੁੱਟਮਾਰ ਗੈਂਗ ਦਾ ਸ਼ਿਕਾਰ ਹੋਏ ਹਨ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਗਸ਼ਤ ਵਧਾਈ ਜਾਵੇ ਅਤੇ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਮਜ਼ਬੂਤ ਕੀਤੀ ਜਾਵੇ, ਤਾਂ ਜੋ ਅਪਰਾਧੀਆਂ ਨੂੰ ਜਲਦੀ ਕਾਬੂ ਕੀਤਾ ਜਾ ਸਕੇ। ਸ਼ਹਿਰ ਵਾਸੀਆਂ ਨੇ ਕਿਹਾ ਕਿ ਲਗਾਤਾਰ ਵਾਇਰਲ ਹੋ ਰਹੀਆਂ ਵੀਡੀਓਜ਼ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਰਹੀ ਹੈ। ਮਾਪੇ ਆਪਣੇ ਬੱਚਿਆਂ ਨੂੰ ਇਕੱਲੇ ਬਾਹਰ ਭੇਜਣ ਤੋਂ ਘਬਰਾਉਂਦੇ ਹਨ ਤੇ ਬਜ਼ੁਰਗ ਸਵੇਰ ਦੀ ਸੈਰ ਕਰਨ ਤੋਂ ਵੀ ਕਤਰਾਉਣ ਲੱਗ ਪਏ ਹਨ। ਕਈ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਵਾਇਰਲ ਵੀਡੀਓਜ਼ ਦੇ ਆਧਾਰ ’ਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।