- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੋਪਾਲ ਨਗਰ ਅਤੇ ਅਰਜੁਨ ਨਗਰ ’ਚ ਪੀਣ ਵਾਲੇ ਪਾਣੀ ਦੇ ਸੰਕਟ ਖ਼ਿਲਾਫ਼ ਖਾਲੀ ਬਾਲਟੀਆਂ ਲੈ ਕੇ ਪ੍ਰਦਰਸ਼ਨ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਸ਼ਹਿਰ ਦੇ ਗੋਪਾਲ ਨਗਰ ਤੇ ਅਰਜੁਨ ਨਗਰ ਇਲਾਕਿਆਂ ਵਿੱਚ ਪਿਛਲੇ ਪੰਜ ਦਿਨਾਂ ਤੋਂ ਚੱਲ ਰਹੇ ਪੀਣ ਵਾਲੇ ਪਾਣੀ ਦੇ ਭਿਆਨਕ ਸੰਕਟ ਨੂੰ ਲੈ ਕੇ ਸ਼ਨੀਵਾਰ ਨੂੰ ਇਲਾਕਾ ਵਾਸੀਆਂ ਦਾ ਗੁੱਸਾ ਫੁੱਟ ਪਿਆ। ਇਲਾਕੇ ਦੇ ਕੌਸਲਰ ਹਰਵਿੰਦਰ ਸਿੰਘ ਲੱਡੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਮੁਹੱਲਾ ਨਿਵਾਸੀਆਂ ਨੇ ਖਾਲੀ ਬਾਲਟੀਆਂ ਹੱਥਾਂ ਵਿੱਚ ਫੜ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਤੁਰੰਤ ਪਾਣੀ ਦੀ ਸਪਲਾਈ ਬਹਾਲ ਕਰਨ ਦੀ ਮੰਗ ਕੀਤੀ। ਰੋਸ ਮੁਜ਼ਾਹਰੇ ਦੌਰਾਨ ਕੌਂਸਲਰ ਹਰਵਿੰਦਰ ਸਿੰਘ ਲੱਡੂ ਨੇ ਕਿਹਾ ਕਿ ਗੋਪਾਲ ਨਗਰ ਤੇ ਅਰਜੁਨ ਨਗਰ ਵਿੱਚ ਪਿਛਲੇ ਪੰਜ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਭਾਰੀ ਕਮੀ ਬਣੀ ਹੋਈ ਹੈ। ਇਲਾਕੇ ਦੇ ਵਸਨੀਕਾਂ ਨੂੰ ਰੋਜ਼ਾਨਾ ਦੇ ਕੰਮਾਂ ਲਈ ਵੀ ਪਾਣੀ ਉਪਲਬਧ ਨਹੀਂ ਹੋ ਰਿਹਾ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਪਾਣੀ ਦੀ ਕਮੀ ਕਾਰਨ ਸਭ ਤੋਂ ਵੱਧ ਪ੍ਰਭਾਵ ਬੱਚਿਆਂ, ਬਜ਼ੁਰਗਾਂ ਅਤੇ ਮਹਿਲਾਵਾਂ ’ਤੇ ਪੈ ਰਿਹਾ ਹੈ। ਕੌਂਸਲਰ ਲੱਡੂ ਨੇ ਦੱਸਿਆ ਕਿ ਇਸ ਗੰਭੀਰ ਸਮੱਸਿਆ ਸਬੰਧੀ ਨਗਰ ਨਿਗਮ ਅਤੇ ਜਲ ਸਪਲਾਈ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਕਈ ਵਾਰ ਲਿਖਤੀ ਤੇ ਜ਼ੁਬਾਨੀ ਤੌਰ ‘ਤੇ ਜਾਣਕਾਰੀ ਦਿੱਤੀ ਗਈ, ਪਰ ਅਜੇ ਤਕ ਕਿਸੇ ਵੀ ਅਧਿਕਾਰੀ ਵੱਲੋਂ ਇਸ ਮਸਲੇ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਨਿਗਮ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਇਲਾਕੇ ਦੇ ਲੋਕ ਪੀਣ ਵਾਲੇ ਪਾਣੀ ਵਰਗੀ ਮੂਲ ਸੁਵਿਧਾ ਤੋਂ ਵੀ ਵਾਂਝੇ ਹਨ। ਪ੍ਰਦਰਸ਼ਨ ਵਿੱਚ ਸ਼ਾਮਲ ਸਥਾਨਕ ਵਸਨੀਕਾਂ ਨੇ ਦੱਸਿਆ ਕਿ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਉਨ੍ਹਾਂ ਨੂੰ ਮਜਬੂਰੀਵਸ ਜ਼ਮੀਨੀ ਪਾਣੀ ਦੀ ਵਰਤੋਂ ਕਰਨੀ ਪੈ ਰਹੀ ਹੈ, ਜੋ ਸਿਹਤ ਲਈ ਹਾਨੀਕਾਰਕ ਹੋ ਸਕਦੀ ਹੈ। ਕਈ ਵਸਨੀਕਾਂ ਨੇ ਕਿਹਾ ਕਿ ਘਰਾਂ ਵਿੱਚ ਸਾਫ਼ ਪੀਣ ਯੋਗ ਪਾਣੀ ਨਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਇਸ ਰੋਸ ਮੁਜ਼ਾਹਰੇ ’ਚ ਮਹਿਲਾਵਾਂ ਅਤੇ ਬਜ਼ੁਰਗਾਂ ਨੇ ਵੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਮਹਿਲਾਵਾਂ ਨੇ ਕਿਹਾ ਕਿ ਪਾਣੀ ਦੀ ਕਮੀ ਕਾਰਨ ਘਰਾਂ ਵਿੱਚ ਖਾਣਾ ਬਣਾਉਣਾ, ਬਰਤਨ ਧੋਣਾ, ਸਾਫ਼–ਸਫ਼ਾਈ ਕਰਨਾ ਅਤੇ ਹੋਰ ਜ਼ਰੂਰੀ ਕੰਮ ਕਰਨਾ ਬਹੁਤ ਮੁਸ਼ਕਲ ਹੋ ਗਿਆ ਹੈ। ਕਈ ਮਹਿਲਾਵਾਂ ਨੇ ਦੱਸਿਆ ਕਿ ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਉਨ੍ਹਾਂ ਲਈ ਪਾਣੀ ਦੀ ਵਿਵਸਥਾ ਕਰਨਾ ਵੀ ਇਕ ਵੱਡੀ ਚੁਣੌਤੀ ਬਣ ਚੁੱਕੀ ਹੈ। ਲੋਕਾਂ ਨੂੰ ਕਈ ਕਿਲੋਮੀਟਰ ਦੂਰ ਤੋਂ ਪਾਣੀ ਲਿਆਉਣਾ ਪੈ ਰਿਹਾ ਹੈ ਜਾਂ ਮਹਿੰਗੇ ਭਾਅ ’ਤੇ ਪਾਣੀ ਖਰੀਦਣਾ ਪੈ ਰਿਹਾ ਹੈ, ਜੋ ਹਰ ਕਿਸੇ ਲਈ ਸੰਭਵ ਨਹੀਂ। ਗਰੀਬ ਅਤੇ ਮੱਧ ਵਰਗ ਦੇ ਪਰਿਵਾਰ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਰੋਸ ਪ੍ਰਦਰਸ਼ਨ ਦੌਰਾਨ ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਲਾਕੇ ਵਿੱਚ ਪੀਣਯੋਗ ਪਾਣੀ ਦੀ ਸਪਲਾਈ ਨੂੰ ਤੁਰੰਤ ਬਹਾਲ ਕੀਤਾ ਜਾਵੇ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀ ਸਮੱਸਿਆ ਦੁਬਾਰਾ ਨਾ ਆਵੇ, ਇਸ ਲਈ ਕੋਈ ਸਥਾਈ ਹੱਲ ਕੱਢਿਆ ਜਾਵੇ। ਲੋਕਾਂ ਨੇ ਕਿਹਾ ਕਿ ਪਾਣੀ ਵਰਗੀ ਬੁਨਿਆਦੀ ਸਹੂਲਤ ਦੀ ਘਾਟ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਪ੍ਰਦਰਸ਼ਨ ਭਾਵੇਂ ਸ਼ਾਂਤਮਈ ਰਿਹਾ, ਪਰ ਲੋਕਾਂ ਦੇ ਰਵੱਈਏ ਤੋਂ ਸਾਫ਼ ਜ਼ਾਹਰ ਹੋ ਰਿਹਾ ਸੀ ਕਿ ਉਹ ਨਿਗਮ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੋਂ ਕਾਫ਼ੀ ਨਾਰਾਜ਼ ਹਨ। ਲੋਕਾਂ ਨੇ ਚਿਤਾਵਨੀ ਦਿੱਤੀ ਕਿ ਜੇ ਸਮੱਸਿਆ ਜਲਦ ਹੱਲ ਨਾ ਕੀਤੀ, ਤਾਂ ਉਹ ਹੋਰ ਵੱਡੇ ਪੱਧਰ ’ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਹਰਵਿੰਦਰ ਸਿੰਘ ਲੱਡੂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇ ਸ਼ਨਿੱਚਰਵਾਰ ਸ਼ਾਮ ਤਕ ਗੋਪਾਲ ਨਗਰ ਤੇ ਅਰਜੁਨ ਨਗਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਬਹਾਲ ਨਹੀਂ ਕੀਤੀ ਗਈ, ਤਾਂ ਇਲਾਕਾ ਵਾਸੀ ਹੋਰ ਵੀ ਤਿੱਖਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੀ ਪੂਰੀ ਜ਼ਿੰਮੇਵਾਰੀ ਨਗਰ ਨਿਗਮ ਪ੍ਰਸ਼ਾਸਨ ਅਤੇ ਜਲ ਸਪਲਾਈ ਵਿਭਾਗ ਦੀ ਹੋਵੇਗੀ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਜਦ ਤਕ ਇਸ ਸਮੱਸਿਆ ਦਾ ਸਥਾਈ ਹੱਲ ਨਹੀਂ ਕੀਤਾ ਜਾਂਦਾ, ਤਦ ਤਕ ਇਹ ਸੰਘਰਸ਼ ਜਾਰੀ ਰਹੇਗਾ।