- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗਣਤੰਤਰ ਦਿਵਸ ਮੌਕੇ ਬਠਿੰਡਾ ’ਚ ਲਹਿਰਾਇਆ ਕੌਮੀ ਤਿੰਰਗਾ

-ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਡਕਰ ਨੂੰ ਕੀਤਾ ਸਿਜਦਾ, ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਨੂੰ ਕੀਤਾ ਸਾਂਝਾ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂ ਕਰਨ, ਆਬਕਾਰੀ ਤੇ ਕਰ ਮੰਤਰੀ. ਹਰਪਾਲ ਸਿੰਘ ਚੀਮਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਸਮਾਗਮ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਅਮਿਤ ਰਤਨ ਕੋਟਫੱਤਾ, ਵਿਧਾਇਕ ਭੁੱਚੋ ਮੰਡੀ ਮਾ. ਜਗਸੀਰ ਸਿੰਘ ਅਤੇ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਮੌਜੂਦ ਰਹੇ। ਇਸ ਤੋਂ ਪਹਿਲਾਂ ਚੀਮਾ ਨੇ ਪ੍ਰੇਡ ਦਾ ਨਿਰੀਖਣ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੈ। ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਅੰਬੇਡਕਰ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ।
ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਸੰਬੋਧਨ ਕਰਨ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵੀ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਹੈ। ਪੰਜਾਬ ਸਰਕਾਰ ਨੇ ਧਰਮੀ ਫੌਜੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ। ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ। ਪੰਜਾਬ ਸਰਕਾਰ ਦੀ ਸਿੱਧੀ ਭਰਤੀ ’ਚ 1 ਫੀਸਦੀ ਰਾਖਵਾਂਕਰਨ ਦਾ ਉਪਬੰਧ ਵੀ ਹੈ। ਸਰਕਾਰ ਨੇ ਅਪ੍ਰੈਲ 2022 ਤੋਂ ਹੁਣ ਤੱਕ 63 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸੂਬੇ ਦੇ ਸਕੂਲਾਂ ’ਚ ਨੌਵੇਂ ਪਾਤਸ਼ਾਹ ਦੇ ਜੀਵਨ ਤੇ ਸ਼ਹਾਦਤ ਬਾਰੇ 15-ਦਿਨਾਂ ਦਾ ਵਿੱਦਿਅਕ ਪਾਠਕ੍ਰਮ ਲਿਆਂਦਾ ਗਿਆ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਮਹਿਜ਼ 3.5 ਸਾਲਾਂ ਵਿਚ 36,948 ਕਰੋੜ ਰੁਪਏ ਦਾ ਆਬਕਾਰੀ ਮਾਲੀਆ, 81,417 ਕਰੋੜ ਰੁਪਏ ਦਾ ਜੀਐੱਸਟੀ, ਅਤੇ 19,016 ਕਰੋੜ ਰੁਪਏ ਸਟੈਂਪ ਤੇ ਰਜਿਸਟ੍ਰੇਸ਼ਨ ਤੋਂ ਪ੍ਰਾਪਤ ਕੀਤੇ ਹਨ। ਇਸ ਦੀ ਤੁਲਨਾ ਵਿੱਚ ਕਾਂਗਰਸ ਸਰਕਾਰ ਨੇ ਆਪਣੇ 5 ਸਾਲਾਂ ’ਚ ਆਬਕਾਰੀ ਤੋਂ ਸਿਰਫ 27,395 ਕਰੋੜ ਰੁਪਏ ਅਤੇ ਅਕਾਲੀ-ਭਾਜਪਾ ਸਰਕਾਰ ਨੇ 20,545 ਕਰੋੜ ਰੁਪਏ, ਅਤੇ ਸਟੈਂਪ ਤੇ ਰਜਿਸਟ੍ਰੇਸ਼ਨ ਤੋਂ ਕਾਂਗਰਸ ਨੇ 12,469 ਕਰੋੜ ਰੁਪਏ ਤੇ ਅਕਾਲੀ-ਭਾਜਪਾ ਨੇ 12,387 ਕਰੋੜ ਰੁਪਏ ਪ੍ਰਾਪਤ ਕੀਤੇ ਸਨ। ਸੂਬਾ ਸਰਕਾਰ ਦਾ ਆਪਣਾ ਕਰ ਮਾਲੀਆ 3.5 ਸਾਲਾਂ ਵਿੱਚ 1,86,314 ਕਰੋੜ ਰੁਪਏ ਰਿਹਾ ਹੈ ਅਤੇ ਕਾਂਗਰਸ ਸਰਕਾਰ ਦੇ 5 ਸਾਲਾਂ ਦੇ ਮੁਕਾਬਲੇ, ਅਸੀਂ ਸਿਰਫ਼ ਸਾਢੇ ਤਿੰਨ ਸਾਲਾਂ ਵਿੱਚ ਹੀ 26,900 ਕਰੋੜ ਰੁਪਏ ਤੋਂ ਵੱਧ ਦਾ ਵਾਧਾ ਦਰਜ ਕੀਤਾ ਹੈ।
ਉਨ੍ਹਾਂ ਕਿਹਾ ਕਿ ਅਸੀਂ ਸਿਰਫ ਮਾਲੀਏ ਵਿੱਚ ਵਾਧਾ ਨਹੀਂ ਕੀਤਾ, ਸਗੋਂ ਪੰਜਾਬ ਦੇ ਵਿਕਾਸ 'ਤੇ ਖਰਚ ਵੀ ਕੀਤਾ ਹੈ। ਸਾਡੀ ਸਰਕਾਰ ਨੇ 3.5 ਸਾਲਾਂ ਵਿੱਚ 21,824 ਕਰੋੜ ਰੁਪਏ ਪੂੰਜੀਗਤ ਖਰਚ ਵਜੋਂ ਵਰਤੇ ਹਨ, ਜਦਕਿ ਕਾਂਗਰਸ ਸਰਕਾਰ ਨੇ ਆਪਣੇ ਪੂਰੇ 5 ਸਾਲਾਂ ’ਚ ਸਿਰਫ 19,356 ਕਰੋੜ ਰੁਪਏ ਅਤੇ ਅਕਾਲੀ-ਭਾਜਪਾ ਨੇ 14,641 ਕਰੋੜ ਰੁਪਏ ਵਿਕਾਸ ਕਾਰਜਾਂ ਲਈ ਖਰਚੇ ਸਨ। ਪੰਜਾਬ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿਖੇ ਬੀਟੈੱਕ ’ਚ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਸ਼ੁਰੂ ਕੀਤਾ। ਚੀਮਾ ਨੇ ਸਿਹਤ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਅਤੇ ਚੰਡੀਗੜ੍ਹ ਭਰ ਦੇ ਸਰਕਾਰੀ ਤੇ ਸੂਚੀਬੱਧ ਨਿੱਜੀ ਹਸਪਤਾਲਾਂ ’ਚ 10 ਲਖ ਤੱਕ ਨਕਦ ਰਹਿਤ ਇਲਾਜ ਪ੍ਰਦਾਨ ਕੀਤਾ ਜਾਵੇਗਾ। ਰਿਸ਼ਵਤਖੋਰੀ ਮਿਟਾਉਣ ਲਈ ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ ਵੱਖ-ਵੱਖ ਵਿਭਾਗਾਂ ਦੇ 144 ਮੁਲਾਜ਼ਮਾਂ ਨੂੰ ਤੇ 43 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 1 ਜਨਵਰੀ ਤੋਂ 31 ਦਸੰਬਰ, 2025 ਤੱਕ 18 ਗਜ਼ਟਿਡ ਅਧਿਕਾਰੀਆਂ ਅਤੇ 126 ਨਾਨ-ਗਜ਼ਟਿਡ ਕਰਮਚਾਰੀਆਂ ਨੂੰ ਕਾਬੂ ਕੀਤਾ ਹੈ।
ਵਿੱਤੀ ਸਾਲ 2025-26 ਦੌਰਾਨ 840 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ‘ਤੇ 663 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ, ਜਿਸ ਵਿਚੋਂ 585 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਮੁਲਤਾਨੀਆ ਰੋਡ ‘ਤੇ ਲਗਭਗ 38 ਕਰੋੜ ਰੁਪਏ ਦੀ ਲਾਗਤ ਨਾਲ ਓਵਰ ਬ੍ਰਿਜ, 63.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਰਾਮਪੁਰਾ ਰੇਲਵੇ ਓਵਰ ਬ੍ਰਿਜ, ਜਨਤਾ ਨਗਰ ਰੇਲਵੇ ਅੰਡਰ ਬ੍ਰਿਜ ਲਈ ਵੀ 50.86 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਜਲਦ ਹੀ ਇਸ ਦਾ ਕੰਮ ਸ਼ੁਰੂ ਕੀਤਾ ਜਾਵੇਗਾ। 8.74 ਕਰੋੜ ਰੁਪਏ ਨਾਲ ਹਾਈ-ਟੈੱਕ ਲਾਇਬ੍ਰੇਰੀ, ਬੀਡੀਏ/ਪੁੱਡਾ ਵੱਲੋਂ ਦੋ ਨਵੀਆਂ ਅਰਬਨ ਅਸਟੇਟਾਂ 91 ਏਕੜ ਅਤੇ 120 ਏਕੜ, ਨਗਰ ਸੁਧਾਰ ਟਰੱਸਟ ਬਠਿੰਡਾ ਵਲੋਂ 32.50 ਏਕੜ ਵਿਚ ਕਾਲੋਨੀ ਬਣਾਈ ਜਾ ਰਹੀ ਹੈ। ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਗਿੱਧਾ ਤੇ ਭੰਗੜੇ ਤੋਂ ਇਲਾਵਾ ਦੇਸ਼ ਭਗਤੀ ਨਾਲ ਸਬੰਧਤ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ। ਸਮਾਗਮ ਦੌਰਾਨ ਮੁੱਖ ਮਹਿਮਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਤੋਂ ਇਲਾਵਾ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਦਾ ਸਨਮਾਨ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਸਖਸ਼ੀਅਤਾਂ ਤੇ ਵਧੀਆਂ ਕਾਰਗੁਜਾਰੀ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਨਮਾਨਿਤ ਵੀ ਕੀਤਾ।