- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੈਸ ਸਿਲੰਡਰ ਨਾ ਮਿਲਣ ਤੋਂ ਅੱਕੇ ਲੋਕਾਂ ਨੇ ਸੰਘਰਸ਼ ਵਿੱਢਣ ਦੀ ਦਿੱਤੀ ਚਿਤਾਵਨੀ

ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ : ਰਸੋਈ ਗੈਸ ਸਿਲੰਡਰ ਨਾ ਮਿਲਣ ਤੋਂ ਅੱਕੇ ਲੋਕਾਂ ਨੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਸੰਗਤ ਇੰਡੇਨ ਸਰਵਿਸ ਗੈਸ ਏਜੰਸੀ ਵਿਰੁੱਧ ਵੱਡਾ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਗੈਸ ਏਜੰਸੀ ਦੀ ਲਾਪ੍ਰਵਾਹੀ ਅਤੇ ਖਰਾਬ ਪ੍ਰਬੰਧਾਂ ਕਾਰਨ ਇਲਾਕੇ ਦੇ ਪਿੰਡਾਂ ਤੇ ਸੰਗਤ ਮੰਡੀ ਦੇ ਹਜ਼ਾਰਾਂ ਪਰਿਵਾਰਾਂ ਨੂੰ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਘਰੇਲੂ ਵਰਤੋਂ ਲਈ ਲਾਈਫ਼ ਲਾਈਨ ਸਮਝੇ ਜਾ ਰਹੇ ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕ ਰੋਜ਼ਾਨਾ ਵੱਡੀ ਪਰੇਸ਼ਾਨੀ ਝੱਲ ਰਹੇ ਹਨ ਅਤੇ ਸਰਕਾਰਾਂ ਦੇ ਦਾਅਵੇ ਵੀ ਕਾਗਜ਼ਾਂ ਤਕ ਹੀ ਸੀਮਤ ਨਜ਼ਰ ਆ ਰਹੇ ਹਨ। ਲੋਕਾਂ ਦੀ ਇਸ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਆਗੂ ਰਾਮ ਸਿੰਘ ਕੋਟਗੁਰੂ ਦੀ ਅਗਵਾਈ ਹੇਠ ਗੈਸ ਏਜੰਸੀ ਦੇ ਦਫ਼ਤਰ ਮੂਹਰੇ ਇਕੱਠੇ ਹੋਏ ਲੋਕਾਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ। ਜੇਕਰ ਗੈਸ ਏਜੰਸੀ ਵਾਲਿਆਂ ਵੱਲੋਂ ਆਪਣਾ ਵਤੀਰਾ ਠੀਕ ਨਾ ਕੀਤਾ ਤੇ ਲੋਕਾਂ ਨੂੰ ਖੱਜਲ-ਖੁਆਰ ਕਰਨਾ ਜਾਰੀ ਰੱਖਿਆ ਤਾਂ ਪਿੰਡਾਂ ਦੇ ਲੋਕਾਂ ਵੱਲੋਂ ਗੈਸ ਏਜੰਸੀ ਮੂਹਰੇ ਪੱਕਾ ਧਰਨਾ ਲਗਾਇਆ ਜਾਵੇਗਾ। ਗੈਸ ਏਜੰਸੀ ਦਾ ਆਨਲਾਈਨ ਬੁਕਿੰਗ ਸਿਸਟਮ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ ਅਤੇ ਵਾਰ-ਵਾਰ ਬੁਕਿੰਗ ਨੰਬਰ ਬਦਲੇ ਜਾ ਰਹੇ ਹਨ ਪਰ ਇਸ ਬਾਰੇ ਕਿਸੇ ਨੂੰ ਸੂਚਨਾ ਨਹੀਂ ਦਿੱਤੀ ਜਾਂਦੀ। ਕਈ ਲੋਕਾਂ ਦੀ ਬੁਕਿੰਗ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਕਈ ਕਈ ਦਿਨ ਸਿਲੰਡਰ ਨਹੀਂ ਮਿਲਦੇ, ਜਿਸ ਕਾਰਨ ਲੋਕਾਂ ਨੂੰ ਏਜੰਸੀ ਦੇ ਬਾਹਰ ਲੰਬੀਆਂ ਕਤਾਰਾਂ ’ਚ ਖੜ੍ਹਾ ਹੋਣਾ ਪੈਂਦਾ ਹੈ। ਇਸ ਨਾਲ ਔਰਤਾਂ, ਬਜ਼ੁਰਗਾਂ ਅਤੇ ਮਜ਼ਦੂਰ ਵਰਗ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਸਰਕਾਰਾਂ ਦਾਅਵੇ ਕਰ ਰਹੀਆਂ ਹਨ ਕਿ ਗੈਸ ਦੀ ਕੋਈ ਕਮੀ ਨਹੀਂ ਹੈ, ਪਰ ਜ਼ਮੀਨੀ ਹਕੀਕਤ ਬਿਲਕੁਲ ਉਲਟ ਹੈ। ਆਮ ਲੋਕਾਂ ਨੂੰ ਗੈਸ ਸਿਲੰਡਰਾਂ ਲਈ ਭਟਕਣਾ ਪੈ ਰਿਹਾ ਹੈ ਪ੍ਰੰਤੂ ਕਾਲਾਬਜ਼ਾਰੀ ’ਚ ਗੈਸ ਸਿਲੰਡਰ 2 ਹਜ਼ਾਰ ਤੋਂ ਤਿੰਨ ਹਜ਼ਾਰ ਤਕ ਧੜੱਲੇ ਨਾਲ ਵਿਕ ਰਹੇ ਹਨ, ਜਿਸ ਨਾਲ ਸਰਕਾਰੀ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ।
ਭਾਕਿਯੂ ਏਕਤਾ ਉਗਰਾਹਾਂ ਬਲਾਕ ਸੰਗਤ ਦੇ ਆਗੂਆਂ ਵੱਲੋਂ ਪਿੰਡ ਘੁੱਦਾ ਅਤੇ ਕੋਟਗੁਰੂ ਦੇ ਵਸਨੀਕਾਂ ਸਮੇਤ ਗੈਸ ਏਜੰਸੀ ਦੇ ਮਾਲਕਾਂ ਨਾਲ ਤਿੱਖੀ ਚਰਚਾ ਕੀਤੀ। ਜੇਕਰ ਮਸਲੇ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਲੋਕ ਵੱਡਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ। ਉਨ੍ਹਾਂ ਮੰਗ ਰੱਖੀ ਕਿ ਪਿੰਡਾਂ ’ਚ ਕਰਮਚਾਰੀ ਭੇਜ ਕੇ ਕੇਵਾਈਸੀ ਪ੍ਰਕਿਰਿਆ ਪੂਰੀ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਬੇਲੋੜੀ ਭੱਜ-ਦੌੜ ਤੋਂ ਬਚਾਇਆ ਜਾ ਸਕੇ। ਜੇਕਰ ਆਨਲਾਈਨ ਸਿਸਟਮ ਫੇਲ੍ਹ ਹੈ, ਤਾਂ ਪਹਿਲਾਂ ਵਾਂਗ ਪੁਰਾਣੇ ਢੰਗ ਨਾਲ ਗੈਸ ਦੀ ਵੰਡ ਕੀਤੀ ਜਾਵੇ ਤੇ ਲੋਕਾਂ ਨੂੰ ਤੰਗ ਕਰਨ ਵਾਲੀਆਂ ਸ਼ਰਤਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਗੈਸ ਏਜੰਸੀ ਦੇ ਮਾਲਕਾਂ ਨੇ ਭਰੋਸਾ ਦਿੱਤਾ ਹੈ ਕਿ ਅਗਲੇ ਦੋ ਤਿੰਨ ਦਿਨਾਂ ’ਚ ਸਪਲਾਈ ਸੁਚਾਰੂ ਕੀਤੀ ਜਾਵੇਗੀ ਅਤੇ ਕੰਪਨੀ ਦੇ ਸੇਲਜ਼ ਅਫ਼ਸਰ ਨਾਲ ਮੀਟਿੰਗ ਕਰਵਾਈ ਜਾਵੇਗੀ। ਲੋਕਾਂ ਨੇ ਏਜੰਸੀ ਦੇ ਪ੍ਰਬੰਧਕਾਂ ਦੀ ਨੀਅਤ ’ਤੇ ਸ਼ੱਕ ਜ਼ਾਹਿਰ ਕਰਦੇ ਕਿਹਾ ਕਿ ਜੇਕਰ ਹਾਲਾਤ ਵਿਚ ਸੁਧਾਰ ਨਾ ਕੀਤਾ ਤਾਂ ਇਲਾਕੇ ਦੇ ਲੋਕ ਸੜਕਾਂ ’ਤੇ ਆ ਕੇ ਵੱਡਾ ਸੰਘਰਸ਼ ਵਿੱਢਣਗੇ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਤੇ ਏਜੰਸੀ ਪ੍ਰਬੰਧਨ ਦੀ ਹੋਵੇਗੀ।