- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵੱਲੋਂ ਰੋਸ ਮਾਰਚ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਸੱਦੇ ’ਤੇ ਅੱਜ ਬਠਿੰਡਾ ਵਿਖੇ “ਮਹਿੰਗਾਈ ਰੋਕੋ, ਰੁਜ਼ਗਾਰ ਦਿਓ” ਦੇ ਨਾਅਰੇ ਹੇਠ ਮਿੰਨੀ ਸਕੱਤਰੇਤ ਦੇ ਸਾਹਮਣੇ ਸਥਿਤ ਪਾਰਕ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰ ਇਕੱਠੇ ਹੋਏ। ਇਸ ਉਪਰੰਤ ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਰੋਸ ਮਾਰਚ ਵੀ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ ਨੇ ਕਿਹਾ ਕਿ ਪੰਜ ਸੂਬਿਆਂ ਦੀਆਂ ਚੋਣਾਂ ਤੋਂ ਬਾਅਦ ਕੇਂਦਰ ਸਰਕਾਰ ਦਾ ਮਜ਼ਦੂਰ ਤੇ ਆਮ ਲੋਕ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਕਾਰਨ ਮਹਿੰਗਾਈ ਸਿਖਰਾਂ ’ਤੇ ਪਹੁੰਚ ਗਈ ਹੈ, ਜਿਸ ਨਾਲ ਆਮ ਲੋਕਾਂ ਅਤੇ ਮਜ਼ਦੂਰ ਵਰਗ ਦਾ ਜੀਵਨ ਬਹੁਤ ਮੁਸ਼ਕਲ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਕਾਰਨ ਮਜ਼ਦੂਰਾਂ ਨੂੰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਔਖਾ ਹੋ ਗਿਆ ਹੈ ਅਤੇ ਰੋਜ਼ੀ-ਰੋਟੀ ਦੇ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਵੱਲ ਧਿਆਨ ਦੇਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਪਹਿਲ ਦੇ ਰਹੀ ਹੈ। ਹਰਵਿੰਦਰ ਸਿੰਘ ਸੇਮਾ ਨੇ ਪੰਜਾਬ ਸਰਕਾਰ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੌਰਾਨ ਭਗਵੰਤ ਮਾਨ ਸਰਕਾਰ ਰਾਜਨੀਤਿਕ ਗਤੀਵਿਧੀਆਂ ਵਿੱਚ ਰੁੱਝੀ ਰਹੀ, ਜਿਸ ਕਾਰਨ ਮਜ਼ਦੂਰਾਂ ਅਤੇ ਗਰੀਬ ਵਰਗ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਕੇਂਦਰ ਤੇ ਪੰਜਾਬ ਸਰਕਾਰ ਦੋਵੇਂ ਹੀ ਮਜ਼ਦੂਰਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਵਿੱਚ ਅਸਫਲ ਰਹੀਆਂ ਹਨ।
ਇਸ ਦੌਰਾਨ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਖਾਲਸਾ ਪੂਹਲੀ ਨੇ ਕਿਹਾ ਕਿ ਭਵਿੱਖ ’ਚ ਪਿੰਡ-ਪਿੰਡ ਜਾ ਕੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਉਮਜ਼ਦੂਰਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਤੇ ਉਨ੍ਹਾਂ ਹੱਕਾਂ ਦੀ ਰਾਖੀ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ, ਕਿਉਂਕਿ ਬੇਰੁਜ਼ਗਾਰੀ ਤੇ ਹੋਰ ਸਮਾਜਿਕ ਸਮੱਸਿਆਵਾਂ ਕਾਰਨ ਨੌਜਵਾਨ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਪ੍ਰਬੰਧ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ, ਕਿਸਾਨਾਂ ਅਤੇ ਨੌਜਵਾਨਾਂ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਮਜ਼ਦੂਰ ਆਗੂ ਨਿੱਕਾ ਸਿੰਘ, ਰਾਜ ਸਿੰਘ, ਗੁਰਜੰਟ ਸਿੰਘ, ਨਾਇਬ ਸਿੰਘ ਉੱਭਾ, ਮਿੱਠੂ ਸਿੰਘ ਚੁਆਕੇ, ਰਾਣੀ ਕੌਰ ਨਥਾਣਾ ਸਮੇਤ ਹੋਰ ਆਗੂ ਅਤੇ ਵੱਡੀ ਗਿਣਤੀ ਵਿੱਚ ਮਜ਼ਦੂਰ ਹਾਜ਼ਰ ਸਨ।