- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਨਿਗਮ ਦੇ ਸਰਕਾਰੀ ਰਿਕਾਰਡ ਨੂੰ ਅੱਗ ਲਗਾਉਣ ਦੇ ਮਾਮਲੇ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

-ਕਮਿਸ਼ਨਰ ਦੇ ਪੱਤਰ ਤੋਂ ਬਾਅਦ ਕੋਤਵਾਲੀ ਪੁਲਿਸ ਵੱਲੋਂ ਜਾਂਚ ਤੇਜ਼
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਨਗਰ ਨਿਗਮ ਬਠਿੰਡਾ ਦੇ ਇਕ ਕਮਰੇ ਵਿੱਚ ਰੱਖੇ ਸਰਕਾਰੀ ਰਿਕਾਰਡ ਨੂੰ ਅੱਗ ਲੱਗਣ ਦੇ ਮਾਮਲੇ ਵਿੱਚ ਥਾਣਾ ਕੋਤਵਾਲੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ ਹੈ। ਇਹ ਕਾਰਵਾਈ ਨਿਗਮ ਕਮਿਸ਼ਨਰ ਵੱਲੋਂ ਲਿਖੇ ਪੱਤਰ ਦੇ ਆਧਾਰ ‘ਤੇ ਕੀਤੀ ਗਈ, ਜਿਸ ’ਚ ਮਾਮਲੇ ਦੀ ਗਹਿਰਾਈ ਨਾਲ ਜਾਂਚ ਦੀ ਮੰਗ ਕੀਤੀ ਗਈ ਸੀ। ਥਾਣਾ ਕੋਤਵਾਲੀ ਦੇ ਇੰਸਪੈਕਟਰ ਪਰਵਿੰਦਰ ਸਿੰਘ ਨੇ ਕੇਸ ਦਰਜ ਹੋਣ ਦੀ ਪੁਸ਼ਟੀ ਕੀਤੀ ਹੈ।
30 ਜਨਵਰੀ 2026 ਦੀ ਰਾਤ ਨਗਰ ਨਿਗਮ ਦਫ਼ਤਰ ਦੇ ਰਿਕਾਰਡ ਰੂਮ ਵਿੱਚ ਅਚਾਨਕ ਅੱਗ ਲੱਗ ਗਈ ਸੀ। ਅੱਗ ਇੰਨੀ ਭਿਆਨਕ ਸੀ ਕਿ ਉਸ ਨੂੰ ਕਾਬੂ ਕਰਨ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ’ਤੇ ਸੱਦਣੀਆਂ ਪਈਆਂ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕਾਫ਼ੀ ਮਿਹਨਤ ਮਗਰੋਂ ਅੱਗ ’ਤੇ ਕਾਬੂ ਪਾਇਆ, ਪਰ ਉਸ ਤੋਂ ਪਹਿਲਾਂ ਕਮਰੇ ’ਚ ਪਿਆ ਜ਼ਿਆਦਾਤਰ ਸਰਕਾਰੀ ਰਿਕਾਰਡ ਸੜ ਕੇ ਰਾਖ ਹੋ ਗਿਆ। ਘਟਨਾ ਤੋਂ ਬਾਅਦ ਸ਼ਹਿਰ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ। ਸੜੇ ਹੋਏ ਰਿਕਾਰਡ ’ਚ ਤੇਲ ਘਪਲੇ ਤੇ ਟੈਂਡਰ ਅਲਾਟਮੈਂਟ ਨਾਲ ਸਬੰਧਿਤ ਦਸਤਾਵੇਜ਼ ਵੀ ਸ਼ਾਮਲ ਸਨ। ਤੇਲ ਘਪਲੇ ਦੀ ਜਾਂਚ ਇਸ ਵੇਲੇ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ। ਹੁਣੇ ਜਿਹੇ ਕੁਝ ਠੇਕੇਦਾਰਾਂ ਨੇ ਟੈਂਡਰ ਪ੍ਰਕਿਰਿਆ ਵਿਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਸੀਬੀਆਈ ਜਾਂਚ ਦੀ ਮੰਗ ਵੀ ਕੀਤੀ ਸੀ। ਇਸ ਪ੍ਰਸੰਗ ਵਿੱਚ ਰਿਕਾਰਡ ਰੂਮ ਵਿੱਚ ਅੱਗ ਲੱਗਣ ਦੀ ਘਟਨਾ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਸੂਤਰਾਂ ਅਨੁਸਾਰ ਪ੍ਰਾਰੰਭਿਕ ਤੌਰ ‘ਤੇ ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅੱਗ ਸਧਾਰਣ ਘਟਨਾ ਨਾ ਹੋ ਕੇ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਵੀ ਹੋ ਸਕਦੀ ਹੈ। ਸ਼ੱਕ ਹੈ ਕਿ ਵਿਜੀਲੈਂਸ ਜਾਂਚ ਵਿੱਚ ਰੁਕਾਵਟ ਪੈਦਾ ਕਰਨ ਜਾਂ ਸੰਭਾਵਿਤ ਸੀਬੀਆਈ ਜਾਂਚ ਨੂੰ ਪ੍ਰਭਾਵਿਤ ਕਰਨ ਦੇ ਮਕਸਦ ਨਾਲ ਸਰਕਾਰੀ ਰਿਕਾਰਡ ਨੂੰ ਨਿਸ਼ਾਨਾ ਬਣਾਇਆ ਗਿਆ ਹੋਵੇ। ਹਾਲਾਂਕਿ ਪੁਲਿਸ ਨੇ ਅਜੇ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਅਤੇ ਹਰ ਪੱਖ ਤੋਂ ਜਾਂਚ ਜਾਰੀ ਹੈ। ਘਟਨਾ ਮਗਰੋਂ ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਸੀ। ਟੀਮ ਨੇ ਮੌਕੇ ਤੋਂ ਨਮੂਨੇ ਇਕੱਠੇ ਕਰਕੇ ਅੱਗ ਲੱਗਣ ਦੇ ਕਾਰਨਾਂ ਦੀ ਵਿਗਿਆਨਕ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਅੱਗ ਸ਼ਾਰਟ ਸਰਕਿਟ ਕਾਰਨ ਲੱਗੀ ਜਾਂ ਜਾਣ-ਬੁੱਝ ਕੇ ਲਗਾਈ ਗਈ। ਜਾਂਚ ਦੌਰਾਨ ਪੁਲਿਸ ਨੇ ਰਿਕਾਰਡ ਰੂਮ ਨੂੰ ਕਵਰ ਕਰਨ ਵਾਲੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਡੀਵੀਆਰ ਦੀ ਤਕਨੀਕੀ ਜਾਂਚ ਕਰਕੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਅੱਗ ਲੱਗਣ ਤੋਂ ਪਹਿਲਾਂ ਅਤੇ ਦੌਰਾਨ ਉੱਥੇ ਕੌਣ-ਕੌਣ ਮੌਜੂਦ ਸੀ। ਸੂਤਰਾਂ ਮੁਤਾਬਕ ਹੁਣ ਤਕ ਪੁਲਿਸ ਨੂੰ ਕੋਈ ਠੋਸ ਸੁਰਾਗ ਨਹੀਂ ਮਿਲਿਆ, ਪਰ ਜਾਂਚ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਥਾਣਾ ਕੋਤਵਾਲੀ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਤਫ਼ਤੀਸ਼ ਰਸਮੀ ਤੌਰ ‘ਤੇ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜੇ ਕਿਸੇ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਨੇ ਨਿਗਮ ਦੀ ਕਾਰਗੁਜ਼ਾਰੀ ਅਤੇ ਰਿਕਾਰਡ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਪ੍ਰਸ਼ਾਸਕੀ ਪੱਧਰ ‘ਤੇ ਰਿਕਾਰਡ ਦੀ ਸੁਰੱਖਿਆ ਤੇ ਡਿਜੀਟਲ ਬੈਕਅੱਪ ਪ੍ਰਣਾਲੀ ਨੂੰ ਮਜ਼ਬੂਤ ਕਰਨ ਬਾਰੇ ਵੀ ਚਰਚਾ ਤੇਜ਼ ਹੋ ਗਈ ਹੈ। ਸ਼ਹਿਰ ਵਾਸੀਆਂ ਦੀ ਨਜ਼ਰ ਹੁਣ ਪੁਲਿਸ ਜਾਂਚ ਦੇ ਨਤੀਜਿਆਂ ‘ਤੇ ਟਿਕੀ ਹੋਈ ਹੈ।