ਮੇਅਰ ਮਹਿਤਾ ਨੇ ਭਾਗੂ ਰੋਡ ਚੌੜਾ ਕਰਨ ਲਈ ਰੱਖਿਆ ਨੀਂਹ ਪੱਥਰ
ਭਾਗੂ ਰੋਡ ਚੌੜਾ ਕਰਨ ਦਾ ਕੰਮ ਸ਼ੁਰੂ, ਮੇਅਰ ਪਦਮਜੀਤ ਸਿੰਘ ਮਹਿਤਾ ਨੇ ਰੱਖਿਆ ਨੀਂਹ ਪੱਥਰ
Publish Date: Wed, 11 Mar 2026 06:13 PM (IST)
Updated Date: Thu, 12 Mar 2026 04:06 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਸਥਾਨਕ ਸ਼ਹਿਰ ਵਿਚ ਟ੍ਰੈਫਿਕ ਦੀ ਸਮੱਸਿਆ ਨੂੰ ਘਟਾਉਣ ਦੇ ਉਦੇਸ਼ ਨਾਲ ਭਾਗੂ ਰੋਡ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਅੱਜ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵੇਰਕਾ ਬੂਥ ਦੇ ਨੇੜੇ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੂਰਾ ਹੋਣ ਤੋਂ ਬਾਅਦ ਨਾ ਸਿਰਫ਼ ਸ਼ਹਿਰ ਵਿਚ ਟ੍ਰੈਫਿਕ ਜਾਮ ਦੀ ਸਮੱਸਿਆ ਘੱਟ ਹੋਵੇਗੀ, ਸਗੋਂ ਇਸ ਖੇਤਰ ਦੀ ਸੁੰਦਰਤਾ ਅਤੇ ਪਛਾਣ ਵਿਚ ਵੀ ਵਾਧਾ ਹੋਵੇਗਾ। ਬੀਡੀਏ ਦਫਤਰ ਤੋਂ ਲੈ ਕੇ ਸੇਂਟ ਜੋਸੇਫ਼ ਸਕੂਲ ਤਕ ਲਗਭਗ ਸਵਾ ਕਿਲੋਮੀਟਰ ਲੰਮੀ ਇਸ ਸੜਕ ਚੌੜਾ ਕਰਨ ਦੀ ਯੋਜਨਾ ਬਣਾਈ ਗਈ ਹੈ। ਲੋਕਾਂ ਨੇ ਪਿਛਲੇ ਕਈ ਸਾਲਾਂ ਤੋਂ ਸੜਕ ਚੌੜਾ ਕਰਨ ਦੀ ਮੰਗ ਕੀਤੀ ਸੀ ਕਿਉਂਕਿ ਤੰਗ ਸੜਕ ਹੋਣ ਕਾਰਨ ਇੱਥੇ ਅਕਸਰ ਟ੍ਰੈਫਿਕ ਜਾਮ ਰਹਿੰਦਾ ਸੀ। ਇਸ ਪ੍ਰੋਜੈਕਟ ਦੇ ਪੂਰੇ ਹੋਣ ਨਾਲ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫੀ ਰਾਹਤ ਮਿਲਣ ਦੀ ਉਮੀਦ ਹੈ। ਹਾਲਾਂਕਿ ਕੁਝ ਦੁਕਾਨਦਾਰਾਂ ਨੇ ਇਸ ਪ੍ਰੋਜੈਕਟ ਨੂੰ ਲੈ ਕੇ ਚਿੰਤਾ ਵੀ ਜਤਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸੜਕ ਚੌੜੀ ਕਰਨ ਦੌਰਾਨ ਉਨ੍ਹਾਂ ਦੀਆਂ ਦੁਕਾਨਾਂ ਹਟਾਈਆਂ ਗਈਆਂ ਤਾਂ ਉਨ੍ਹਾਂ ਦੇ ਰੁਜ਼ਗਾਰ ‘ਤੇ ਅਸਰ ਪੈ ਸਕਦਾ ਹੈ।
ਨਗਰ ਨਿਗਮ ਅਧਿਕਾਰੀਆਂ ਨੇ ਕਿਹਾ ਕਿ ਸੜਕ ਚੌੜੀ ਕਰਨ ਲਈ ਜਿੱਥੇ-ਜਿੱਥੇ ਗੈਰ ਕਾਨੂੰਨੀ ਕਬਜ਼ੇ ਹਨ, ਉਨ੍ਹਾਂ ਨੂੰ ਹਟਾਇਆ ਜਾਵੇਗਾ ਤਾਂ ਜੋ ਯੋਜਨਾ ਨੂੰ ਸਹੀ ਤਰੀਕੇ ਨਾਲ ਪੂਰਾ ਕੀਤਾ ਜਾ ਸਕੇ। ਮੇਅਰ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਇਸ ਸਾਰੇ ਪ੍ਰੋਜੈਕਟ ‘ਤੇ ਲਗਭਗ 1.5 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਨਗਰ ਨਿਗਮ ਦੀ ਕੋਸ਼ਿਸ਼ ਹੈ ਕਿ ਕੰਮ ਜਲਦੀ ਮੁਕੰਮਲ ਕੀਤਾ ਜਾਵੇ। ਅਧਿਕਾਰੀਆਂ ਦੇ ਅਨੁਸਾਰ ਇਸ ਸੜਕ ਨੂੰ ਲਗਭਗ 12 ਮੀਟਰ ਚੌੜਾ ਕੀਤਾ ਜਾਣਾ ਹੈ। ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਦੌਰਾਨੇ ਕੌਂਸਲਰ ਟਹਿਲ ਸਿੰਘ ਬੁੱਟਰ ਨੇ ਪ੍ਰੋਜੈਕਟ ਦੀ ਸ਼ੁਰੂਆਤ ‘ਤੇ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਅਮਰਜੀਤ ਸਿੰਘ ਮਹਿਤਾ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿਚ ਸੀਨੀਅਰ ਡਿਪਟੀ ਮੇਅਰ ਸ਼ਾਮ ਲਾਲ ਜੈਨ, ਕੌਂਸਲਰ ਬਲਰਾਜ ਸਿੰਘ ਪੱਕਾ ਸਮੇਤ ਖੇਤਰ ਦੀਆਂ ਕਈ ਪ੍ਰਮੁੱਖ ਹਸਤੀਆਂ ਤੇ ਸਥਾਨਕ ਲੋਕ ਵੀ ਮੌਜੂਦ ਸਨ। ਲੋਕਾਂ ਨੇ ਆਸ ਜਤਾਈ ਕਿ ਸੜਕ ਚੌੜੀ ਹੋਣ ਨਾਲ ਟ੍ਰੈਫਿਕ ਪ੍ਰਬੰਧਨ ਵਿਚ ਸੁਧਾਰ ਹੋਵੇਗਾ ਅਤੇ ਖੇਤਰ ਦੇ ਵਿਕਾਸ ਨੂੰ ਨਵੀਂ ਗਤੀ ਮਿਲੇਗੀ।