ਮੇਅਰ ਮਹਿਤਾ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਮੇਅਰ ਮਹਿਤਾ ਨੇ ਜਨਤਾ ਦਰਬਾਰ ਵਿਚ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ, ਮੌਕੇ 'ਤੇ ਕੀਤਾ ਹੱਲ
Publish Date: Mon, 19 Jan 2026 04:51 PM (IST)
Updated Date: Tue, 20 Jan 2026 04:06 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼ਹਿਰ ਨੂੰ ਵਿਕਾਸ ਲਈ ਇਕ ਨਵੀਂ ਦਿਸ਼ਾ ਦੇਣ ਦੀ ਵਚਨਬੱਧਤਾ ਨਾਲ ਮੇਅਰ ਪਦਮਜੀਤ ਸਿੰਘ ਮਹਿਤਾ ਨੇ "ਮਿਸ਼ਨ ਵਿਕਸਤ ਬਠਿੰਡਾ" ਮੁਹਿੰਮ ਦੇ ਹਿੱਸੇ ਵਜੋਂ ਜਨਤਾ ਨਗਰ ਵਿਚ ਜਨਤਾ ਦਰਬਾਰ ਲਗਾਇਆ। ਇਸ ਦੌਰਾਨ ਮੇਅਰ ਮਹਿਤਾ ਨੇ ਵਾਰਡ ਦੇ ਵਸਨੀਕਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕੀਤੀ। ਜਨਤਾ ਨਗਰ ਦੀਆਂ ਗਲੀ ਨੰਬਰ 9 ਤੇ 10 ਦੇ ਪ੍ਰਮੁੱਖ ਜਨਤਕ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਜਨਤਾ ਦਰਬਾਰ ’ਚ ਵੱਡੀ ਗਿਣਤੀ ਵਿਚ ਸਥਾਨਕ ਨਾਗਰਿਕ ਸ਼ਾਮਲ ਹੋਏ। ਲੋਕਾਂ ਨੇ ਸੀਵਰੇਜ, ਸੈਨੀਟੇਸ਼ਨ, ਸੜਕਾਂ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮੁੱਦੇ ਚੁੱਕੇ ਤੇ ਮੇਅਰ ਸਾਹਿਬ ਵੱਲੋਂ ਨਗਰ ਨਿਗਮ ਦੀ ਟੀਮ ਨੂੰ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ। ਮੇਅਰ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜਨਤਕ ਸਮੱਸਿਆਵਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਤੇ ਨਿਗਮ ਦਾ ਮੁੱਢਲਾ ਫ਼ਰਜ਼ ਹੈ ਅਤੇ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਠਿੰਡਾ ਨੂੰ ਇਕ ਮਾਡਲ ਸ਼ਹਿਰ ਬਣਾਉਣ ਲਈ ਨਗਰ ਨਿਗਮ ਵੱਲੋਂ ਕਈ ਵੱਡੇ ਵਿਕਾਸ ਪ੍ਰੋਜੈਕਟਾਂ 'ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ’ਚ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਸਥਾਈ ਹੱਲ ਪ੍ਰਦਾਨ ਕਰਕੇ ਬਠਿੰਡਾ ਨੂੰ ਇੱਕ ਸਾਫ਼, ਸੁੰਦਰ ਅਤੇ ਸੁਵਿਧਾਜਨਕ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ।