ਵਿਧਾਇਕ ਮਾਈਸਰਖਾਨਾ ਨੇ ਦੱਸੀਆਂ ‘ਆਪ’ ਦੀ ਸਰਕਾਰ ਦੀਆਂ ਪ੍ਰਾਪਤੀਆਂ
ਵਿਧਾਇਕ ਮਾਈਸਰਖਾਨਾ ਨੇ ਪੰਜਾਬ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਕੀਤੀਆਂ ਸਾਂਝੀਆਂ
Publish Date: Sat, 04 Apr 2026 05:03 PM (IST)
Updated Date: Sun, 05 Apr 2026 04:02 AM (IST)
-ਕਿਹਾ, ਪੰਜਾਬ ਸਰਕਾਰ ਨੇ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਵੱਖ-ਵੱਖ ਭਲਾਈ ਸਕੀਮਾਂ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੌੜ ਮੰਡੀ : ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖਾਨਾ ਨੇ ਅੱਜ ਵਿਧਾਨ ਸਭਾ ਹਲਕਾ ਮੌੜ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਮੀਟਿੰਗਾਂ ਕਰਕੇ ਪੰਜਾਬ ਸਰਕਾਰ ਵੱਲੋਂ ਆਪਣੇ ਪਿਛਲੇ 4 ਸਾਲਾਂ ਦੇ ਕਾਰਜ ਕਾਲ ਦੌਰਾਨ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਵਿਧਾਇਕ ਮੌੜ ਮਾਈਸਰਖਾਨਾ ਨੇ ਪਿੰਡ ਸੰਦੋਹਾ, ਟਾਹਲਾ ਸਾਹਿਬ, ਮੰਡੀਕਲਾਂ, ਮੌੜ ਮੰਡੀ ਵਾਰਡ ਨੰਬਰ 13 ਆਦਿ ਦਾ ਦੌਰਾ ਕਰਦਿਆਂ ਲੋਕਾਂ ਨਾਲ ਮੀਟਿੰਗਾਂ ਕਰਕੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਪਣਾ ਕਾਰਜਕਾਲ ਸ਼ੁਰੂ ਹੋਣ ਦੇ ਪਹਿਲੇ ਤਿੰਨ ਮਹੀਨਿਆਂ ਦੌਰਾਨ ਹੀ ਲੋਕਾਂ ਦੇ ਘਰਾਂ ਦੇ ਦੋ ਮਹੀਨਿਆਂ ਦੇ 600 ਯੂਨਿਟ ਮੁਆਫ਼ ਕਰਕੇ ਆਪਣਾ ਵਾਅਦਾ ਪੂਰਾ ਕੀਤਾ, ਜਿਸ ਕਰਕੇ ਹੁਣ ਤੱਕ ਵੀ 90ਫੀਸਦੀ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪਿੰਡਾਂ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨੀ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਿਆ ਜਾ ਸਕੇ। ਇਸ ਤੋਂ ਇਲਾਵਾ 40 ਹਜਾਰ ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਮੁੜ-ਨਿਰਮਾਣ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪਿੰਡਾਂ ਦੇ ਛੱਪੜਾਂ ਨੂੰ ਵੀ ਸਾਫ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਫਤ ਅਤੇ ਕੈਸ਼ਲੈੱਸ ਇਲਾਜ ਸਭ ਤੋਂ ਵਧੀਆ ਨਿੱਜੀ ਹਸਪਤਾਲਾਂ ਵਿੱਚ ਮਿਲ ਰਿਹਾ ਹੈ।
ਇਸ ਤੋਂ ਇਲਾਵਾ ਕਿਸਾਨਾਂ ਨੂੰ ਦਿਨ ਸਮੇਂ ਹੀ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ 65000 ਤੋਂ ਵੱਧ ਬਿਨਾ ਕਿਸੇ ਭੇਦ ਭਾਵ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁਫਤ ਤੀਰਥ ਯਾਤਰਾ ਤਹਿਤ ਸੂਬੇ ਦੇ 50 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਲਈ ਏ.ਸੀ. ਬੱਸ ਸਫਰ, ਏ.ਸੀ. ਰਹਿਣ-ਸਹਿਣ ਅਤੇ ਮੁਫ਼ਤ ਭੋਜਨ ਮੁਹਈਆ ਕਰਵਾਕੇ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਮੌਕੇ ਵੱਖ ਵੱਖ ਪਿੰਡਾਂ ਦੇ ਸਰਪੰਚ, ਪੰਚ, ਹੋਰ ਅਹੁਦੇਦਾਰਾਂ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।