ਵਿਧਾਇਕ ਗਿੱਲ ਵੱਲੋਂ ਧਾਰਮਿਕ ਸਥਾਨਾਂ ਲਈ ਸ਼ਰਧਾਲੂ ਬੱਸ ਰਾਹੀਂ ਰਵਾਨਾ
ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ
Publish Date: Sun, 15 Feb 2026 05:25 PM (IST)
Updated Date: Mon, 16 Feb 2026 04:04 AM (IST)
-ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਉਪਰਾਲਾ ਬਹੁਤ ਸ਼ਲਾਘਾਯੋਗ
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਐਤਵਾਰ ਨੂੰ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸਥਾਨਕ ਕਿਸ਼ੋਰੀ ਰਾਮ ਰੋਡ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਬਹੁਤ ਸ਼ਲਾਘਾਯੋਗ ਕਦਮ ਹੈ। ਇਸ ਯੋਜਨਾ ਦਾ ਆਮ ਲੋਕਾਂ ’ਚ ਉਤਸ਼ਾਹ ਵਧ ਰਿਹਾ ਹੈ। ਇਸ ਯੋਜਨਾ ਤਹਿਤ ਸ਼ਰਧਾਲੂ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦਾ ਸੁਭਾਗ ਪ੍ਰਾਪਤ ਕਰ ਰਹੇ ਹਨ। ਹਲਕਾ ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਪਿੰਡ ਰਾਮਪੁਰਾ ਤੋਂ ਤੀਰਥ ਯਾਤਰਾ ਲਈ ਬੱਸ ਨੂੰ ਰਵਾਨਾ ਕੀਤਾ ਗਿਆ।
ਇਸ ਦੌਰਾਨ ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ ਪਵਿੱਤਰ ਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ’ਚ ਸਮਾਜਿਕ ਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮ ਵਰਗਾਂ ਦੇ ਲੋਕਾਂ ਲਈ ਖੁੱਲ੍ਹੀ ਹੈ। ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਬਲਜੀਤ ਸਿੰਘ ਬੱਲੀ ਵੱਲੋਂ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਬੀੜ ਬਹਿਮਣ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਝੰਡੀ ਦੇ ਰਵਾਨਾ ਕਰਦਿਆਂ ਕਿਹਾ ਕਿ ਇਹ ਯੋਜਨਾ ਸਿਰਫ ਧਾਰਮਿਕ ਯਾਤਰਾ ਹੀ ਨਹੀਂ, ਸਗੋਂ ਲੋਕਾਂ ਨੂੰ ਆਪਸੀ ਭਾਈਚਾਰੇ ਤੇ ਸਾਂਝੀਵਾਲਤਾ ਦੇ ਸੁਨੇਹੇ ਨਾਲ ਵੀ ਜੋੜਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਨਿਵਾਸੀਆਂ ਨੂੰ ਪੰਜਾਬ ਦੇ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਏ ਜਾ ਰਹੇ ਹਨ। ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਮਹਿਮਾ ਸਵਾਈ, ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਬੁਰਜ ਥਰੋੜ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਬੰਗੀ ਨਿਹਾਲ ਸਿੰਘ ਤੋਂ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ ਕੀਤੀ।